- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਹਿੰਗਾਈ ਬੇਕਾਬੂ, ਕੇਂਦਰ ਤੇ ਸੂਬਾ ਸਰਕਾਰ ਲੋਕਾਂ ਨੂੰ ਰਾਹਤ ਦੇਣ ’ਚ ਨਾਕਾਮ : ਰਵਿਸ਼ ਰਾਜ ਸ਼ਰਮਾ

ਸੀਨੀਅਰ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਜਲੰਧਰ : ਕਾਂਗਰਸੀ ਆਗੂ ਤੇ ਪੰਜਾਬ ਬ੍ਰਾਹਮਣ ਵੈੱਲਫੇਅਰ ਬੋਰਡ ਦੇ ਸਾਬਕਾ ਡਾਇਰੈਕਟਰ ਰਵਿਸ਼ ਰਾਜ ਸ਼ਰਮਾ ਨੇ ਦਿਨੋਂ-ਦਿਨ ਵਧ ਰਹੀ ਮਹਿੰਗਾਈ ਨੂੰ ਲੈ ਕੇ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਅਨੁਸਾਰ ਉਪਲੱਬਧ ਅੰਕੜਿਆਂ ਮੁਤਾਬਕ ਥੋਕ ਮੰਡੀਆਂ ’ਚ ਜ਼ਰੂਰੀ ਘਰੇਲੂ ਚੀਜ਼ਾਂ ਦੇ ਭਾਅ ’ਚ 52 ਫ਼ੀਸਦੀ ਤੱਕ ਵਾਧਾ ਹੋ ਚੁੱਕਾ ਹੈ, ਜਿਸ ਨੇ ਰਸੋਈ ਦਾ ਸੁਆਦ ਵਿਗਾੜਨ ਦੇ ਨਾਲ-ਨਾਲ ਪੂਰਾ ਘਰੇਲੂ ਬਜਟ ਹਿਲਾ ਕੇ ਰੱਖ ਦਿੱਤਾ ਹੈ। ਗਰੀਬ ਤੇ ਮੱਧਵਰਗੀ ਪਰਿਵਾਰਾਂ ਲਈ ਘਰ ਦਾ ਖਰਚਾ ਚਲਾਉਣਾ ਮੁਸ਼ਕਲ ਹੁੰਦਾ ਜਾ ਰਿਹਾ ਹੈ। ਉਨ੍ਹਾਂ ਅਨੁਸਾਰ ਕੇਂਦਰ ਸਰਕਾਰ ਮਹਿੰਗਾਈ 'ਤੇ ਕਾਬੂ ਪਾਉਣ ਦੀ ਥਾਂ ਸਿਰਫ਼ ਜੁਮਲਿਆਂ ਦੀ ਸਿਆਸਤ ਕਰ ਰਹੀ ਹੈ, ਜਦਕਿ ਸੂਬਾ ਸਰਕਾਰ ਵੀ ਲੋਕਾਂ ਨੂੰ ਰਾਹਤ ਦੇਣ ਦੇ ਵਾਅਦੇ ਪੂਰੇ ਕਰਨ ’ਚ ਫੇਲ੍ਹ ਰਹੀ ਹੈ। ਚੋਣਾਂ ਸਮੇਂ ਲੋਕਾਂ ਦੇ ਹਿੱਤਾਂ ਦੀ ਗੱਲ ਕਰਨ ਵਾਲੀ ਸੂਬਾ ਸਰਕਾਰ ਨੂੰ ਦੱਸਣਾ ਚਾਹੀਦਾ ਹੈ ਕਿ ਵਧਦੇ ਭਾਅ ਤੋਂ ਪਰੇਸ਼ਾਨ ਲੋਕਾਂ ਨੂੰ ਰਾਹਤ ਦੇਣ ਲਈ ਉਸ ਨੇ ਹੁਣ ਤੱਕ ਕਿਹੜੇ ਕਦਮ ਚੁੱਕੇ ਹਨ। ਰਸੋਈ ਗੈਸ ਤੋਂ ਲੈ ਕੇ ਖਾਣ-ਪੀਣ ਦੀਆਂ ਚੀਜ਼ਾਂ ਤੇ ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ਤੱਕ ਹਰ ਚੀਜ਼ ਮਹਿੰਗੀ ਹੋ ਰਹੀ ਹੈ, ਆਮ ਪਰਿਵਾਰਾਂ ਸਾਹਮਣੇ ਰੋਜ਼ਾਨਾ ਜੀਵਨ ਬਸਰ ਕਰਨ ਦਾ ਗੰਭੀਰ ਸੰਕਟ ਹੈ। ਰਵਿਸ਼ ਰਾਜ ਸ਼ਰਮਾ ਨੇ ਕੇਂਦਰ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜ਼ਰੂਰੀ ਘਰੇਲੂ ਚੀਜ਼ਾਂ ਦੇ ਵਧਦੇ ਭਾਅ 'ਤੇ ਤੁਰੰਤ ਕਾਬੂ ਪਾਇਆ ਜਾਵੇ।