- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਸਾਨਾਂ ਦੀ ਗੰਨੇ ਦੀ ਬਕਾਇਆ ਰਾਸ਼ੀ ਤੁਰੰਤ ਜਾਰੀ ਕਰੇ ਭਗਵੰਤ ਮਾਨ ਸਰਕਾਰ : ਅਵਿਨਾਸ਼ ਰਾਏ ਖੰਨਾ

ਸੀਨੀਅਰ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਜਲੰਧਰ : ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਤੇ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਫਗਵਾੜਾ ਖੰਡ ਮਿੱਲ ਨਾਲ ਸਬੰਧਤ ਗੰਨਾ ਉਤਪਾਦਕ ਕਿਸਾਨਾਂ ਦੀ ਕਰੋੜਾਂ ਰੁਪਏ ਦੀ ਬਕਾਇਆ ਰਾਸ਼ੀ ਜਾਰੀ ਨਾ ਹੋਣ ’ਤੇ ‘ਆਪ’ ਦੀ ਸਰਕਾਰ ਨੂੰ ਕਟਹਿਰੇ ’ਚ ਖੜ੍ਹਾ ਕੀਤਾ ਹੈ। ਇਹ ਬੇਹੱਦ ਮੰਦਭਾਗੀ ਗੱਲ ਹੈ ਕਿ ਅੰਨਦਾਤਾ ਆਪਣੀ ਮਿਹਨਤ ਦੀ ਕਮਾਈ ਲੈਣ ਲਈ ਸੜਕਾਂ ’ਤੇ ਉਤਰਨ ਅਤੇ ਸੰਘਰਸ਼ ਕਰਨ ਲਈ ਮਜਬੂਰ ਹੈ। ਖੰਨਾ ਅਨੁਸਾਰ ਫਗਵਾੜਾ ਸ਼ੂਗਰ ਮਿੱਲ ਵੱਲ ਕਿਸਾਨਾਂ ਦੇ ਲਗਭਗ 27.84 ਕਰੋੜ ਰੁਪਏ ਤੇ ਸਰਕਾਰ ਵੱਲੋਂ ਲਗਭਗ 18.93 ਕਰੋੜ ਰੁਪਏ ਦੀ ਰਾਸ਼ੀ ਬਕਾਇਆ ਹੋਣ ਦਾ ਮਾਮਲਾ ਬੇਹੱਦ ਗੰਭੀਰ ਹੈ। ਕਿਸਾਨਾਂ ਵੱਲੋਂ 26 ਨਵੰਬਰ ਨੂੰ ਦਿੱਲੀ-ਅੰਮ੍ਰਿਤਸਰ ਕੌਮੀ ਮਾਰਗ ਜਾਮ ਕਰਨ ਦੀ ਚਿਤਾਵਨੀ ਦੇਣਾ ਸਰਕਾਰ ਦੀ ਨਾਕਾਮੀ ਦਾ ਸਬੂਤ ਹੈ। ਉਨ੍ਹਾਂ ਕਿਹਾ ਕਿ ‘ਆਪ’ ਨੇ ਸੱਤਾ ’ਚ ਆਉਣ ਤੋਂ ਪਹਿਲਾਂ ਕਿਸਾਨਾਂ ਦੀ ਆਰਥਿਕ ਮਜ਼ਬੂਤੀ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵੱਡੇ-ਵੱਡੇ ਵਾਅਦੇ ਕੀਤੇ, ਪਰ ਅੱਜ ਕਿਸਾਨ ਫ਼ਸਲ ਦੀ ਅਦਾਇਗੀ ਲਈ ਤਰਸ ਰਹੇ ਹਨ। ਸਰਕਾਰ ਦੀਆਂ ਮੀਟਿੰਗਾਂ, ਭਰੋਸੇ ਤੇ ਬਿਆਨਬਾਜ਼ੀ ਨਾਲ ਕਿਸਾਨਾਂ ਦੇ ਘਰਾਂ ਦੇ ਚੁੱਲ੍ਹੇ ਨਹੀਂ ਬਲਦੇ। ਖੰਨਾ ਨੇ ਮੁੱਖ ਮੰਤਰੀ ਮਾਨ ਤੋਂ ਮੰਗ ਕੀਤੀ ਕਿ ਕਿਸਾਨਾਂ ਦੀ ਬਕਾਇਆ ਰਾਸ਼ੀ ਬਿਨਾਂ ਕਿਸੇ ਦੇਰੀ ਦੇ ਤੁਰੰਤ ਜਾਰੀ ਕੀਤੀ ਜਾਵੇ। ਕਿਸਾਨਾਂ ਨੂੰ ਸੰਘਰਸ਼ ਦੇ ਰਾਹ ਪਾਉਣ ਦੀ ਬਜਾਏ ਸਰਕਾਰ ਜ਼ਿੰਮੇਵਾਰੀ ਨਿਭਾਏ।