- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁਕੇਰੀਆਂ ਮਿੱਲ ਧਰਨੇ ਦੌਰਾਨ ਨੌਜਵਾਨ ਦੀ ਮੌਤ ਮਾਮਲੇ ’ਚ ਤਿੰਨ

-ਮਾਮਲਾ ਮੁਕੇਰੀਆਂ ਮਿੱਲ ਧਰਨੇ ਦੌਰਾਨ ਨੌਜਵਾਨ ਦੀ ਮੌਤ ਹੋਣ ਦਾ
-23 ਨੂੰ ਐੱਸਐੱਸਪੀ ਨੂੰ ਸੌਂਪਾਂਗੇ ਮੰਗ-ਪੱਤਰ
ਦਵਿੰਦਰ ਕੁਮਾਰ, ਪੰਜਾਬੀ ਜਾਗਰਣ, ਜਲੰਧਰ : ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਵੱਲੋਂ ਮੁਕੇਰੀਆਂ ਖੰਡ ਮਿੱਲ ਦੇ ਬਾਹਰ ਚੱਲ ਰਹੇ ਕਿਸਾਨ ਧਰਨੇ ਦੌਰਾਨ ਵਾਪਰੇ ਸੜਕ ਹਾਦਸੇ ’ਚ ਨੌਜਵਾਨ ਦੀ ਮੌਤ ਤੇ ਇਸ ਮਾਮਲੇ ’ਚ ਤਿੰਨ ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਵਿਰੁੱਧ ਸੰਘਰਸ਼ ਦਾ ਐਲਾਨ ਕੀਤਾ ਹੈ। ਕਿਸਾਨ ਆਗੂਆਂ ਅਨੁਸਾਰ 15 ਨਵੰਬਰ ਤੋਂ ਮੁਕੇਰੀਆਂ ਖੰਡ ਮਿੱਲ ਦੇ ਬਾਹਰ ਕਿਸਾਨਾਂ ਵੱਲੋਂ ਗੰਨੇ ਦੀ ਫ਼ਸਲ ਦੇ ਢੁੱਕਵੇਂ ਭਾਅ ਤੇ ਖੰਡ ਮਿੱਲਾਂ ਨੂੰ ਸਮੇਂ ਸਿਰ ਚਲਾਉਣ ਦੀ ਮੰਗ ਨੂੰ ਲੈ ਕੇ ਧਰਨਾ ਦਿੱਤਾ ਜਾ ਰਿਹਾ ਸੀ। ਇਸ ਦੌਰਾਨ 17 ਨਵੰਬਰ ਦੀ ਦੇਰ ਰਾਤ ਧਰਨੇ ਵਾਲੀ ਥਾਂ ਨੇੜੇ ਇਕ ਬਾਈਕ ਸਵਾਰ ਨੌਜਵਾਨ ਦਾ ਟਰਾਲੀ ਨਾਲ ਹਾਦਸਾ ਵਾਪਰ ਗਿਆ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਕਿਸਾਨ ਜਥੇਬੰਦੀ ਨੇ ਦੋਸ਼ ਲਾਇਆ ਕਿ ਪੁਲਿਸ ਤੇ ਪ੍ਰਸ਼ਾਸਨ ਦੀ ਲਾਪਰਵਾਹੀ ਕਾਰਨ ਇਹ ਹਾਦਸਾ ਵਾਪਰਿਆ। ਇਸ ਮਾਮਲੇ ’ਚ ਪ੍ਰਸ਼ਾਸਨ ਵੱਲੋਂ ਤਿੰਨ ਬੇਕਸੂਰ ਕਿਸਾਨ ਆਗੂਆਂ ਵਿਰੁੱਧ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਜੇਲ੍ਹ ਭੇਜਿਆ ਗਿਆ ਹੈ। ਕਿਸਾਨਾਂ ਦੇ ਟਰੈਕਟਰਾਂ ਤੇ ਕਾਰਾਂ ਨੂੰ ਵੀ ਪ੍ਰਸ਼ਾਸਨ ਨੇ ਆਪਣੇ ਕਬਜ਼ੇ ’ਚ ਲੈ ਲਿਆ ਹੈ।
ਜਥੇਬੰਦੀ ਵੱਲੋਂ ਐਲਾਨੇ ਸੰਘਰਸ਼ੀ ਪ੍ਰੋਗਰਾਮ ਅਨੁਸਾਰ 23 ਨਵੰਬਰ ਨੂੰ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਵੱਲੋਂ ਐੱਸਐੱਸਪੀ ਨੂੰ ਮੰਗ-ਪੱਤਰ ਸੌਂਪਿਆ ਜਾਵੇਗਾ। ਇਸ ’ਚ ਗ੍ਰਿਫ਼ਤਾਰ ਕੀਤੇ ਕਿਸਾਨ ਆਗੂਆਂ ਦੀ ਰਿਹਾਈ, ਜ਼ਿੰਮੇਵਾਰ ਪ੍ਰਸ਼ਾਸਨਿਕ ਅਧਿਕਾਰੀਆਂ ਵਿਰੁੱਧ ਕਾਰਵਾਈ ਤੇ ਮ੍ਰਿਤਕ ਦੇ ਪਰਿਵਾਰ ਨੂੰ ਯੋਗ ਮਾਲੀ ਮਦਦ ਦੇਣ ਦੀ ਮੰਗ ਕੀਤੀ ਜਾਵੇਗੀ। ਕਿਸਾਨ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ 25 ਨਵੰਬਰ ਤੱਕ ਗ੍ਰਿਫ਼ਤਾਰ ਕੀਤੇ ਕਿਸਾਨ ਆਗੂਆਂ ਨੂੰ ਰਿਹਾਅ ਨਾ ਕੀਤਾ, ਤਾਂ 25 ਨਵੰਬਰ ਨੂੰ ਪੰਜਾਬ ਭਰ ’ਚ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਦੇ ਕੌਮੀ ਕਨਵੀਨਰ ਜਗਜੀਤ ਸਿੰਘ ਡੱਲੇਵਾਲ, ਕਾਕਾ ਸਿੰਘ ਕੋਟੜਾ, ਜਸਵੀਰ ਸਿੰਘ, ਹਰਸੁਲਿੰਦਰ ਸਿੰਘ ਢਿੱਲੋਂ, ਸੁਖਦੇਵ ਸਿੰਘ ਭੋਜਰਾਜ, ਸੁਖਪਾਲ ਸਿੰਘ ਡੱਫਰ, ਅਮਰਜੀਤ ਸਿੰਘ ਰੜਾ, ਰਜਿੰਦਰ ਸਿੰਘ, ਸੋਨੂੰ ਔਲਖ, ਦਿਲਜੀਤ ਸਿੰਘ, ਹਰਦੇਵ ਸਿੰਘ ਚਿੱਟੀ, ਮਲਕੀਤ ਸਿੰਘ, ਸਤਪਾਲ ਸਿੰਘ, ਦਿਲਬਾਗ ਸਿੰਘ, ਮੱਖਣ ਸਿੰਘ, ਹਰਦਿਆਲ ਸਿੰਘ, ਕੁਲਵਿੰਦਰ ਸਿੰਘ ਮਛਿਆਣਾ ਸਮੇਤ ਹੋਰ ਕਿਸਾਨ ਆਗੂ ਵੀ ਮੌਜੂਦ ਸਨ।