- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਿਲਗਾ ਥਾਣਾ ਮੁਖੀ ਦਿਲਬਾਗ ਸਿੰਘ ਖ਼ਿਲਾਫ਼ ਲੱਗੇ ਗੰਭੀਰ ਦੋਸ਼, ਵੱਖ-ਵੱਖ ਦਰਖਾਸਤਾਂ 'ਤੇ ਕਾਰਵਾਈ ਨਾ ਕਰਨ ਦੇ ਲਾਏ ਇਲਜ਼ਾਮ

-ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਸੰਧੂ ਵੱਲੋਂ ਦੋ ਦਿਨਾ ਦਾ ਅਲਟੀਮੇਟਮ
-ਮਸਲੇ ਹੱਲ ਨਾ ਹੋਣ 'ਤੇ ਥਾਣੇ ਦਾ ਘਿਰਾਓ ਕਰਨ ਦੀ ਚਿਤਾਵਨੀ
ਰੇਸ਼ਮ ਲਾਲ, ਪੰਜਾਬੀ ਜਾਗਰਣ, ਬਿਲਗਾ
ਸਥਾਨਕ ਥਾਣੇ ਦੇ ਮੁਖੀ ਦਿਲਬਾਗ ਸਿੰਘ ਖ਼ਿਲਾਫ਼ ਵੱਖ-ਵੱਖ ਪੀੜਤ ਧਿਰਾਂ ਵੱਲੋਂ ਗੰਭੀਰ ਦੋਸ਼ ਲਾਉਂਦਿਆਂ ਪੁਲਿਸ ਦੀ ਕਾਰਗੁਜ਼ਾਰੀ 'ਤੇ ਸਵਾਲ ਖੜ੍ਹੇ ਕੀਤੇ ਹਨ। ਪੀੜਤਾਂ ਅਨੁਸਾਰ ਉਨ੍ਹਾਂ ਵੱਲੋਂ ਕਈ ਵਾਰ ਥਾਣੇ ’ਚ ਦਰਖ਼ਾਸਤਾਂ ਦੇਣ ਤੇ ਇਨਸਾਫ਼ ਦੀ ਗੁਹਾਰ ਲਾਉਣ ਦੇ ਬਾਵਜੂਦ ਕੋਈ ਠੋਸ ਕਾਰਵਾਈ ਨਹੀਂ ਕੀਤੀ ਜਾ ਰਹੀ। ਇਸ ਦੇ ਉਲਟ ਥਾਣਾ ਮੁਖੀ ਵੱਲੋਂ ਦੂਜੀ ਧਿਰ ਦੀ ਮਦਦ ਕਰਨ ਦੇ ਦੋਸ਼ ਵੀ ਲਾਏ ਹਨ। ਇਨ੍ਹਾਂ ਮਾਮਲਿਆਂ ਨੂੰ ਲੈ ਕੇ ਇਕ ਪ੍ਰੈੱਸ ਕਾਨਫਰੰਸ ਹੋਈ। ਪਿੰਡ ਫਰਵਾਲਾ ਦੀ ਵਸਨੀਕ ਤਰਸੇਮ ਕੌਰ ਪਤਨੀ ਮੰਗਲ ਸਿੰਘ ਨੇ ਆਪਣਾ ਪੱਖ ਰੱਖਦਿਆਂ ਦੱਸਿਆ ਕਿ ਉਨ੍ਹਾਂ ਦਾ ਪਰਿਵਾਰ ਪਿਛਲੇ 50-60 ਸਾਲਾਂ ਤੋਂ, ਤਿੰਨ ਪੀੜ੍ਹੀਆਂ ਤੋਂ ਆਪਣੀ ਜ਼ਮੀਨ ਵਾਹੁੰਦਾ ਆ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪਿੰਡ ਦੇ ਇਕ ਵਿਅਕਤੀ ਤੇ 10-12 ਅਣਪਛਾਤੇ ਵਿਅਕਤੀਆਂ ਵੱਲੋਂ ਉਨ੍ਹਾਂ ਦੇ ਖੇਤ ’ਚ ਬੀਜੀ ਹੋਈ ਕਣਕ ਵਾਹ ਕੇ ਆਪਣੀ ਕਣਕ ਬੀਜ ਦਿੱਤੀ ਗਈ ਹੈ। ਉਹ ਪਿਛਲੇ 10-12 ਦਿਨਾਂ ਤੋਂ ਥਾਣੇ ਦੇ ਚੱਕਰ ਕੱਟ ਰਹੇ ਹਨ, ਪਰ ਉਨ੍ਹਾਂ ਦੀ ਸ਼ਿਕਾਇਤ 'ਤੇ ਕੋਈ ਕਾਰਵਾਈ ਨਹੀਂ ਹੋ ਰਹੀ। ਉਨ੍ਹਾਂ ਦਾ ਦੋਸ਼ ਹੈ ਕਿ ਉਨ੍ਹਾਂ ਦੀ ਮਦਦ ਕਰਨ ਦੀ ਬਜਾਏ ਥਾਣਾ ਮੁਖੀ ਦੂਜੀ ਧਿਰ ਦਾ ਪੱਖ ਪੂਰ ਰਹੇ ਹਨ। ਇਸੇ ਤਰ੍ਹਾਂ ਹੇਮ ਰਾਜ ਪੁੱਤਰ ਦਿਆਲ ਚੰਦ ਦਾ ਮਾਮਲਾ ਵੀ ਚੁੱਕਿਆ ਗਿਆ। ਉਹ ਪਿਛਲੇ ਦੋ-ਤਿੰਨ ਸਾਲਾਂ ਤੋਂ ਇਨਸਾਫ਼ ਦੀ ਆਸ ’ਚ ਥਾਣੇ ਦੇ ਚੱਕਰ ਲਗਾ ਰਿਹਾ ਹੈ, ਪਰ ਅਜੇ ਤੱਕ ਉਸ ਦੀ ਸ਼ਿਕਾਇਤ ਸਬੰਧੀ ਕੋਈ ਠੋਸ ਕਾਰਵਾਈ ਨਹੀਂ ਹੋਈ। ਇਸ ਤੋਂ ਇਲਾਵਾ ਪਿੰਡ ਮੌ ਸਾਹਿਬ ਦੇ ਸਾਬਕਾ ਸਰਪੰਚ ਵੱਲੋਂ ਵੀ ਆਪਣਾ ਮਾਮਲਾ ਉਠਾਉਂਦਿਆਂ ਦੋਸ਼ ਲਾਇਆ ਕਿ ਉਨ੍ਹਾਂ ਦੇ ਹੱਕ ਵਿੱਚ ਅਦਾਲਤ ਵੱਲੋਂ ਸਟੇਅ ਆਰਡਰ ਜਾਰੀ ਹੋਣ ਦੇ ਬਾਵਜੂਦ ਬੀਤੀ ਰਾਤ ਉਨ੍ਹਾਂ ਦੀ ਜ਼ਮੀਨ ’ਚੋਂ ਰਸਤਾ ਕਢਵਾ ਦਿੱਤਾ। ਉਨ੍ਹਾਂ ਇਸ ਕਾਰਵਾਈ ਪਿੱਛੇ ਥਾਣਾ ਮੁਖੀ ਦੀ ਸ਼ਹਿ ਹੋਣ ਦਾ ਦੋਸ਼ ਲਗਾਇਆ। ਉਲਟਾ ਉਨ੍ਹਾਂ ਨੂੰ ਹੀ ਥਾਣਾ ਮੁਖੀ ਵੱਲੋਂ ਪੁਲਿਸ ਕੇਸ ਦਰਜ ਕਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।
ਇਸ ਮੌਕੇ ਮੌਜੂਦ ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਸੰਧੂ ਨੇ ਪੁਲਿਸ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਕਤ ਸਾਰੇ ਮਾਮਲਿਆਂ ਦਾ ਇਕ-ਦੋ ਦਿਨਾਂ ਦੇ ਅੰਦਰ ਨਿਪਟਾਰਾ ਨਾ ਕੀਤਾ ਗਿਆ ਤਾਂ ਜਲਦ ਹੀ ਥਾਣਾ ਬਿਲਗਾ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੀੜਤ ਲੋਕਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਤੇ ਪੁਲਿਸ ਨੂੰ ਬਿਨਾਂ ਕਿਸੇ ਪੱਖਪਾਤ ਦੇ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।
ਥਾਣਾ ਮੁਖੀ ਨੇ ਦੋਸ਼ਾਂ ਨੂੰ ਦੱਸਿਆ ਬੇਬੁਨਿਆਦ ਦੂਜੇ ਪਾਸੇ ਜਦੋਂ ਇਸ ਸਬੰਧੀ ਥਾਣਾ ਮੁਖੀ ਦਿਲਬਾਗ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਆਪਣੇ ਖ਼ਿਲਾਫ਼ ਲੱਗੇ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੱਤਾ। ਡੀਐੱਸਪੀ ਨੇ ਕਾਰਵਾਈ ਦਾ ਦਿੱਤਾ ਭਰੋਸਾ ਇਸ ਸਬੰਧੀ ਜਦੋਂ ਡੀਐੱਸਪੀ ਫਿਲੌਰ ਭਾਰਤ ਮਸੀਹ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਸਾਰੇ ਮਾਮਲੇ ਉਨ੍ਹਾਂ ਦੇ ਧਿਆਨ ’ਚ ਹਨ। ਦੋ ਦਿਨ ਪਹਿਲਾਂ ਹੀ ਉਨ੍ਹਾਂ ਵੱਲੋਂ ਐੱਸਐੱਚਓ ਬਿਲਗਾ ਦਿਲਬਾਗ ਸਿੰਘ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ ਕਿ ਮਾਮਲਿਆਂ ਦੀ ਜਾਂਚ ਕਰਕੇ ਜੋ ਵੀ ਦੋਸ਼ੀ ਪਾਇਆ ਜਾਂਦਾ ਹੈ, ਉਸ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।