- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੈਂਕੜੇ ਬਾਈਕ ਸਵਾਰਾਂ ਨੇ ਰੈਲੀ ਰਾਹੀਂ ‘ਪੰਜਾਬ ਅਗੇਂਸਟ ਡਰੱਗਜ਼’ ਦਾ ਦਿੱਤਾ ਸੁਨੇਹਾ

-ਕੈਬਨਿਟ ਮੰਤਰੀ, ਡੀਸੀ, ਸੀਪੀ, ਮੇਅਰ ਤੇ ਚੇਅਰਮੈਨਾਂ ਨੇ ਬਾਈਕ ਰੈਲੀ ਨੂੰ ਵਿਖਾਈ ਝੰਡੀ
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ’ਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਦਾ ਸੱਦਾ ਦਿੰਦਿਆਂ ਪੰਜਾਬ ਦੇ ਬਾਗ਼ਬਾਨੀ, ਸੁਤੰਤਰਤਾ ਸੈਨਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਮੇਅਰ ਵਿਨੀਤ ਧੀਰ, ਪ੍ਰਧਾਨ ਹਾਕੀ ਪੰਜਾਬ ਨਿਤਿਨ ਕੋਹਲੀ, ਸ਼ਾਲੀਨ ਮਿੱਤਰਾ, 'ਨਸ਼ਾ ਮੁਕਤੀ ਮੋਰਚਾ' ਦੇ ਦੋਆਬਾ ਕੋਆਰਡੀਨੇਟਰ ਅਤਿਨ ਅਗਨੀਹੋਤਰੀ, ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਮੰਗਲ ਸਿੰਘ ਬੱਸੀ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ, ਜਲੰਧਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਮਣੀਕ ਸਿੰਘ ਰੰਧਾਵਾ ਤੇ 'ਨਸ਼ਾ ਮੁਕਤੀ ਮੋਰਚਾ' ਦੇ ਜਲੰਧਰ ਕੋਆਰਡੀਨੇਟਰ ਸ਼ੈਂਕੀ ਭਗਤ ਨੇ ਅੱਜ ਸ਼ਹਿਰ ਦੇ ਬਰਲਟਨ ਪਾਰਕ ਤੋਂ ਸੂਬਾ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਬਾਈਕ ਰੈਲੀ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ। 'ਨਸ਼ਾ ਮੁਕਤੀ ਮੋਰਚਾ' ਵੱਲੋਂ ਕਰਵਾਈ ਰੈਲੀ ’ਚ ਜਲੰਧਰ ਤੋਂ ਸੈਂਕੜੇ ਬਾਈਕ ਸਵਾਰਾਂ ਨੇ ਹਿੱਸਾ ਲਿਆ ਤੇ ਸ਼ਹਿਰ ’ਚੋਂ ਲੰਘਦਿਆਂ ‘ਪੰਜਾਬ ਅਗੇਂਸਟ ਡਰੱਗਜ਼’ ਦਾ ਸੁਨੇਹਾ ਦਿੱਤਾ।
ਇਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਇਕ ਫੈਸਲਾਕੁੰਨ ਜੰਗ ਵਿੱਢੀ ਹੋਈ ਹੈ ਤੇ ਇਸ ਮੁਹਿੰਮ ਨੂੰ ਸਮਾਜ ਦੇ ਹਰ ਵਰਗ ਨੂੰ ਨਾਲ ਲੈ ਕੇ ਇਕ ਜਨ-ਅੰਦੋਲਨ ’ਚ ਤਬਦੀਲ ਕਰ ਦਿੱਤਾ ਹੈ। ਭਗਤ ਅਨੁਸਾਰ ਇਸ ਰੈਲੀ ਦਾ ਉਦੇਸ਼ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਮੁਤਾਬਕ ਸੂਬੇ ਨੂੰ ਉਸ ਦੇ ਪੁਰਾਤਨ ਸ਼ਾਨਦਾਰ ਦੌਰ ਵੱਲ ਲਿਜਾਣਾ ਹੈ। ਉਨ੍ਹਾਂ ਨੌਜਵਾਨਾਂ ਨੂੰ ਪੰਜਾਬ ’ਚੋਂ ਨਸ਼ਿਆਂ ਨੂੰ ਖ਼ਤਮ ਕਰਨ ਤੇ ਮੁੱਖ ਮੰਤਰੀ ਦੇ ਰੰਗਲੇ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ’ਚ ਮਦਦ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਬੱਚਿਆਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਤੇ ਨਸ਼ਿਆਂ ਤੋਂ ਦੂਰ ਰੱਖਣ ਲਈ 'ਖੇਡਾਂ ਵਤਨ ਪੰਜਾਬ ਦੀਆਂ' ਵਰਗੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ 'ਖੇਡਾਂ ਵਤਨ ਪੰਜਾਬ ਦੀਆਂ' ਨੂੰ ਬਹੁਤ ਹੀ ਸਫ਼ਲ ਉਪਰਾਲਾ ਦੱਸਿਆ, ਜਿਸ ’ਚ ਸੂਬੇ ਦੇ ਲੱਖਾਂ ਲੋਕਾਂ ਨੇ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਮੁੱਖ ਮੰਤਰੀ, ਪੰਜਾਬ ਦੀ 'ਰੰਗਲਾ ਪੰਜਾਬ' ਦੀ ਸੋਚ ਨੂੰ ਦਰਸਾਉਂਦਾ ਹੈ।
ਇਸ ਜਾਗਰੂਕਤਾ ਮੁਹਿੰਮ ਲਈ ਭਾਗੀਦਾਰਾਂ ਤੇ 'ਨਸ਼ਾ ਮੁਕਤੀ ਮੋਰਚਾ' ਦੀ ਪੂਰੀ ਟੀਮ ਦਾ ਧੰਨਵਾਦ ਕਰਦਿਆਂ ਭਗਤ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਤੇ ਖੇਡਾਂ ਨਾਲ ਜੁੜਨ ਦੀ ਅਪੀਲ ਕੀਤੀ। ਵਿਰੋਧੀ ਪਾਰਟੀਆਂ 'ਤੇ ਨਿਸ਼ਾਨਾ ਵਿੰਨ੍ਹਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰਾਂ ਨੂੰ ਸਿਰਫ਼ ਚੋਣਾਂ ਨੇੜੇ ਆਉਣ 'ਤੇ ਹੀ ਨੌਜਵਾਨਾਂ ਦੀ ਯਾਦ ਆਉਂਦੀ ਹੈ ਤੇ ਮਾਰਚ ਕੱਢਦੀਆਂ ਹਨ, ਜਿਸ ਪਿੱਛੇ ਸਿਰਫ਼ ਵੋਟ-ਬੈਂਕ ਦੀ ਸਿਆਸਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਰਾਹੀਂ ਸੂਬੇ ’ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸੁਹਿਰਦ ਯਤਨ ਕੀਤੇ ਹਨ। ਉਨ੍ਹਾਂ ਨੇ ਸੂਬਾ ਵਾਸੀਆਂ ਨੂੰ ਨਸ਼ਾ ਵਿਰੋਧੀ ਇਸ ਵਿਆਪਕ ਮੁਹਿੰਮ ਨੂੰ ਲਗਾਤਾਰ ਸਮਰਥਨ ਦੇਣ ਦੀ ਅਪੀਲ ਵੀ ਕੀਤੀ।
ਮੀਡੀਆ ਨਾਲ ਗੱਲ ਕਰਦਿਆਂ ਭਗਤ ਨੇ 300 ਯੂਨਿਟ ਮੁਫ਼ਤ ਬਿਜਲੀ, 10 ਲੱਖ ਰੁਪਏ ਦਾ ਸਿਹਤ ਬੀਮਾ, 'ਮਾਵਾਂ-ਧੀਆਂ ਸਤਿਕਾਰ ਯੋਜਨਾ' ਤੇ ਸਿੱਖਿਆ ਪ੍ਰਣਾਲੀ ’ਚ ਲਿਆਂਦੀ ਕ੍ਰਾਂਤੀਕਾਰੀ ਤਬਦੀਲੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਲੋਕ ਜਾਣਦੇ ਹਨ ਕਿ ਪੰਜਾਬ ਦੀ ਭਲਾਈ ਲਈ ਅਸਲ ’ਚ ਕੌਣ ਕੰਮ ਕਰ ਰਿਹਾ ਹੈ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਨ੍ਹਾਂ ਲੋਕ ਭਲਾਈ ਪਹਿਲਕਦਮੀਆਂ ਨੇ ਪੰਜਾਬ ਨੂੰ ਵਿਕਾਸ ਦੀਆਂ ਉੱਚ ਲੀਹਾਂ ’ਤੇ ਪਾਇਆ ਹੈ, ਜਿਸ ਨਾਲ ਸੂਬੇ ਦੇ ਸਾਰੇ ਖੇਤਰਾਂ ਦੀ ਤਰੱਕੀ ਯਕੀਨੀ ਬਣੀ ਹੈ। ਇਸ ਤੋਂ ਪਹਿਲਾਂ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਭੰਗੜਾ ਪੇਸ਼ ਕੀਤਾ ਤੇ ਨਸ਼ਾ-ਵਿਰੋਧੀ ਸਕਿੱਟ ਰਾਹੀਂ ਨਸ਼ਿਆਂ ਤੋਂ ਦੂਰ ਰਹਿਣ ਦਾ ਹੋਕਾ ਦਿੱਤਾ ਗਿਆ। ਇਸੇ ਤਰ੍ਹਾਂ, ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ 'ਤੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ ਤੇ ਲੋਕ ਗਾਇਕ ਦਲਵਿੰਦਰ ਦਿਆਲਪੁਰੀ ਨੇ ਵੀ ਆਪਣੀ ਪੇਸ਼ਕਾਰੀ ਦਿੱਤੀ। ਇਹ ਬਾਈਕ ਰੈਲੀ ਕਪੂਰਥਲਾ ਚੌਕ, ਫੁੱਟਬਾਲ ਚੌਕ ਤੇ ਸ੍ਰੀ ਗੁਰੂ ਰਵਿਦਾਸ ਚੌਕ ਤੋਂ ਹੁੰਦੀ ਹੋਈ ਮਾਡਲ ਟਾਊਨ ਦੇ ਸ਼ਿਵਾਨੀ ਪਾਰਕ ਵਿਖੇ ਸਮਾਪਤ ਹੋਈ, ਜਿੱਥੇ ਪੰਜਾਬ ਖਾਦੀ ਤੇ ਗ੍ਰਾਮ ਉਦਯੋਗ ਬੋਰਡ ਦੇ ਚੇਅਰਮੈਨ ਗਗਨਦੀਪ ਸਿੰਘ ਕਾਕੂ ਆਹਲੂਵਾਲੀਆ, 'ਆਪ' ਆਗੂ ਬਲਵੀਰ ਸਿੰਘ ਪਾਲਾ ਜਲਾਲਪੁਰੀਆ ਤੇ ਸਥਾਨਕ ਵਸਨੀਕਾਂ ਨੇ ਰੈਲੀ ’ਚ ਸ਼ਾਮਲ ਲੋਕਾਂ ਦਾ ਸਵਾਗਤ ਕੀਤਾ।