ਰੇਲਵੇ ਸਟੇਸ਼ਨ ਤੇ ਬੱਸ ਅੱਡੇ ’ਤੇ ਚਲਾਇਆ ਤਲਾਸ਼ੀ ਅਭਿਆਨ ਰੇਲਵੇ ਸਟੇਸ਼ਨ ਤੇ ਬਸ ਸਟੈਂਡ ਤੇ ਚਲਾਇਆ ਤਲਾਸ਼ੀ ਅਭਿਆਨ
Publish Date: Sun, 29 Nov 2026 07:42 PM (IST)
Updated Date: Sun, 29 Nov 2026 07:43 PM (IST)
ਪਾਰਕਿੰਗ ’ਚ ਲੰਮੇ ਸਮੇਂ ਤੋਂ ਖੜ੍ਹੇ ਵਾਹਨਾਂ ਦੀ ਕੀਤੀ ਗਈ ਜਾਂਚ ਰਾਕੇਸ਼ ਗਾਂਧੀ, ਪੰਜਾਬੀ ਜਾਗਰਣ ਜਲੰਧਰ : ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਐਤਵਾਰ ਨੂੰ ਵਿਸ਼ੇਸ਼ ਕਾਸੋ (ਕਾਰਡਨ ਐਂਡ ਸਰਚ ਆਪ੍ਰੇਸ਼ਨ) ਚਲਾਇਆ ਗਿਆ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਆਈਪੀਐੱਸ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਲਾਏ ਗਏ ਇਸ ਵਿਸ਼ੇਸ਼ ਆਪ੍ਰੇਸ਼ਨ ਦੌਰਾਨ ਸ਼ਹਿਰ ਦੇ ਸੰਵੇਦਨਸ਼ੀਲ ਤੇ ਜਨਤਕ ਸਥਾਨਾਂ ’ਤੇ ਪੁਲਿਸ ਟੀਮਾਂ ਵੱਲੋਂ ਬਾਰੀਕੀ ਨਾਲ ਚੈਕਿੰਗ ਕੀਤੀ ਗਈ। ਇਸ ਮੁਹਿੰਮ ਦੀ ਅਗਵਾਈ ਥਾਣਾ ਡਵੀਜ਼ਨ ਨੰਬਰ 3, ਥਾਣਾ ਡਵੀਜ਼ਨ ਨੰਬਰ 6 ਤੇ ਥਾਣਾ ਕੈਂਟ ਦੇ ਐੱਸਐੱਚਓਜ ਵੱਲੋਂ ਕੀਤੀ ਗਈ, ਜਦਕਿ ਕਮਿਸ਼ਨਰੇਟ ਪੁਲਿਸ ਦੀ ਐਂਟੀ-ਸੈਬੋਟਾਜ ਟੀਮ ਨੇ ਵੀ ਇਸ ਆਪ੍ਰੇਸ਼ਨ ’ਚ ਅਹਿਮ ਭੂਮਿਕਾ ਨਿਭਾਈ। ਪੁਲਿਸ ਟੀਮਾਂ ਨੇ ਜਲੰਧਰ ਸਿਟੀ ਰੇਲਵੇ ਸਟੇਸ਼ਨ, ਸਿਟੀ ਬੱਸ ਸਟੈਂਡ ਤੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਸਮੇਤ ਵੱਖ-ਵੱਖ ਮਹੱਤਵਪੂਰਨ ਥਾਵਾਂ ’ਤੇ ਪਹੁੰਚ ਕੇ ਸਖ਼ਤ ਸੁਰੱਖਿਆ ਜਾਂਚ ਕੀਤੀ। ਇਸ ਦੌਰਾਨ ਆਉਣ-ਜਾਣ ਵਾਲੇ ਲੋਕਾਂ ਤੇ ਸ਼ੱਕੀ ਗਤੀਵਿਧੀਆਂ ’ਤੇ ਵਿਸ਼ੇਸ਼ ਨਜ਼ਰ ਰੱਖੀ ਗਈ। ਆਪ੍ਰੇਸ਼ਨ ਦੌਰਾਨ ਕਈ ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ ਤੇ ਉਨ੍ਹਾਂ ਦੀ ਪਛਾਣ ਤੇ ਹੋਰ ਵੇਰਵਿਆਂ ਦੀ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਐਪ ਰਾਹੀਂ ਉਨ੍ਹਾਂ ਦੇ ਪਿਛਲੇ ਅਪਰਾਧਿਕ ਰਿਕਾਰਡ ਦੀ ਵੀ ਪੜਤਾਲ ਕੀਤੀ ਗਈ। ਐਂਟੀ-ਸੈਬੋਟਾਜ ਟੀਮ ਵੱਲੋਂ ਵੀ ਵੱਖ-ਵੱਖ ਥਾਵਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਪਾਰਕਿੰਗ ’ਚ ਲੰਮੇ ਸਮੇਂ ਤੋਂ ਖੜ੍ਹੇ ਵਾਹਨਾਂ ਦੀ ਵੀ ਜਾਂਚ ਕੀਤੀ ਗਈ। ਪੁਲਿਸ ਅਧਿਕਾਰੀਆਂ ਅਨੁਸਾਰ ਇਸ ਵਿਸ਼ੇਸ਼ ਮੁਹਿੰਮ ਦਾ ਮੁੱਖ ਮਕਸਦ ਆਮ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣਾ, ਅਪਰਾਧਿਕ ਗਤੀਵਿਧੀਆਂ ਨੂੰ ਰੋਕਣਾ, ਸੰਵੇਦਨਸ਼ੀਲ ਥਾਵਾਂ ’ਤੇ ਪੁਲਿਸ ਦੀ ਮੌਜੂਦਗੀ ਵਧਾਉਣਾ ਤੇ ਸ਼ਹਿਰ ਵਿੱਚ ਅਮਨ-ਸ਼ਾਂਤੀ ਤੇ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣਾ ਹੈ। ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਸ਼ਹਿਰ ਵਾਸੀਆਂ ਦੀ ਸੁਰੱਖਿਆ ਲਈ ਅਜਿਹੀਆਂ ਵਿਸ਼ੇਸ਼ ਚੈਕਿੰਗ ਤੇ ਸਰਚ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ, ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਸਮੇਂ ਸਿਰ ਰੋਕਿਆ ਜਾ ਸਕੇ ਤੇ ਲੋਕਾਂ ’ਚ ਸੁਰੱਖਿਆ ਦੀ ਭਾਵਨਾ ਹੋਰ ਮਜ਼ਬੂਤ ਕੀਤੀ ਜਾ ਸਕੇ।