ਪੰਜਾਬੀ ਜਾਗਰਣ ਪ੍ਰਤੀਨਿਧ,ਜਲੰਧਰ : ਮਾਡਲ ਟਾਊਲ ਸਥਿਤ ਨਿੱਕੂ ਪਾਰਕ ਵਿੱਚ ਵੱਖ-ਵੱਖ ਮਨੋਰੰਜਕ ਗਤੀਵਿਧੀਆ ਨੂੰ ਹੋਰ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਾਰਕ ਦੇ ਸੁੰਦਰੀਕਰਨ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਪਾਰਕ 'ਚ ਆਉਣ ਵਾਲੇ ਲੋਕਾਂ ਨੂੰ ਨਵਾਂ ਅਨੁਭਵ ਮਹਿਸੂਸ ਹੋਵੇਗਾ। ਨਿੱਕੂ ਪਾਰਕ ਜੋ ਕਿ ਕੋਵਿਡ-19 ਮਹਾਮਾਰੀ ਕਰਕੇ ਪਿਛਲੇ ਇਕ ਸਾਲ ਤੋਂ ਬੰਦ ਰਹਿਣ ਕਰਕੇ ਦੇਖ ਭਾਲ ਦੀ ਘਾਟ ਹੋਣ ਕਰਕੇ ਖਸਤਾ ਹਾਲਤ ਵਿੱਚ ਸੀ। ਜਿਸ ਕਾਰਨ ਡਿਪਟੀ ਕਮਿਸ਼ਨਰ ਵਲੋਂ ਦੋ ਮਹੀਨੇ ਪਹਿਲਾਂ ਇਸ ਪਾਰਕ ਦਾ ਦੌਰਾ ਕਰਕੇ ਇਸ ਦੇ ਸੁੰਦਰੀਕਰਨ ਨੂੰ ਮੁੜ ਬਹਾਲ ਕਰਨ ਲਈ 5 ਲੱਖ ਰੁਪਏ ਦੇ ਫੰਡ ਜਾਰੀ ਕੀਤੇ ਗਏ ਸਨ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦਸਿਆ ਕਿ ਇਸ ਪਾਰਕ ਨੂੰ ਨਵੀਂ ਦਿੱਖ ਦੇਣ ਤੋਂ ਇਲਾਵਾ ਪਿਛਲੇ ਦੋ ਮਹੀਨਿਆਂ ਤੋਂ ਇਸ ਦੀ ਮੁਰੰਮਤ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਪਾਰਕ ਵਿੱਚ ਸਾਰੇ ਝੂਲੇ ਅਤੇ ਸਲਾਈਡਾਂ ਜਿਸ ਵਿੱਚ ਮਨੋਰੰਜਕ ਬੱਸ, ਫ਼ੁਹਾਰੇ, ਰੇਲ, ਮਿਊਜ਼ਿਕ ਫ਼ੁਹਾਰੇ , ਫਲੱਡ ਲਾਈਟਾਂ ਅਤੇ ਹੋਰ ਚੀਜ਼ਾਂ ਨੂੰ ਚਾਲੂ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਾਰਕ ਵਿੱਚ ਰੰਗ-ਰੋਗਨ ਦਾ ਕੰਮ ਚੱਲ ਰਿਹਾ ਹੈ ਜਿਸ ਨੂੰ ਆਉਣ ਵਾਲੇ ਕੁਝ ਦਿਨਾਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਿੱਕੂ ਪਾਰਕ ਦੇ ਸਾਰੇ ਕੰਮਾਂ 'ਤੇ 5,41,428 ਰੁਪਏ ਖ਼ਰਚੇ ਜਾ ਚੁੱਕੇ ਹਨ ਅਤੇ ਨਵੇਂ ਕੰਮਾਂ ਜਿਸ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਉਣਾ ਅਤੇ ਹੋਰ ਝੂਲਿਆਂ ਦੀ ਮੁਰੰਮਤ ਦਾ ਕੰਮ ਸ਼ਾਮਿਲ ਹੈ ਨੂੰ ਵੀ ਜਲਦ ਸ਼ੁਰੂ ਕੀਤਾ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਨੇ ਪਾਰਕ ਦੀ ਸੁੰਦਰਤਾ ਨੂੰ ਬਹਾਲ ਕਰਨ ਬਾਰੇ ਦੀ ਕਿਹਾ ਕਿ ਪਾਰਕ ਵਿੱਚ ਹੋਰ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਵਲੋਂ ਪਾਰਕ ਦੀ ਸਾਂਭ ਸੰਭਾਲ ਨੂੰ ਯਕੀਨੀ ਬਣਾਉਣ ਲਈ ਜੁਆਇੰਟ ਕਮਿਸ਼ਨਰ ਨਗਰ ਨਿਗਮ ਹਰਚਰਨ ਸਿੰਘ ਦੀ ਪ੍ਰਧਾਨਗੀ ਹੇਠ ਕਮੇਟੀ ਦਾ ਵੀ ਗਠਨ ਕੀਤਾ ਜਾ ਚੁੱਕਾ ਹੈ।

ਜੁਆਇੰਟ ਕਮਿਸ਼ਨਰ ਹਰਚਰਨ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਾਰਕ ਦੀ ਨੁਹਾਰ ਬਦਲਣ ਉਪਰੰਤ ਇਥੇ ਆਉਣ ਵਾਲਿਆਂ ਦੀ ਗਿਣਤੀ ਵਿੱਚ ਵੱਡਾ ਵਾਧਾ ਹੋਵੇਗਾ।