ਚਾਰ ਸਾਲ ਪੂਰੇ ਹੋਣ ’ਤੇ ਸਰਕਾਰ ਦੀਆਂ ਉਪਲਬਧੀਆਂ ਲੋਕਾਂ ਤੱਕ ਨਿਤਿਨ ਕੋਲੀ ਵੱਲੋਂ ਹਰ ਵਾਰਡ ’ਚ ਮੀਟਿੰਗਾਂ ਦਾ ਦੌਰ

-ਕੋਹਲੀ ਨੇ ਦੋ ਦਿਨਾਂ ’ਚ ਦਰਜਨ ਦੇ ਕਰੀਬ ਮੀਟਿੰਗਾਂ ਕਰਕੇ ਲੋਕਾਂ ਨਾਲ ਸਿੱਧਾ ਸੰਪਰਕ ਕੀਤਾ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ ’ਤੇ ਜਲੰਧਰ ਸੈਂਟਰਲ ’ਚ ਵੱਡੇ ਪੱਧਰ ’ਤੇ ਲੋਕ ਸੰਪਰਕ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਜਲੰਧਰ ਸੈਂਟਰਲ ਦੇ ਹਲਕਾ ਇੰਚਾਰਜ ਨਿਤਿਨ ਕੋਲੀ ਵੱਲੋਂ ਵੱਖ-ਵੱਖ ਵਾਰਡਾਂ ’ਚ ਮੀਟਿੰਗਾਂ ਕਰਕੇ ਸਰਕਾਰ ਦੀਆਂ ਉਪਲੱਬਧੀਆਂ ਲੋਕਾਂ ਤੱਕ ਪਹੁੰਚਾਈਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਿਤਿਨ ਕੋਲੀ ਨੇ ਦੱਸਿਆ ਕਿ ਪਿਛਲੇ ਦੋ ਦਿਨਾਂ ’ਚ ਵਾਰਡ ਨੰਬਰ 5, 6, 9, 19, 27, 65, 66, 67 ਤੇ 70 ’ਚ ਦਰਜਨ ਦੇ ਕਰੀਬ ਮੀਟਿੰਗਾਂ ਕੀਤੀਆਂ ਗਈਆਂ ਹਨ। ਇਨ੍ਹਾਂ ਮੀਟਿੰਗਾਂ ਦੌਰਾਨ ਇਲਾਕਾ ਨਿਵਾਸੀਆਂ ਨਾਲ ਸਿੱਧੀ ਗੱਲਬਾਤ ਕਰਦੇ ਹੋਏ ਸਰਕਾਰ ਵੱਲੋਂ ਕੀਤੇ ਗਏ ਵਿਕਾਸੀ ਕੰਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿੱਖਿਆ ਖੇਤਰ ’ਚ ਸਰਕਾਰੀ ਸਕੂਲਾਂ ਨੂੰ ਆਧੁਨਿਕ ਬਣਾਇਆ ਹੈ, ਸਿਹਤ ਖੇਤਰ ’ਚ ਮੁਫ਼ਤ ਇਲਾਜ ਤੇ ਮੁਹੱਲਾ ਕਲੀਨਿਕਾਂ ਰਾਹੀਂ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ ਤੇ ਬੁਨਿਆਦੀ ਢਾਂਚੇ ’ਚ ਵੀ ਮਹੱਤਵਪੂਰਨ ਸੁਧਾਰ ਕੀਤੇ ਗਏ ਹਨ। ਮੀਟਿੰਗਾਂ ਦੌਰਾਨ ਲੋਕਾਂ ਨੂੰ ਸਰਕਾਰ ਦੀਆਂ ਵੱਖ-ਵੱਖ ਮਹੱਤਵਪੂਰਨ ਯੋਜਨਾਵਾਂ ਬਾਰੇ ਵੀ ਜਾਗਰੂਕ ਕੀਤਾ ਗਿਆ। ਉਨ੍ਹਾਂ ਨੂੰ ਦੱਸਿਆ ਗਿਆ ਕਿ “ਮੁੱਖ ਮੰਤਰੀ ਸਿਹਤ ਸੇਵਾ ਯੋਜਨਾ” ਅਧੀਨ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੀ ਸਿਹਤ ਬੀਮਾ ਸਹੂਲਤ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ “ਮਾਵਾਂ-ਧੀਆਂ ਸਤਿਕਾਰ ਯੋਜਨਾ” ਤਹਿਤ ਔਰਤਾਂ ਨੂੰ 1000 ਰੁਪਏ ਤੇ ਐੱਸਸੀ ਸਮਾਜ ਦੀਆਂ ਭੈਣਾਂ ਨੂੰ 1500 ਰੁਪਏ ਦੀ ਆਰਥਿਕ ਸਹਾਇਤਾ ਬਹੁਤ ਜਲਦ ਸ਼ੁਰੂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਮੀਟਿੰਗਾਂ ਦੌਰਾਨ ਮੌਕੇ ’ਤੇ ਹੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣ ਕੇ ਤੁਰੰਤ ਹੱਲ ਵੀ ਕੀਤਾ ਜਾ ਰਿਹਾ ਹੈ, ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਤੇ ਸਰਕਾਰ ਦੀਆਂ ਸੇਵਾਵਾਂ ਦਾ ਲਾਭ ਸਿੱਧੇ ਤੌਰ ’ਤੇ ਉਨ੍ਹਾਂ ਤੱਕ ਪਹੁੰਚ ਸਕੇ।
ਨਿਤਿਨ ਕੋਲੀ ਨੇ ਕਿਹਾ ਕਿ ਮੀਟਿੰਗਾਂ ਦੌਰਾਨ ਲੋਕਾਂ ਵੱਲੋਂ ਮਿਲ ਰਿਹਾ ਭਰਪੂਰ ਸਹਿਯੋਗ ਤੇ ਸਕਾਰਾਤਮਕ ਪ੍ਰਤੀਕਿਰਿਆ ਇਹ ਦਰਸਾਉਂਦੀ ਹੈ ਕਿ ਸਰਕਾਰ ਦੀਆਂ ਨੀਤੀਆਂ ਲੋਕ-ਹਿਤ ’ਚ ਕਾਮਯਾਬ ਸਾਬਤ ਹੋ ਰਹੀਆਂ ਹਨ। ਨਾਲ ਹੀ ਲੋਕਾਂ ਦੇ ਸੁਝਾਵਾਂ ਨੂੰ ਵੀ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਤਾਂ ਜੋ ਆਉਣ ਵਾਲੇ ਸਮੇਂ ’ਚ ਹੋਰ ਵੀ ਬਿਹਤਰ ਕੰਮ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ ਤੇ ਹਰ ਵਾਰਡ ’ਚ ਜਾ ਕੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਇਆ ਜਾਵੇਗਾ, ਤਾਂ ਜੋ ਜਲੰਧਰ ਸੈਂਟਰਲ ਦੇ ਹਰ ਖੇਤਰ ਨੂੰ ਤਰੱਕੀ ਦੇ ਰਾਹ ’ਤੇ ਅੱਗੇ ਵਧਾਇਆ ਜਾ ਸਕੇ।