- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੇਰਾ ਸੱਚਖੰਡ ਬੱਲਾਂ ਵਿਖੇ ਸੰਤ ਨਿਰੰਜਨ ਦਾਸ ਤੋਂ ਆਸ਼ੀਰਵਾਦ

ਧਾਰਮਿਕ-ਸਮਾਜਿਕ ਮਕਸਦ ਨਾਲ ਸ਼ੁਰੂ ਕੀਤੀ ਯਾਤਰਾ, ਪੰਡਾਲ ’ਚ ਨਹੀਂ ਲਾਏ ਗਏ ਭਾਜਪਾ ਦੇ ਝੰਡੇ
ਤੇਜਿੰਦਰ ਕੌਰ ਥਿੰਦ, ਪੰਜਾਬੀ ਜਾਗਰਣ, ਜਲੰਧਰ :
ਸੰਤ ਸ਼੍ਰੋਮਣੀ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਉਨ੍ਹਾਂ ਦੀਆਂ ਸਦੀਵੀ ਸਿੱਖਿਆਵਾਂ ਨੂੰ ਸੱਤ ਸੂਬਿਆਂ ਤੇ 47 ਸ਼ਹਿਰਾਂ ਦੇ ਹਰ ਘਰ ਤੱਕ ਪਹੁੰਚਾਉਣ ਦੇ ਟੀਚੇ ਨਾਲ ਜਲੰਧਰ ਦੀ ਪਵਿੱਤਰ ਧਰਤੀ ਤੋਂ ਦੇਸ਼ ਵਿਆਪੀ ‘ਸਮਰਸਤਾ ਸੰਕਲਪ ਯਾਤਰਾ’ ਦਾ ਆਗਾਜ਼ ਹੋਇਆ। ਭਗਵਾਨ ਵਾਲਮੀਕਿ ਜੀ, ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਤੇ ਮਹਾਨ ਗੁਰੂ ਸਾਹਿਬਾਨ ਅੱਗੇ ਸੀਸ ਨਿਵਾਉਣ ਉਪਰੰਤ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਜਨਮ ਭੂਮੀ ਪਟਨਾ ਸਾਹਿਬ ਨਾਲ ਸਬੰਧ ਰੱਖਣ ਵਾਲੇ ਨਿਤਿਨ ਨਬੀਨ ਨੇ ‘ਸਤਿ ਸ੍ਰੀ ਅਕਾਲ’ ਕਹਿ ਕੇ ਸੰਗਤ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਸੰਤ ਸਮਾਜ ਦੇ ਆਸ਼ੀਰਵਾਦ ਨਾਲ ਇਹ ਯਾਤਰਾ ਤਿਆਗ, ਭਾਈਚਾਰੇ ਤੇ ਸਮਾਨਤਾ ਦੇ ਸੰਦੇਸ਼ ਰਾਹੀਂ ਸਮਾਜ ਦੇ ਸਾਰੇ ਵਰਗਾਂ ਨੂੰ ਇਕਜੁੱਟ ਕਰੇਗੀ। ਭਾਜਪਾ ਵੱਲੋਂ ਇਹ ਯਾਤਰਾ ਧਾਰਮਿਕ ਤੇ ਸਮਾਜਿਕ ਮੁੱਦਿਆਂ ਨੂੰ ਉਭਾਰਨ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ਹੈ, ਇਸ ਲਈ ਇਸ ਨੂੰ ਸਿਆਸੀ ਰੰਗਤ ਤੋਂ ਦੂਰ ਰੱਖਦਿਆਂ ਪੰਡਾਲ ਅੰਦਰ ਕਿਸੇ ਵੀ ਥਾਂ ’ਤੇ ਭਾਜਪਾ ਦੇ ਝੰਡੇ ਨਹੀਂ ਲਗਾਏ ਗਏ।
---
ਰਵਿਦਾਸ ਜੀ ਦੀ ਵਿਰਾਸਤ ਦਾ ਸਨਮਾਨ
ਸ੍ਰੀ ਗੁਰੂ ਰਵਿਦਾਸ ਜੀ ਦੇ ‘ਐਸਾ ਚਾਹੂੰ ਰਾਜ ਮੈਂ, ਜਹਾਂ ਮਿਲੈ ਸਭਨ ਕੋ ਅੰਨ’ ਦੇ ਆਦਰਸ਼ ਤੋਂ ਪ੍ਰੇਰਨਾ ਲੈਂਦਿਆਂ ਨਬੀਨ ਨੇ ਕਿਹਾ ਕਿ ਮੋਦੀ ਸਰਕਾਰ ਪ੍ਰਧਾਨ ਮੰਤਰੀ ਆਵਾਸ ਯੋਜਨਾ, ਆਯੁਸ਼ਮਾਨ ਭਾਰਤ, ਮੁਫ਼ਤ ਰਾਸ਼ਨ ਤੇ ਪੀਐੱਮ-ਅਜੇ ਵਰਗੀਆਂ ਯੋਜਨਾਵਾਂ ਰਾਹੀਂ ਹਰ ਗਰੀਬ ਤੇ ਸਹੂਲਤਾਂ ਤੋਂ ਵਾਂਝੇ ਪਰਿਵਾਰ ਨੂੰ ਸਸ਼ਕਤ ਬਣਾ ਰਹੀ ਹੈ ਤਾਂ ਜੋ ਪੱਛੜੇ ਵਰਗਾਂ ਦੇ ਨੌਜਵਾਨ ਵੀ ਡਾਕਟਰ ਤੇ ਇੰਜੀਨੀਅਰ ਬਣ ਸਕਣ।
---
ਆਪ’ ਸਰਕਾਰ 'ਤੇ ਤਿੱਖਾ ਹਮਲਾ
ਪੰਜਾਬ ’ਚ ਸੱਤਾਧਾਰੀ ਪਾਰਟੀ ‘ਆਪ’ ’ਤੇ ਤਿੱਖਾ ਹਮਲਾ ਕਰਦਿਆਂ ਨਿਤਿਨ ਨਬੀਨ ਨੇ ਐਲਾਨ ਕੀਤਾ ਕਿ ‘ਆਪ’ ਸਰਕਾਰ ਦੀ ਵਿਦਾਇਗੀ ਦੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਤਿਆਗ, ਮਿਹਨਤ ਤੇ ਬਹਾਦਰ ਸੈਨਿਕਾਂ ਦੀ ਧਰਤੀ ਪੰਜਾਬ ਨਾਲ ਸੂਬਾ ਸਰਕਾਰ ਨੇ ਵਿਸ਼ਵਾਸਘਾਤ ਕੀਤਾ ਹੈ ਅਤੇ ਇੱਥੋਂ ਦੇ ਨੌਜਵਾਨਾਂ ਨੂੰ ਨਸ਼ਿਆਂ, ਬੇਰੁਜ਼ਗਾਰੀ ਤੇ ਮਜਬੂਰੀ ’ਚ ਪਰਵਾਸ ਕਰਨ ਵੱਲ ਧੱਕ ਦਿੱਤਾ ਹੈ। ਅੱਜ ਪੰਜਾਬ ਦੀ ਸਭ ਤੋਂ ਵੱਡੀ ਤ੍ਰਾਸਦੀ ਇਹ ਹੈ ਕਿ ਅਪਰਾਧੀਆਂ ਅਤੇ ਗੈਂਗਸਟਰਾਂ ਦੇ ਰਾਜ ਵਿੱਚ ਪੁਲਿਸ ਮੁਲਾਜ਼ਮ ਅਤੇ ਪੁਲਿਸ ਥਾਣੇ ਤੱਕ ਸੁਰੱਖਿਅਤ ਨਹੀਂ ਹਨ, ਜਦਕਿ ਔਰਤਾਂ ਨੂੰ ਬੁਨਿਆਦੀ ਸੁਰੱਖਿਆ ਵੀ ਨਹੀਂ ਮਿਲ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ’ਚ ਕਾਨੂੰਨ ਦਾ ਰਾਜ ਨਹੀਂ ਹੈ, ਸਗੋਂ ਅਰਵਿੰਦ ਕੇਜਰੀਵਾਲ ਦੀਆਂ ਜੇਬਾਂ ਭਰਨ ਲਈ ਕਾਨੂੰਨ ਬਣਾਏ ਜਾ ਰਹੇ ਹਨ। ਮੁੱਖ ਮੰਤਰੀ ਜੀ, ਤੁਸੀਂ ਆਪਣੇ ਆਪ ਨੂੰ ਕੇਜਰੀਵਾਲ ਦਾ ਏਟੀਐੱਮ ਬਣਨ ਦਿੱਤਾ ਹੈ ਤੇ ‘ਬਦਲਾਅ’ ਦੇ ਨਾਮ 'ਤੇ ਲੋਕਾਂ ਦਾ ਪੈਸਾ ਲੁੱਟਿਆ ਜਾ ਰਿਹਾ ਹੈ।”
---
ਐਮਰਜੈਂਸੀ, ਸਿੱਖ ਕਤਲੇਆਮ ਤੇ ਰਾਹੁਲ ਗਾਂਧੀ ਦੀਆਂ ਟਿੱਪਣੀਆਂ ਨੂੰ ਲੈ ਕੇ ਕਾਂਗਰਸ 'ਤੇ ਹਮਲਾ
ਕਾਂਗਰਸ 'ਤੇ ਨਿਸ਼ਾਨਾ ਸਾਧਦਿਆਂ ਨਬੀਨ ਨੇ ਕਿਹਾ ਕਿ ਜਿਹੜੀ ਪਾਰਟੀ ਸੰਵਿਧਾਨ ਦੀ ਰਾਖੀ ਕਰਨ ਦਾ ਦਾਅਵਾ ਕਰਦੀ ਹੈ, ਉਸੇ ਨੇ ਐਮਰਜੈਂਸੀ ਦੌਰਾਨ ਸੰਵਿਧਾਨ ਨੂੰ ਤਾਰ-ਤਾਰ ਕੀਤਾ ਤੇ ਪੰਜਾਬ ਨੂੰ ਡੂੰਘੇ ਜ਼ਖ਼ਮ ਦਿੱਤੇ। ਉਨ੍ਹਾਂ ਕਿਹਾ ਕਿ ਪਹਿਲੀ ਨਵੰਬਰ, 1984 ਨੂੰ, ਜਿਸ ਦਿਨ ਸਿੱਖਾਂ ਦਾ ਕਤਲੇਆਮ ਹੋਇਆ ਸੀ, ਕਾਂਗਰਸੀ ਆਗੂਆਂ ਨੇ ਉਸੇ ਦਿਨ ਰਾਮਲੀਲ੍ਹਾ ਮੈਦਾਨ ’ਚ ਰੈਲੀ ਕੀਤੀ ਸੀ। ਲੋਕ ਉਹ ਦਿਨ ਨਹੀਂ ਭੁੱਲੇ ਤੇ ਉਨ੍ਹਾਂ ਨੂੰ ਇਸ ਦਾ ਜਵਾਬ ਦੇਣਗੇ।
---
ਬਾਕਸ
ਗੁਰੂ ਰਵਿਦਾਸ ਜੀ ਦੀ ਵਿਚਾਰਧਾਰਾ ਸਰਬ ਸਾਂਝੀਵਾਲਤਾ ਦਾ ਮਾਰਗ : ਢਿੱਲੋਂ
ਇਸ ਮੌਕੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਬੋਲਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਪਾਵਨ ਬਾਣੀ ਤੇ ਉਨ੍ਹਾਂ ਦੇ ਮਹਾਨ ਉਪਦੇਸ਼ ਸਮੁੱਚੀ ਮਨੁੱਖਤਾ ਨੂੰ ਸਮਾਜਿਕ ਬਰਾਬਰੀ, ਆਪਸੀ ਪਿਆਰ, ਭਾਈਚਾਰੇ, ਸਾਂਝੀਵਾਲਤਾ ਅਤੇ ਮਨੁੱਖੀ ਸਨਮਾਨ ਦਾ ਸੰਦੇਸ਼ ਦਿੰਦੇ ਹਨ। ਢਿੱਲੋਂ ਨੇ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਗੁਰੂ ਸਾਹਿਬ ਦੀ ਇਸੇ ਵਿਚਾਰਧਾਰਾ ਤੋਂ ਪ੍ਰੇਰਿਤ ਹੋ ਕੇ 'ਸਬਕਾ ਸਾਥ, ਸਬਕਾ ਵਿਕਾਸ, ਸਬਕਾ ਵਿਸ਼ਵਾਸ ਤੇ ਸਬਕਾ ਪ੍ਰਯਾਸ' ਦੇ ਮੂਲ ਮੰਤਰ ਨਾਲ ਸਮਾਜ ਦੇ ਹਰ ਵਰਗ, ਖ਼ਾਸ ਕਰਕੇ ਗਰੀਬਾਂ, ਪਛੜੇ ਅਤੇ ਵਾਂਝੇ ਵਰਗਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਨਾਲ ਸਬੰਧਤ ਪਵਿੱਤਰ ਅਸਥਾਨਾਂ ਦਾ ਵਿਕਾਸ, ਸੰਗਤਾਂ ਲਈ ਸਹੂਲਤਾਂ ਤੇ ਗੁਰੂ ਸਾਹਿਬ ਦੇ ਨਾਮ ਨਾਲ ਜੁੜੇ ਵਿਕਾਸ ਕਾਰਜ ਉਨ੍ਹਾਂ ਦੇ ਸਤਿਕਾਰ ਨੂੰ ਹੋਰ ਮਜ਼ਬੂਤ ਕਰਦੇ ਹਨ। ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਆਦਮਪੁਰ ਹਵਾਈ ਅੱਡੇ ਦਾ ਨਾਮ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਨਾਮ ’ਤੇ ਰੱਖਣਾ ਗੁਰੂ ਸਾਹਿਬ ਦੀ ਵਿਚਾਰਧਾਰਾ, ਉਨ੍ਹਾਂ ਦੇ ਮਹਾਨ ਫਲਸਫ਼ੇ ਅਤੇ ਪੰਜਾਬ ਦੀਆਂ ਸੰਗਤਾਂ ਪ੍ਰਤੀ ਸਤਿਕਾਰ ਦਾ ਪ੍ਰਤੀਕ ਹੈ। ਇਹ ਯਾਤਰਾ ਕੋਈ ਸਿਆਸੀ ਉਪਰਾਲਾ ਨਹੀਂ, ਸਗੋਂ ਗੁਰੂ ਸਾਹਿਬ ਦੀ ਵਿਚਾਰਧਾਰਾ ਨੂੰ ਪੰਜਾਬ ਦੇ ਹਰ ਘਰ ਅਤੇ ਹਰ ਵਰਗ ਤੱਕ ਪਹੁੰਚਾਉਣ ਦਾ ਸ਼ਰਧਾਪੂਰਵਕ ਯਤਨ ਹੈ। ਅਗਲੇ ਪੰਜ ਦਿਨਾਂ ਦੌਰਾਨ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਅਤੇ ਇਲਾਕਿਆਂ ਵਿੱਚ ਇਹ ਯਾਤਰਾ ਸਮਾਜਿਕ ਏਕਤਾ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦੇਵੇਗੀ।
---
3 ਦਸੰਬਰ ਨੂੰ ਵਾਰਣਸੀ ਚ ਸੰਪੰਨ ਹੋਵੇਗੀ ਯਾਤਰਾ : ਲਾਲ ਸਿੰਘ ਆਰਿਆ
ਇਸ ਮੌਕੇ ਆਪਣੇ ਸੰਬੋਧਨ ’ਚ ਭਾਜਪਾ ਦੇ ਕੌਮੀ ਉਪ ਪ੍ਰਧਾਨ ਲਾਲ ਸਿੰਘ ਆਰਿਆ ਨੇ ਯਾਤਰਾ ਦੇ ਵੇਰਵਾ ਸਾਂਝਾ ਕਰਦਿਆਂ ਦੱਸਿਆ ਕਿ ਜਲੰਧਰ ਤੋਂ ਸ਼ੁਰੂ ਹੋ ਰਹੀ ਇਹ ਯਾਤਰਾ 2558 ਕਿੱਲੋਮੀਟਰ ਦਾ ਸਫ਼ਰ ਤੈਅ ਕਰ ਕੇ 3 ਦਸੰਬਰ ਨੂੰ ਗੁਰੂ ਰਵਿਦਾਸ ਜੀ ਦੇ ਜਨਮ ਅਸਥਾਨ ਵਾਰਾਣਸੀ ਵਿਖੇ ਪੁੱਜ ਕੇ ਸਮਾਪਤ ਹੋਵੇਗੀ। ਜੋ ਪੰਜਾਬ ’ਚ 5 ਦਿਨਾਂ ਦੌਰਾਨ 17 ਜ਼ਿਲ੍ਹਿਆਂ ’ਚ ਜਾਵੇਗੀ ਅਤੇ 700 ਕਿੱਲੋਮੀਟਰ ਦਾ ਸਫ਼ਰ ਤੈਅ ਕਰੇਗੀ।
ਇਸ ਮੌਕੇ ਮੰਚ ’ਤੇ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਕੌਮੀ ਜਨਰਲ ਸਕੱਤਰ ਡਾਕਟਰ ਸਤੀਸ਼ ਪੂਨੀਆ, ਸਹਿ-ਇੰਚਾਰਜ ਵਰਿੰਦਰ ਸਚਦੇਵਾ, ਅਲਕਾ ਗੁੱਜਰ, ਰਾਜ ਸਭਾ ਮੈਂਬਰ ਤਰੁਣ ਚੁੱਘ, ਕੌਮੀ ਉੱਪ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ, ਅਸ਼ਵਨੀ ਸ਼ਰਮਾ, ਸੁਨੀਲ ਜਾਖੜ, ਵਿਜੇ ਸਾਂਪਲਾ, ਮੰਨਰੋਜਨ ਕਾਲੀਆ, ਸ਼ਵੇਤ ਮਲਿਕ, ਅਵਿਨਾਸ਼ ਰਾਏ ਖੰਨਾ (ਸਾਰੇ ਸਾਬਕਾ ਸੂਬਾ ਪ੍ਰਧਾਨ) ਸੰਦੀਪ ਪਾਠਕ, ਸਤਨਾਮ ਸਿੰਘ ਸੰਧੂ (ਰਾਜ ਸਭਾ ਮੈਂਬਰ), ਰਾਜੇਸ਼ ਬੱਗਾ, ਅਨਿਲ ਸਰੀਨ, ਰਜਨੀਸ਼ ਧੀਮਾਨ, ਪਰਮਿੰਦਰ ਬਰਾੜ (ਸਾਰੇ ਜਨਰਲ ਸਕੱਤਰ) ਪੰਜਾਬ ਐੱਸਸੀ ਮੋਰਚੇ ਦੇ ਪ੍ਰਧਾਨ ਸ਼ੀਤਲ ਅੰਗੂਰਾਲ, ਚਰਨਜੀਤ ਸਿੰਘ ਅਟਵਾਲ, ਸੁਸ਼ੀਲ ਰਿੰਕੂ, ਅਵਿਨਾਸ਼ ਚੰਦਰ, ਅਸ਼ੋਰ ਸਰੀਨ ਤੇ ਹੋਰ ਕਈ ਆਗੂ ਹਾਜ਼ਰ ਸਨ।