ਕੰਵਰਪਾਲ ਸਿੰਘ ਕਾਹਲੋਂ, ਭੋਗਪੁਰ : ਪਵਿੱਤਰ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਪੰਜਾਬ ਵਾਸੀਆਂ ਨਾਲ ਚਾਰ ਹਫਤਿਆਂ 'ਚ ਨਸ਼ਾ ਖਤਮ ਕਰਨ, ਬੇਅਦਬੀਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ, ਘਰ-ਘਰ ਨੌਕਰੀ ਦੇਣ ਤੋਂ ਇਲਾਵਾ ਅਨੇਕਾਂ ਝੂਠੇ ਵਾਅਦੇ ਤੇ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਕੇ ਸੱਤਾ 'ਚ ਆਈ ਕਾਂਗਰਸ ਪਾਰਟੀ ਦੀ ਸਰਕਾਰ ਨੇ ਪਿਛਲੇ ਸਾਢੇ ਸਾਲ 'ਚ ਡੱਕਾ ਭੰਨ ਕੇ ਦੂਹਰਾ ਨਹੀਂ ਕੀਤਾ ਤੇ ਹੁਣ ਚੋਣਾਂ ਨੇੜੇ ਆਉਂਦੀਆਂ ਵੇਖ ਕੇ ਲੋਕਾਂ ਦੀਆਂ ਵੋਟਾਂ ਬਟੋਰਨ ਦੇ ਮਕਸਦ ਨਾਲ ਸਿੱਧੂ ਦਾ ਪੱਤਾ ਖੇਡਿਆ ਹੈ। ਪਾਣੀਓਂ ਪਤਲੀ ਹੋਈ ਕਾਂਗਰਸ ਪਾਰਟੀ ਦੀ ਸਥਿਤੀ ਨਵਜੋਤ ਸਿੰਘ ਸਿੱਧੂ ਦੇ ਪ੍ਰਧਾਨ ਬਣਨ ਨਾਲ ਸੁਧਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਇਹ ਪ੍ਰਗਟਾਵਾ ਸ਼ੋ੍ਮਣੀ ਅਕਾਲੀ ਦਲ ਭੋਗਪੁਰ ਸ਼ਹਿਰੀ ਦੇ ਜਥੇਦਾਰ ਪਰਮਿੰਦਰ ਸਿੰਘ ਕਰਵਲ ਤੇ ਸਹਿਕਾਰੀ ਖੰਡ ਮਿੱਲ ਭੋਗਪੁਰ ਦੇ ਸਾਬਕਾ ਡਾਇਰੈਕਟਰ ਹਰਬੋਿਲੰਦਰ ਸਿੰਘ ਬੋਲੀਨਾ ਨੇ ਗੱਲਬਾਤ ਕਰਦਿਆਂ ਕੀਤਾ। ਜਥੇਦਾਰ ਕਰਵਲ ਨੇ ਆਖਿਆ ਕਿ ਕਾਂਗਰਸ ਪਾਰਟੀ ਦਾ ਅੰਦਰੂਨੀ ਕਾਟੋ-ਕਲੇਸ਼ ਹੁਣ ਜਨਤਕ ਹੋ ਚੁੱਕਾ ਹੈ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੰਘ ਸਿੱਧੂ ਦੇ ਧੜਿਆਂ 'ਚ ਵੰਡੀ ਹੋਈ ਕਾਂਗਰਸ ਪਾਰਟੀ ਪੰਜਾਬ ਵਾਸੀਆਂ ਦਾ ਕੁਝ ਨਹੀਂ ਸੰਵਾਰ ਸਕਦੀ।