ਲੋਕ ਭਲਾਈ ਸਕੀਮਾਂ ਤੋਂ ਯੋਗ ਲਾਭਪਾਤਰੀ ਵਾਂਝਾ ਨਾ ਰਹੇ : ਡੀਸੀ
ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੋਂ ਕੋਈ ਵੀ ਯੋਗ ਲਾਭਪਾਤਰੀ ਵਾਂਝਾ ਨਹੀਂ ਰਹਿਣਾ ਚਾਹੀਦਾ : ਡਿਪਟੀ ਕਮਿਸ਼ਨਰ
Publish Date: Thu, 30 Apr 2026 10:00 PM (IST)
Updated Date: Thu, 30 Apr 2026 10:01 PM (IST)

-ਜ਼ਿਲ੍ਹੇ ’ਚ ਚੱਲ ਰਹੀਆਂ ਲੋਕ ਭਲਾਈ ਯੋਜਨਾਵਾਂ ਦਾ ਲਿਆ ਜਾਇਜ਼ਾ -ਨਾੜ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਦੀ ਰੋਕਥਾਮ ਲਈ ਅਧਿਕਾਰੀਆਂ ਨੂੰ ਪੂਰੀ ਮੁਸਤੈਦੀ ਵਰਤਣ ਦੇ ਨਿਰਦੇਸ਼ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਇਨ੍ਹਾਂ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ, ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਸਹੂਲਤਾਂ ਤੋਂ ਵਾਂਝਾ ਨਾ ਰਹੇ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੀਖਿਆ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹੇ ਵਿੱਚ ਬਣਾਏ ਜਾ ਰਹੇ ਕਾਰਡਾਂ ਦਾ ਜਾਇਜ਼ਾ ਲਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਤੇਜਦੀਪ ਸਿੰਘ ਸੈਣੀ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਸ ਯੋਜਨਾ ਤਹਿਤ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਇਕ ਵੱਖਰੀ ਮੀਟਿੰਗ ਦੌਰਾਨ ਸਵਾਮਿਤਵ-ਮੇਰਾ ਘਰ ਮੇਰੇ ਨਾਮ ਯੋਜਨਾ ਤਹਿਤ ਜ਼ਿਲ੍ਹੇ ਦੇ ਪਿੰਡਾਂ ਵਿੱਚ ਚੱਲ ਰਹੇ ਗਰਾਊਂਡ ਟਰੂਥਿੰਗ (ਡੋਰ-ਟੂ-ਡੋਰ ਸਰਵੇ) ਦੇ ਕੰਮ ਦੀ ਸਮੀਖਿਆ ਕਰਦਿਆਂ ਇਸ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਕਸ਼ਾ-1 ਦੀ ਗਰਾਊਂਡ ਟਰੂਥਿੰਗ ਲਈ ਪਿੰਡਾਂ ਵਿੱਚ ਆਉਣ ਵਾਲੇ ਪਟਵਾਰੀਆਂ ਨੂੰ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਨਕਸ਼ਾ-3 ਸਬੰਧੀ ਇਤਰਾਜ਼ ਨਿਰਧਾਰਤ ਸਮੇਂ ਦੇ ਅੰਦਰ ਸਬੰਧਤ ਤਹਿਸੀਲਦਾਰਾਂ ਨੂੰ ਦਿੱਤੇ ਜਾਣ, ਤਾਂ ਜੋ ਇਨ੍ਹਾਂ ਦਾ ਜਲਦ ਤੋਂ ਜਲਦ ਨਿਪਟਾਰਾ ਕੀਤਾ ਜਾ ਸਕੇ। ਇਕ ਹੋਰ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਕਣਕ ਦੇ ਨਾੜ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਰੋਕਥਾਮ ਲਈ ਅਧਿਕਾਰੀਆਂ ਨੂੰ ਫੀਲਡ ਵਿਚ ਪੂਰੀ ਮੁਸਤੈਦੀ ਵਰਤਣ ਤੇ ਕਿਸਾਨਾਂ ਨੂੰ ਖੇਤਾਂ ਵਿੱਚ ਅੱਗ ਲਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖੇਤਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ’ਤੇ ਨੇੜਿਓਂ ਨਜ਼ਰ ਰੱਖੀ ਜਾਵੇ ਅਤੇ ਜੇਕਰ ਕੋਈ ਅਜਿਹਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ 24 ਘੰਟੇ ਦੇ ਅੰਦਰ ਪੜਤਾਲ ਕਰਕੇ ਰਿਪੋਰਟ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਨਿਯਮਾਂ ਮੁਤਾਬਕ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਦੇ ਹੱਲ ਲਈ ਕਿਸਾਨਾਂ ਨੂੰ ਨਾੜ ਸਾੜਨ ਦੇ ਨੁਕਸਾਨਾਂ ਅਤੇ ਬਦਲਵੇਂ ਉਪਾਵਾਂ ਬਾਰੇ ਜਾਣਕਾਰੀ ਦੇਣਾ ਬਹੁਤ ਜ਼ਰੂਰੀ ਹੈ। ਮੀਟਿੰਗਾਂ ’ਚ ਸਮੂਹ ਐੱਸਡੀਐੱਮਜ਼, ਜ਼ਿਲ੍ਹਾ ਮਾਲ ਅਫ਼ਸਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।