- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫਸਲੀ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਮਹਿਕਮੇ ਵੱਲੋਂ ਕੋਆਪਰੇਟਿਵ ਸੋਸਾਇਟੀ ਦੇ ਕੰਮਕਾਜ ਨੂੰ ਚਲਾਉਣ ਲਈ ਪੰਜ ਮੈਂਬਰੀ ਕਮੇਟੀ ਦਾ ਗਠਨ ਵੀ ਕੀਤਾ ਗਿਆ, ਤਾਂ ਜੋ ਕਿਸਾਨਾਂ ਨੂੰ ਖਾਦ ਅਤੇ ਖੇਤੀਬਾੜੀ ਨਾਲ ਸਬੰਧਤ ਹੋਰ ਜ਼ਰੂਰੀ ਵਸਤਾਂ ਲੈਣ ਵਿੱਚ ਮੁਸ਼ਕਲ ਨਾ ਆਵੇ।

ਸੁਰਜੀਤ ਪਾਲ, ਪੰਜਾਬੀ ਜਾਗਰਣ, ਕਿਸ਼ਨਗੜ੍ਹ। ਪੁਲਿਸ ਵੱਲੋਂ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਥਾਣਾ ਕਰਤਾਰਪੁਰ ਵਿੱਚ ਦਰਜ ਮੁਕੱਦਮਾ ਨੰਬਰ 175/2026, ਧਾਰਾ 61(2), 316(4), 316(5), 318(4), 336(2), 336(3), 338, 340(2) ਅਤੇ 238-B ਤਹਿਤ ਦਰਜ ਮਾਮਲੇ ਵਿੱਚ ਲੋੜੀਂਦੇ ਸੇਲਜ਼ਮੈਨ ਕੁਲਦੀਪ ਕੁਮਾਰ ਪੁੱਤਰ ਰੂਪ ਲਾਲ ਵਾਸੀ ਮੰਡ ਮੋੜ, ਥਾਣਾ ਕਰਤਾਰਪੁਰ, ਜ਼ਿਲ੍ਹਾ ਜਲੰਧਰ ਨੂੰ ਪੁਲਿਸ ਚੌਕੀ ਕਿਸ਼ਨਗੜ੍ਹ ਦੇ ਇੰਚਾਰਜ ਏਐਸਆਈ ਹਰਦੀਪ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ 15 ਸਤੰਬਰ 2026 ਨੂੰ ਗੜ੍ਹਸ਼ੰਕਰ, ਜ਼ਿਲ੍ਹਾ ਹੁਸ਼ਿਆਰਪੁਰ ਦੇ ਇਲਾਕੇ ਵਿੱਚੋਂ ਗ੍ਰਿਫ਼ਤਾਰ ਕੀਤਾ ਗਿਆ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਦਾ ਤਿੰਨ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਪੁਲਿਸ ਵੱਲੋਂ ਮੁਲਜ਼ਮ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਨੂੰ ਆਸ ਹੈ ਕਿ ਪੁੱਛਗਿੱਛ ਦੌਰਾਨ ਪਿੰਡ ਨੌਗੱਜਾ ਦੀ ਕੋਆਪਰੇਟਿਵ ਸੁਸਾਇਟੀ ਵਿੱਚ ਹੋਏ ਕਥਿਤ ਘੁਟਾਲੇ ਸਬੰਧੀ ਅਹਿਮ ਜਾਣਕਾਰੀ ਅਤੇ ਹੋਰ ਖੁਲਾਸੇ ਸਾਹਮਣੇ ਆ ਸਕਦੇ ਹਨ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਨਾਮਜ਼ਦ ਤਿੰਨ ਹੋਰ ਲੋੜੀਂਦੇ ਵਿਅਕਤੀਆਂ ਦੀ ਭਾਲ ਵੀ ਤੇਜ਼ ਕਰ ਦਿੱਤੀ ਗਈ ਹੈ।
ਕੀ ਹੈ ਮਾਮਲਾ
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪਿੰਡ ਨੌਗੱਜਾ ਦੀ ਕੋਆਪਰੇਟਿਵ ਸੁਸਾਇਟੀ ਵਿੱਚ ਵੱਡੇ ਪੱਧਰ ’ਤੇ ਕਥਿਤ ਵਿੱਤੀ ਘੁਟਾਲਾ ਸਾਹਮਣੇ ਆਇਆ ਸੀ। ਦੱਸਿਆ ਗਿਆ ਹੈ ਕਿ ਲੋਕਾਂ ਵੱਲੋਂ ਸੋਸਾਇਟੀ ਵਿੱਚ ਐੱਫਡੀਜ਼ ਸਮੇਤ ਵੱਖ-ਵੱਖ ਤਰੀਕਿਆਂ ਰਾਹੀਂ ਵੱਡੀ ਰਕਮ ਜਮ੍ਹਾਂ ਕਰਵਾਈ ਗਈ ਸੀ। ਬਾਅਦ ਵਿੱਚ ਪੀੜਤ ਲੋਕਾਂ ਵੱਲੋਂ ਆਪਣੇ ਪੈਸੇ ਸਬੰਧੀ ਮਾਮਲਾ ਉਠਾਇਆ ਗਿਆ।
ਇਸ ਤੋਂ ਬਾਅਦ ਸਬੰਧਤ ਮਹਿਕਮੇ ਵੱਲੋਂ ਨੌਗੱਜਾ ਕੋਆਪਰੇਟਿਵ ਸੁਸਾਇਟੀ ਵਿਖੇ ਆਮ ਇਜਲਾਸ ਸੱਦਿਆ ਗਿਆ। ਇਜਲਾਸ ਦੌਰਾਨ ਪੀੜਤ ਲੋਕਾਂ ਨੇ ਆਪਣੇ-ਆਪਣੇ ਪੈਸਿਆਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਅਤੇ ਦੱਸਿਆ ਕਿ ਉਨ੍ਹਾਂ ਦੀ ਕਿੰਨੀ ਰਕਮ ਫਸੀ ਹੋਈ ਹੈ।
ਫਸਲੀ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਮਹਿਕਮੇ ਵੱਲੋਂ ਕੋਆਪਰੇਟਿਵ ਸੁਸਾਇਟੀ ਦੇ ਕੰਮਕਾਜ ਨੂੰ ਚਲਾਉਣ ਲਈ ਪੰਜ ਮੈਂਬਰੀ ਕਮੇਟੀ ਦਾ ਗਠਨ ਵੀ ਕੀਤਾ ਗਿਆ, ਤਾਂ ਜੋ ਕਿਸਾਨਾਂ ਨੂੰ ਖਾਦ ਅਤੇ ਖੇਤੀਬਾੜੀ ਨਾਲ ਸਬੰਧਤ ਹੋਰ ਜ਼ਰੂਰੀ ਵਸਤਾਂ ਲੈਣ ਵਿੱਚ ਮੁਸ਼ਕਲ ਨਾ ਆਵੇ।
ਇਸ ਮਾਮਲੇ ਦੀ ਪੁਲਿਸ ਵੱਲੋਂ ਜਾਂਚ ਸ਼ੁਰੂ ਕੀਤੀ ਗਈ ਅਤੇ ਥਾਣਾ ਕਰਤਾਰਪੁਰ ਵਿੱਚ ਕਥਿਤ ਘੁਟਾਲੇ ਸਬੰਧੀ ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ। ਇਨ੍ਹਾਂ ਵਿੱਚੋਂ ਪੁਲਿਸ ਨੂੰ ਲੋੜੀਂਦੇ ਇੱਕ ਵਿਅਕਤੀ, ਜੋ ਕੋਆਪਰੇਟਿਵ ਸੁਸਾਇਟੀ ਵਿੱਚ ਸੇਲਜ਼ਮੈਨ ਵਜੋਂ ਕੰਮ ਕਰਦਾ ਸੀ, ਨੂੰ ਕਿਸ਼ਨਗੜ੍ਹ ਪੁਲਿਸ ਚੌਕੀ ਦੀ ਟੀਮ ਨੇ ਗੜ੍ਹਸ਼ੰਕਰ ਨੇੜਿਓਂ ਗ੍ਰਿਫ਼ਤਾਰ ਕਰ ਲਿਆ ਹੈ।
ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਬਾਕੀ ਲੋੜੀਂਦੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।