ਮਜੀਠੀਆ ਨੂੰ ਜ਼ਮਾਨਤ ਮਿਲਣ ’ਤੇ ਦਿੱਤੀ ਵਧਾਈ
ਐੱਨਆਰਆਈ ਰਣਜੀਤ ਸਿੰਘ ਜੋਹਲ ਵੱਲੋਂ ਬਿਕਰਮ ਸਿੰਘ ਮਜੀਠੀਆ ਦੀ ਜਮਾਨਤ ’ਤੇ ਵਧਾਈ
Publish Date: Tue, 10 Feb 2026 08:13 PM (IST)
Updated Date: Tue, 10 Feb 2026 08:17 PM (IST)
ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ, ਭੋਗਪੁਰ : ਮਾਝੇ ਦੇ ਜਰਨੈਲ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ ਸੱਚਾਈ ਦੀ ਵੱਡੀ ਜਿੱਤ ਹੈ। ਇਹ ਵਿਚਾਰ ਸੀਨੀਅਰ ਅਕਾਲੀ ਆਗੂ ਤੇ ਐੱਨਆਰਆਈ ਰਣਜੀਤ ਸਿੰਘ ਜੌਹਲ ਨੇ ਸਾਡੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਰਣਜੀਤ ਸਿੰਘ ਜੌਹਲ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੂੰ ਕਥਿਤ ਸਾਜ਼ਿਸ਼ ਦੇ ਤਹਿਤ ਸਰਕਾਰ ਵੱਲੋਂ ਬਦਨਾਮ ਕਰਨ ਤੇ ਝੂਠੇ ਕੇਸਾਂ ’ਚ ਫਸਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਸੁਪਰੀਮ ਕੋਰਟ ਨੇ ਜਮਾਨਤ ਦੇ ਕੇ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਕਰ ਦਿੱਤਾ। ਮਜੀਠੀਆ ਪੰਜਾਬ ਦੇ ਨੌਜਵਾਨਾਂ ਦੇ ਦਿਲਾਂ ਦੀ ਧੜਕਣ ਹਨ ਤੇ ਉਨ੍ਹਾਂ ਦੀ ਜ਼ਮਾਨਤ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਹੌਂਸਲੇ ਹੋਰ ਬੁਲੰਦ ਹੋਏ ਹਨ। ਜੌਹਲ ਨੇ ਅੱਗੇ ਕਿਹਾ ਕਿ ਇਸ ਫ਼ੈਸਲੇ ਨਾਲ ਇਹ ਸਪੱਸ਼ਟ ਹੋ ਗਿਆ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਪੂਰੀ ਤਾਕਤ ਨਾਲ ਮੈਦਾਨ ’ਚ ਉਤਰੇਗਾ। ਇਸ ਮੌਕੇ ਰਣਜੀਤ ਸਿੰਘ ਜੌਹਲ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਕੇ ਹਲਕਾ ਆਦਮਪੁਰ ਦੇ ਸਿਆਸੀ ਹਾਲਾਤਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਤੇ ਉਨ੍ਹਾਂ ਨੂੰ ਜ਼ਮਾਨਤ ’ਤੇ ਜੇਲ੍ਹ ਤੋਂ ਬਾਹਰ ਆਉਣ ’ਤੇ ਦਿੱਲੋਂ ਵਧਾਈ ਦਿੱਤੀ।