ਹੈਲਪ ਡੈਸਕ ਮੁਲਾਜ਼ਮ ਵੱਢੀ ਲੈਂਦਾ ਰੰਗੇ ਹੱਥੀਂ ਕਾਬੂ ਨੂਰਮਹਿਲ ਦਾ ਹੈਲਪ ਡੈਸਕ ਕਰਮਚਾਰੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
Publish Date: Wed, 09 Sep 2026 09:14 PM (IST)
Updated Date: Wed, 09 Sep 2026 09:16 PM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਵਿਜੀਲੈਂਸ ਬਿਊਰੋ ਨੇ ਹੈਲਪ ਡੈਸਕ, ਸੇਵਾ ਕੇਂਦਰ, ਨੂਰਮਹਿਲ, ਜ਼ਿਲ੍ਹਾ ਜਲੰਧਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਨੂਰਮਹਿਲ, ਜ਼ਿਲ੍ਹਾ ਜਲੰਧਰ ਦੇ ਇਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਨੇ 24 ਅਗਸਤ ਨੂੰ ਸੇਵਾ ਕੇਂਦਰ, ਨੂਰਮਹਿਲ ਵਿਖੇ ਮੈਰਿਜ ਸਰਟੀਫਿਕੇਟ ਲਈ ਅਰਜ਼ੀ ਦਿੱਤੀ ਸੀ। ਬਾਅਦ ’ਚ ਉਹ ਮਹੇਸ਼ ਕੁਮਾਰ, ਹੈਲਪ ਡੈਸਕ, ਸੇਵਾ ਕੇਂਦਰ, ਨੂਰਮਹਿਲ ਨੂੰ ਮਿਲਿਆ ਤੇ ਮੈਰਿਜ ਸਰਟੀਫਿਕੇਟ ਜਲਦੀ ਜਾਰੀ ਕਰਨ ਦੀ ਬੇਨਤੀ ਕੀਤੀ। ਮੁਲਜ਼ਮ ਨੇ ਇਸ ਕੰਮ ਲਈ 7,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਤੇ ਕਿਹਾ ਕਿ ਸਰਟੀਫਿਕੇਟ ਦੋ ਦਿਨਾਂ ਦੇ ਅੰਦਰ ਜਾਰੀ ਕਰ ਦਿੱਤਾ ਜਾਵੇਗਾ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਨਾਲ ਸਬੰਧਤ ਗੱਲਬਾਤ ਰਿਕਾਰਡ ਕਰ ਲਈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਪਹੁੰਚ ਕੀਤੀ। ਉਸ ਦੀ ਸ਼ਿਕਾਇਤ ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਮਹੇਸ਼ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਸ਼ਿਕਾਇਤਕਰਤਾ ਤੋਂ 7 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।