ਤਨਖ਼ਾਹ ਕਟੌਤੀ ਨੂੰ ਲੈ ਕੇ ਦਫ਼ਤਰੀ ਮੁਲਾਜ਼ਮਾਂ ਨੇ ਕੀਤਾ ਰੋਸ ਮੁਜ਼ਾਹਰਾ
60 - 65 ਫੀਸਦੀ ਤਨਖਾਹ ਕਟੌਤੀ ਨੂੰ ਲੈ ਕੇ ਦਫ਼ਤਰੀ ਮੁਲਾਜ਼ਮਾਂ ਨੇ ਕੀਤਾ ਰੋਹ ਭਰਿਆ ਪ੍ਰਦਰਸ਼ਨ
Publish Date: Mon, 02 Mar 2026 07:53 PM (IST)
Updated Date: Mon, 02 Mar 2026 07:55 PM (IST)

-ਗੋਲਕ ਬਣਾ ਕੇ ਸਰਕਾਰ ਲਈ ਲੋਕਾਂ ਤੋਂ ਇਕੱਠੇ ਕੀਤੇ ਪੈਸੇ ਮਹਿੰਦਰ ਰਾਮ ਫੁੱਗਲਾਣਾ, ਪੰਜਾਬੀ ਜਾਗਰਣ, ਜਲੰਧਰ : 20 ਸਾਲਾਂ ਤੋਂ ਸਿੱਖਿਆ ਵਿਭਾਗ ’ਚ ਤਨਦੇਹੀ ਨਾਲ ਆਪਣੀਆ ਸੇਵਾਵਾਂ ਦੇ ਰਹੇ ਦਫਤਰੀ ਕਰਮਚਾਰੀਆਂ ਦੀਆ ਤਨਖਾਹਾਂ ’ਤੇ 31000 ਰੁਪਏ ਪ੍ਰਤੀ ਮਹੀਨਾ ਕੱਟ ਲਾਉਣ ’ਤੇ ਰੋਸ ’ਚ ਆਏ ਸਿੱਖਿਆ ਵਿਭਾਗ ਦੇ ਦਫਤਰੀ ਕਰਮਚਾਰੀਆਂ ਵੱਲੋਂ ਸੋਮਵਾਰ ਜਲੰਧਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਦਫਤਰੀ ਮੁਲਾਜ਼ਮਾਂ ਨੇ ਦੱਸਿਆ ਕਿ ਹਰ ਮਹੀਨੇ 31000-31000 ਤਨਖਾਹਾਂ ਕੱਟ ਕੇ ਵੀ ਸਰਕਾਰ ਦਾ ਢਿੱਡ ਨਹੀਂ ਭਰ ਰਿਹਾ ਇਸ ਲਈ ਗੋਲਕ ਬਣਾ ਕੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਦਾ ਢਿੱਡ (ਖਜ਼ਾਨਾ) ਭਰੋ, ਇਸ ਲਈ ਮੁਲਾਜ਼ਮਾਂ ਵੱਲੋ ਜ਼ਿਲ੍ਹਾ ਸਿੱਖਿਆ ਅਫਸਰ ਪ੍ਰਾਇਮਰੀ ਦਫਤਰ ਤੋਂ ਰੋਸ ਮਾਰਚ ਡੀ ਸੀ ਦਫਤਰ ਜਲੰਧਰ ਤੱਕ ਕੀਤਾ ਗਿਆ। ਜਿਥੇ ਆਮ ਲੋਕਾਂ ਨੂੰ ਗੋਲਕ ਭਰਨ ਲਈ ਅਪੀਲ ਕੀਤੀ ਤਾਂ ਕਿ ਸਰਕਾਰ ਸਾਡੀ ਤਨਖਾਹ ਕਟੌਤੀ ਦਾ ਫੈਸਲਾ ਵਾਪਸ ਲਵੇ। ਇਸ ਮੌਕੇ ਏਡੀਸੀ ਅਮਨਿੰਦਰ ਕੌਰ ਬਰਾੜ ਨੂੰ ਮੰਗ ਪੱਤਰ ਦਿੱਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਕੈਬਨਿਟ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ , ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸਿੱਖਿਆ ਮੰਤਰੀ ਹਰਜੋਤ ਬੈਂਸ ਕਈ ਵਾਰ ਅਧਿਕਾਰੀਆਂ ਨੂੰ ਤਨਖਾਹਾਂ ਨਾ ਘਟਾਉਣ ਤੇ ਠੋਸ ਫੈਸਲਾ ਲੈਣ ਦੀ ਹਦਾਇਤ ਕੀਤੀ ਪ੍ਰੰਤੂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਸਰਕਾਰ ਦੇ ਹੁਕਮਾਂ ਨੂੰ ਟਿੱਚ ਸਮਝਿਆ ਜਾ ਰਿਹਾ ਹੈ। ਤਤਕਾਲੀ ਸਕੱਤਰ ਸਕੂਲ ਸਿੱਖਿਆ ਵੱਲੋਂ ਜਥੇਬੰਦੀ ਨਾਲ ਮੀਟਿੰਗ ਕੀਤੀ ਗਈ, ਜਿਸ ਦੌਰਾਨ ਉਨ੍ਹਾ ਨਾਲ ਹੋਈ ਵਿਚਾਰ ਚਰਚਾ ਅਨੁਸਾਰ ਕਰਮਚਾਰੀਆਂ ਨੂੰ ਪਹਿਲੀ ਅਪ੍ਰੈਲ 2018 ਤੋਂ ਅਧਿਆਪਕਾਂ ਦੀ ਤਰਜ਼ ’ਤੇ ਰੈਗੂਲਰ ਕਰਨ ਤੇ ਤਨਖਾਹਾਂ ਨਾ ਘਟਾਉਣ ਸਬੰਧੀ ਗੱਲਬਾਤ ਹੋਈ ਸੀ, ਜਿਸ ਦੌਰਾਨ ਉਨ੍ਹਾਂ ਨੂੰ ਬੇਨਤੀ ਪੱਤਰ ਵੀ ਦਿੱਤਾ ਗਿਆ ਸੀ ਪ੍ਰੰਤੂ 5 ਮਹੀਨੇ ਬੀਤਣ ’ਤੇ ਆਰਡਰ ਦੇਣ ਜਾਂ ਤਨਖਾਹਾਂ ਕਟੌਤੀ ਸਬੰਧੀ ਫੈਸਲਾ ਲੇਣ ਦੀ ਫਾਈਲ ਦਫਤਰ ਦੇ ਇਕ ਟੇਬਲ ਤੋਂ ਦੂਜੇ ਟੇਬਲ ’ਤੇ ਹੀ ਘੁੰਮ ਰਹੀ ਹੈ। ਜਾਣਕਾਰੀ ਦਿੰਦਿਆਂ ਸਰਬ ਸਿੱਖਿਆ ਅਭਿਆਨ ਮਿੱਡ ਡੇ ਮੀਲ ਦਫਤਰੀ ਕਰਮਚਾਰੀ ਯੂਨੀਅਨ ਦੇ ਆਗੂ ਸ਼ੋਭਿਤ ਭਗਤ, ਗਗਨਦੀਪ ਸ਼ਰਮਾ, ਰਾਜੀਵ ਸ਼ਰਮਾ, ਗਗਨ ਸਿਆਲ ਨੇ ਕਿਹਾ ਕਿ ਅੱਜ ਦੀ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਹੋਣ ਵਾਲੀ ਮੀਟਿੰਗ ’ਚ ਜੇਕਰ ਤਨਖਾਹ ਕਟੌਤੀ ਦਾ ਤੇ ਪਹਿਲੀ ਅਪਰੈਲ 2018 ਤੋਂ ਰੈਗੂਲਰ ਆਰਡਰ ਦੇਣ ਸਬੰਧੀ ਕੋਈ ਫੈਸਲਾ ਨਾ ਹੋਇਆ ਤਾਂ ਮੁਲਾਜ਼ਮ ਮੁੱਖ ਮੰਤਰੀ, ਵਿੱਤ ਮੰਤਰੀ ਤੇ ਸਿੱਖਿਆ ਮੰਤਰੀ ਦੇ ਘਰਾਂ ਵੱਲ ਗੁਪਤ ਐਕਸ਼ਨ ਕਰਨ ਨੂੰ ਮਜ਼ਬੂਰ ਹੋਣਗੇ।