
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਉਨ੍ਹਾਂ ਨੌਜਵਾਨ ਖਿਡਾਰੀਆਂ ਨੂੰ ਰਾਸ਼ਟਰੀ ਖੇਡ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰਬਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਅਤੇ ਉਨ੍ਹਾਂ ਨੂੰ ਅਨੁਸ਼ਾਸਨ, ਮਿਹਨਤ, ਟੀਮ ਭਾਵਨਾ ਤੇ ਜ਼ਿੰਮੇਵਾਰੀ ਦਾ ਪਾਠ ਪੜ੍ਹਾਉਂਦੀਆਂ ਹਨ।

ਤੇਜਿੰਦਰ ਕੌਰ ਥਿੰਦ, ਜਲੰਧਰ : ਓਲੰਪੀਅਨ ਮੇਜਰ ਧਿਆਨ ਚੰਦ ਦੇ 121ਵੇਂ ਜਨਮ ਦਿਹਾੜੇ ਅਤੇ ਰਾਸ਼ਟਰੀ ਖੇਡ ਦਿਵਸ ਦੇ ਮੌਕੇ ’ਤੇ ਸੁਰਜੀਤ ਹਾਕੀ ਸੁਸਾਇਟੀ ਵੱਲੋਂ ਸੁਰਜੀਤ ਹਾਕੀ ਸਟੇਡੀਅਮ, ਬਰਲਟਨ ਪਾਰਕ ਵਿਖੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੁਰਜੀਤ ਹਾਕੀ ਅਕੈਡਮੀ ਨਾਲ ਜੁੜੇ 100 ਉੱਭਰਦੇ ਹਾਕੀ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ ਗਈਆਂ।
ਸਮਾਗਮ ਵਿੱਚ ਜਲੰਧਰ ਦੇ ਡਿਪਟੀ ਕਮਿਸ਼ਨਰ ਅਤੇ ਸੁਰਜੀਤ ਹਾਕੀ ਸੁਸਾਇਟੀ ਦੇ ਪ੍ਰਧਾਨ ਵਰਜੀਤ ਸਿੰਘ ਵਾਲੀਆ (ਆਈ.ਏ.ਐੱਸ.) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਖਿਡਾਰੀਆਂ ਨੂੰ ਖੇਡ ਕਿੱਟਾਂ ਤਕਸੀਮ ਕੀਤੀਆਂ। ਉਨ੍ਹਾਂ ਨੌਜਵਾਨ ਖਿਡਾਰੀਆਂ ਨੂੰ ਰਾਸ਼ਟਰੀ ਖੇਡ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰਬਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਅਤੇ ਉਨ੍ਹਾਂ ਨੂੰ ਅਨੁਸ਼ਾਸਨ, ਮਿਹਨਤ, ਟੀਮ ਭਾਵਨਾ ਤੇ ਜ਼ਿੰਮੇਵਾਰੀ ਦਾ ਪਾਠ ਪੜ੍ਹਾਉਂਦੀਆਂ ਹਨ।
ਡੀ.ਸੀ. ਵਰਜੀਤ ਸਿੰਘ ਵਾਲੀਆ ਨੇ ਕਿਹਾ ਕਿ ਮੇਜਰ ਧਿਆਨ ਚੰਦ ਦਾ ਜੀਵਨ ਅਤੇ ਖੇਡ ਪ੍ਰਤੀ ਉਨ੍ਹਾਂ ਦਾ ਸਮਰਪਣ ਨੌਜਵਾਨ ਖਿਡਾਰੀਆਂ ਲਈ ਪ੍ਰੇਰਨਾ ਦਾ ਸਰੋਤ ਹੈ। ਉਨ੍ਹਾਂ 1928, 1932 ਅਤੇ 1936 ਦੀਆਂ ਓਲੰਪਿਕ ਖੇਡਾਂ ਵਿੱਚ ਭਾਰਤ ਦੀ ਨੁਮਾਇੰਦਗੀ ਕਰਦਿਆਂ ਦੇਸ਼ ਲਈ ਸੋਨੇ ਦੇ ਤਗਮੇ ਜਿੱਤੇ ਅਤੇ ਭਾਰਤੀ ਹਾਕੀ ਨੂੰ ਵਿਸ਼ਵ ਪੱਧਰ ’ਤੇ ਵੱਖਰੀ ਪਛਾਣ ਦਿਵਾਈ। ਉਨ੍ਹਾਂ ਨੌਜਵਾਨਾਂ ਨੂੰ ਖੇਡਾਂ ਨੂੰ ਜੀਵਨ ਦਾ ਅਹਿਮ ਹਿੱਸਾ ਬਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਜਲੰਧਰ ਨੂੰ 'ਹਾਕੀ ਦੀ ਨਰਸਰੀ' ਵਜੋਂ ਜਾਣਿਆ ਜਾਂਦਾ ਹੈ ਅਤੇ ਇਸ ਵਿਰਾਸਤ ਨੂੰ ਅੱਗੇ ਵਧਾਉਣ ਲਈ ਖਿਡਾਰੀਆਂ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।
ਇਸ ਮੌਕੇ ਸੁਸਾਇਟੀ ਦੇ ਕਾਰਜਕਾਰੀ ਪ੍ਰਧਾਨ ਲੇਖ ਰਾਜ ਨਈਅਰ ਨੇ ਡਿਪਟੀ ਕਮਿਸ਼ਨਰ ਦਾ ਸਵਾਗਤ ਕਰਦਿਆਂ ਦੱਸਿਆ ਕਿ 100 ਖਿਡਾਰੀਆਂ ਨੂੰ ਕਿੱਟਾਂ ਦੇਣ ਦਾ ਮਨੋਰਥ ਜ਼ਮੀਨੀ ਪੱਧਰ 'ਤੇ ਹਾਕੀ ਪ੍ਰਤਿਭਾ ਨੂੰ ਉਤਸ਼ਾਹਿਤ ਕਰਨਾ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਪ੍ਰਤਿਭਾਸ਼ਾਲੀ ਖਿਡਾਰੀਆਂ ਦੀ ਮਦਦ ਕਰਨਾ ਹੈ। ਸਮਾਗਮ ਦੌਰਾਨ ਡਿਪਟੀ ਕਮਿਸ਼ਨਰ, ਸੁਸਾਇਟੀ ਅਹੁਦੇਦਾਰਾਂ, ਕੋਚਾਂ ਅਤੇ ਖਿਡਾਰੀਆਂ ਨੇ ਮੇਜਰ ਧਿਆਨ ਚੰਦ ਦੀ ਯਾਦ ਵਿੱਚ ਕੇਕ ਵੀ ਕੱਟਿਆ।
ਸੁਸਾਇਟੀ ਦੇ ਸੀ.ਈ.ਓ. ਇਕਬਾਲ ਸਿੰਘ ਸੰਧੂ ਨੇ ਦੱਸਿਆ ਕਿ ਇਹ ਖੇਡ ਕਿੱਟਾਂ ਪੰਜਾਬ ਸਰਕਾਰ ਦੇ ਖੇਡ ਵਿਭਾਗ ਅਤੇ ਸੁਰਜੀਤ ਹਾਕੀ ਸੁਸਾਇਟੀ ਵੱਲੋਂ ਡਾ. ਬੀ.ਐੱਸ. ਜੌਹਲ (ਮੈਨੇਜਿੰਗ ਡਾਇਰੈਕਟਰ, ਜੌਹਲ ਸੁਪਰ ਸਪੈਸ਼ਲਿਟੀ ਹਸਪਤਾਲ) ਦੇ ਸਹਿਯੋਗ ਨਾਲ ਮੁਹੱਈਆ ਕਰਵਾਈਆਂ ਗਈਆਂ ਹਨ।
ਇਸ ਮੌਕੇ ਕਾਰਜਕਾਰੀ ਪ੍ਰਧਾਨ ਲਖਵਿੰਦਰਪਾਲ ਸਿੰਘ ਖਹਿਰਾ, ਮਹਾਂਸਕੱਤਰ ਸੁਰਿੰਦਰ ਸਿੰਘ ਭਾਪਾ, ਆਨਰੇਰੀ ਸਕੱਤਰ ਰਣਬੀਰ ਸਿੰਘ ਟੂਟ, ਸੀਨੀਅਰ ਮੀਤ ਪ੍ਰਧਾਨ ਰਾਮ ਪ੍ਰਤਾਪ, ਓਲੰਪੀਅਨ ਰਾਜਿੰਦਰ ਸਿੰਘ, ਗੌਰਵ ਅਗਰਵਾਲ, ਕਰਨਦੀਪ ਸਿੰਘ ਤੋਂ ਇਲਾਵਾ ਹਾਕੀ ਕੋਚ ਪਰਦੀਪ ਕੌਰ, ਬਿੰਦੂ, ਸੀਤਾ ਦੇਵੀ ਸਮੇਤ ਹੋਰ ਪਤਵੰਤੇ, ਖਿਡਾਰੀ ਅਤੇ ਮਾਪੇ ਹਾਜ਼ਰ ਸਨ।