- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਤਿਆਰ, ਦਰਸ਼ਕ ਮੁਫ਼ਤ ਦੇਖ ਸਕਣਗੇ ਮੈਚ

ਦਰਸ਼ਕ ਮੁਫ਼ਤ ਦੇਖ ਸਕਣਗੇ ਮੈਚ
ਸੀਨੀਅਰ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਜਲੰਧਰ : ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੇ ਲੀਗ ਮੈਚਾਂ ਲਈ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਪੂਰੀ ਤਰ੍ਹਾਂ ਤਿਆਰ ਹੋ ਚੁੱਕਾ ਹੈ। 7 ਹਜ਼ਾਰ ਦਰਸ਼ਕਾਂ ਦੀ ਸਮਰੱਥਾ ਵਾਲੇ ਇਸ ਸਟੇਡੀਅਮ ਨੂੰ ਅੰਤਰਰਾਸ਼ਟਰੀ ਪੱਧਰ ਦੀਆਂ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ। 27 ਅਕਤੂਬਰ ਨੂੰ ਟੂਰਨਾਮੈਂਟ ਦੀ ਸ਼ੁਰੂਆਤ ਹੋਵੇਗੀ। ਭਾਰਤ ਤੇ ਬੰਗਲਾਦੇਸ਼ ਵਿਚਾਲੇ ਹੋਣ ਵਾਲੇ ਪਹਿਲੇ ਮੁਕਾਬਲੇ ਤੋਂ ਪਹਿਲਾਂ ਸ਼ਾਨਦਾਰ ਉਦਘਾਟਨੀ ਸਮਾਰੋਹ ਕਰਵਾਇਆ ਜਾਵੇਗਾ। ਇਸ ਦੌਰਾਨ ਪੰਜਾਬ ਦੇ ਰਵਾਇਤੀ ਲੋਕ ਨਾਚ ਭੰਗੜੇ ਤੇ ਗਿੱਧੇ ਦੇ ਨਾਲ-ਨਾਲ ਸਿੱਖ ਮਾਰਸ਼ਲ ਆਰਟ ਗੱਤਕੇ ਦੀ ਪੇਸ਼ਕਾਰੀ ਹੋਵੇਗੀ। ਡਰੋਨ ਸ਼ੋਅ ਰਾਹੀਂ ਹਾਕੀ ਦੇ ਇਤਿਹਾਸ ਨੂੰ ਦਰਸਾਇਆ ਜਾਵੇਗਾ, ਜਦਕਿ ਪੰਜਾਬੀ ਗਾਇਕ ਨਿੰਜਾ ਆਪਣੇ ਗੀਤਾਂ ਰਾਹੀਂ ਦਰਸ਼ਕਾਂ ਦਾ ਮਨੋਰੰਜਨ ਕਰਨਗੇ।
ਏਸ਼ੀਅਨ ਚੈਂਪੀਅਨਜ਼ ਟਰਾਫੀ ਪੰਜਾਬ-2026 ਦੇ ਦੋਵਾਂ ਸਥਾਨਾਂ ’ਤੇ ਦਰਸ਼ਕਾਂ ਲਈ ਦਾਖ਼ਲਾ ਮੁਫ਼ਤ ਰਹੇਗਾ। ਦਰਸ਼ਕਾਂ ਦੇ ਵਾਹਨਾਂ ਲਈ ਪਾਰਕਿੰਗ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਉਨ੍ਹਾਂ ਨੂੰ ਮੈਚ ਸ਼ੁਰੂ ਹੋਣ ਤੋਂ ਇੱਕ ਘੰਟਾ ਪਹਿਲਾਂ ਸਟੇਡੀਅਮ ਪਹੁੰਚਣ ਦੀ ਅਪੀਲ ਕੀਤੀ ਗਈ ਹੈ। ਸਟੇਡੀਅਮ ਦੇ ਆਲੇ-ਦੁਆਲੇ ਦੇ ਇਲਾਕੇ ਨੂੰ ਪੋਸਟਰਾਂ ਤੇ ਆਕਰਸ਼ਕ ਸਜਾਵਟ ਨਾਲ ਸ਼ਿੰਗਾਰਿਆ ਗਿਆ ਹੈ। ਹਾਕੀ ਦੀਆਂ ਵੱਡੀਆਂ-ਵੱਡੀਆਂ ਆਕ੍ਰਿਤੀਆਂ ’ਤੇ 6 ਦੇਸ਼ਾਂ ਦੇ ਝੰਡੇ ਵੀ ਲਾਏ ਗਏ ਹਨ।
---------------
ਦਰਸ਼ਕਾਂ ਦੀ ਸਹੂਲਤ ਲਈ ਪਾਰਕਿੰਗ ਅਤੇ ਆਵਾਜਾਈ ਦੇ ਪੁਖ਼ਤਾ ਪ੍ਰਬੰਧ
ਪੁਲਿਸ ਪ੍ਰਸ਼ਾਸਨ ਵੱਲੋਂ ਦਰਸ਼ਕਾਂ ਦੀ ਸਹੂਲਤ ਲਈ ਪਾਰਕਿੰਗ ਤੇ ਆਵਾਜਾਈ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਵੀਵੀਆਈਪੀ ਮਹਿਮਾਨਾਂ ਅਤੇ ਟੀਮਾਂ ਦੀ ਸਟੇਡੀਅਮ ’ਚ ਐਂਟਰੀ ਗੁਲਾਬ ਦੇਵੀ ਰੋਡ ਰਾਹੀਂ ਹੋਵੇਗੀ। ਉਨ੍ਹਾਂ ਦੀ ਪਾਰਕਿੰਗ ਦਾ ਪ੍ਰਬੰਧ ਵੀ ਇਸੇ ਰਸਤੇ ’ਤੇ ਕੀਤਾ ਗਿਆ ਹੈ। ਦੂਜੇ ਪਾਸੇ ਦਰਸ਼ਕ ਡੀਏਵੀ ਕਾਲਜ ਫਲਾਈਓਵਰ ਦੀ ਸਰਵਿਸ ਰੋਡ ਰਾਹੀਂ ਸਟੇਡੀਅਮ ’ਚ ਦਾਖ਼ਲ ਹੋ ਸਕਣਗੇ। ਇਸ ਰਸਤੇ ਰਾਹੀਂ ਦਰਸ਼ਕਾਂ ਦੇ ਦੋਪਹੀਆ ਤੇ ਚਾਰ ਪਹੀਆ ਵਾਹਨਾਂ ਨੂੰ ਐਂਟਰੀ ਦਿੱਤੀ ਜਾਵੇਗੀ। ਪਾਰਕਿੰਗ ਵਾਲੀ ਥਾਂ ਤੋਂ ਸਟੇਡੀਅਮ ਤੱਕ ਪਹੁੰਚਣ ਲਈ ਦਰਸ਼ਕਾਂ ਨੂੰ ਲਗਪਗ 100 ਮੀਟਰ ਦਾ ਸਫ਼ਰ ਪੈਦਲ ਤੈਅ ਕਰਨਾ ਪਵੇਗਾ। ਪੁਲਿਸ ਪ੍ਰਸ਼ਾਸਨ ਨੇ ਦਰਸ਼ਕਾਂ ਨੂੰ ਸਮੇਂ ਤੋਂ ਪਹਿਲਾਂ ਪਹੁੰਚਣ ਤੇ ਸੁਰੱਖਿਆ ਸਬੰਧੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।
------------------------
ਓਲੰਪੀਅਨ ਸੁਰਜੀਤ ਸਿੰਘ ਦੇ ਕਾਂਸੀ ਦੇ ਬੁੱਤ ਦਾ ਉਦਘਾਟਨ
ਭਾਰਤੀ ਹਾਕੀ ਦੇ ਮਹਾਨ ਖਿਡਾਰੀ ਓਲੰਪੀਅਨ ਸੁਰਜੀਤ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸੋਮਵਾਰ ਨੂੰ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ਉਨ੍ਹਾਂ ਦੇ ਕਾਂਸੀ ਦੇ ਬੁੱਤ ਦਾ ਉਦਘਾਟਨ ਕੀਤਾ ਗਿਆ। ਬੁੱਤ ਦਾ ਉਦਘਾਟਨ ਹਾਕੀ ਪੰਜਾਬ ਦੇ ਪ੍ਰਧਾਨ ਨਿਤਿਨ ਕੋਹਲੀ, ਡੀਸੀ ਵਰਜੀਤ ਵਾਲੀਆ, ਸੀਪੀ ਸਤਿੰਦਰ ਸਿੰਘ, ਓਲੰਪੀਅਨ ਹਰਪ੍ਰੀਤ ਸਿੰਘ ਮੰਡੇਰ, ਬਲਜੀਤ ਸਿੰਘ ਢਿੱਲੋਂ ਤੇ ਕੌਮਾਂਤਰੀ ਹਾਕੀ ਖਿਡਾਰੀ ਜਗਦੀਪ ਸਿੰਘ ਗਿੱਲ ਨੇ ਕੀਤਾ। ਨਿਤਿਨ ਕੋਹਲੀ, ਡੀਸੀ ਵਾਲੀਆ ਤੇ ਸੀਪੀ ਸਤਿੰਦਰ ਸਿੰਘ ਨੇ ਕਿਹਾ ਕਿ ਇਹ ਬੁੱਤ ਨੌਜਵਾਨ ਤੇ ਉੱਭਰਦੇ ਖਿਡਾਰੀਆਂ ਲਈ ਪ੍ਰੇਰਣਾ ਸਰੋਤ ਬਣੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਇਹ ਦੂਰਅੰਦੇਸ਼ੀ ਸੋਚ ਹੈ ਕਿ ਸੂਬੇ ਦੀ ਪੁਰਾਤਨ ਖੇਡ ਵਿਰਾਸਤ ਨੂੰ ਮੁੜ ਸੁਰਜੀਤ ਕੀਤਾ ਜਾਵੇ। ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਇਸ ਸਟੇਡੀਅਮ ਨੂੰ ਮਹਾਨ ਓਲੰਪੀਅਨ ਸੁਰਜੀਤ ਸਿੰਘ ਨੂੰ ਸਮਰਪਿਤ ਕੀਤਾ ਜਾ ਚੁੱਕਾ ਹੈ।
-------------------------
ਦਰਸ਼ਕਾਂ ’ਚ ਉਤਸ਼ਾਹ ਪੈਦਾ ਕਰਨ ਲਈ ਐਂਟਰੀ ਬਿਲਕੁਲ ਮੁਫ਼ਤ
ਜਲੰਧਰ : ਦਰਸ਼ਕਾਂ ’ਚ ਉਤਸ਼ਾਹ ਪੈਦਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਸਟੇਡੀਅਮ ’ਚ ਐਂਟਰੀ ਬਿਲਕੁਲ ਮੁਫ਼ਤ ਕਰਨ ਦਾ ਐਲਾਨ ਕੀਤਾ ਗਿਆ ਹੈ। ਦਰਸ਼ਕ www.ticketgenie.in ਜਾਂ ਮੋਬਾਈਲ ਐਪ ਰਾਹੀਂ ਰਜਿਸਟ੍ਰੇਸ਼ਨ ਕਰਵਾ ਕੇ ਕਿਊਆਰ ਕੋਡ ਵਾਲੇ ਡਿਜੀਟਲ ਪਾਸ ਆਸਾਨੀ ਨਾਲ ਪ੍ਰਾਪਤ ਕਰ ਸਕਦੇ ਹਨ। ਪੁਲਿਸ ਪ੍ਰਸ਼ਾਸਨ ਨੇ ਦਰਸ਼ਕਾਂ ਨੂੰ ਮੈਚ ਸ਼ੁਰੂ ਹੋਣ ਤੋਂ ਇੱਕ ਘੰਟਾ ਪਹਿਲਾਂ ਸਟੇਡੀਅਮ ਪਹੁੰਚਣ ਦੀ ਅਪੀਲ ਕੀਤੀ ਹੈ।