ਕਿਸਾਨ ਤੇ ਹੋਰ ਜੱਥੇਬੰਦੀਆਂ ਵੱਲੋਂ ਜ਼ਿਲ੍ਹਾ ਹੈੱਡਕੁਆਟਰਾਂ ’ਤੇ ਧਰਨੇ 16 ਨੂੰ
16 ਜਨਵਰੀ ਨੂੰ ਕਿਸਾਨ ਬਾਕੀ ਜੱਥੇਬੰਦੀਆਂ ਨਾਲ ਮਿਲ ਕੇ ਜ਼ਿਲ੍ਹਾ ਹੈੱਡਕੁਆਟਰਾਂ ਉੱਪਰ ਲਗਾਉਣਗੇ ਧਰਨੇ
Publish Date: Mon, 05 Jan 2026 07:11 PM (IST)
Updated Date: Tue, 06 Jan 2026 04:09 AM (IST)

-ਜਮਹੂਰੀ ਕਿਸਾਨ ਸਭਾ ਦੀ ਹੋਈ ਮੀਟਿੰਗ, ਤਿਆਰੀ ਸਬੰਧੀ ਕੀਤੀ ਚਰਚਾ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਜਮਹੂਰੀ ਕਿਸਾਨ ਸਭਾ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਸ਼ਹੀਦ ਸਰਵਣ ਸਿੰਘ ਚੀਮਾ ਭਵਨ ਗੜ੍ਹਾ ਵਿਖੇ ਡਾ. ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ’ਚ ਮਤਾ ਪਾਸ ਕਰਕੇ ਅਮਰੀਕਾ ਵੱਲੋਂ ਵੈਨਜ਼ੂਏਲਾ ਉੱਪਰ ਕੀਤੇ ਹਮਲੇ ਦੀ ਨਿਖੇਧੀ ਕਰ ਕੇ ਉੱਥੇ ਦੇ ਗ੍ਰਿਫਤਾਰ ਕੀਤੇ ਗਏ ਰਾਸ਼ਟਰਪਤੀ ਤੇ ਉਸ ਦੇ ਪਰਿਵਾਰ ਨੂੰ ਰਿਹਾ ਕਰਨ ਦੀ ਮੰਗ ਕੀਤੀ ਗਈ। ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਨੇ ਆਖਿਆ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਮਨਰੇਗਾ ਕਾਨੂੰਨ ਬਦਲਣ, ਚਾਰ ਲੇਬਰ ਕੋਡ ਲਾਗੂ ਕਰਨ, ਬਿਜਲੀ ਸੋਧ ਬਿੱਲ 2025 ਤੇ ਬੀਜ ਬਿੱਲ ਦੇ ਵਿਰੋਧ ’ਚ 16 ਜਨਵਰੀ ਨੂੰ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਵਿਸ਼ਾਲ ਧਰਨੇ ਮਾਰ ਕੇ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਧਰਨਿਆਂ ’ਚ ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਲ ਕਿਸਾਨ ਜਥੇਬੰਦੀਆਂ ਤੋਂ ਇਲਾਵਾ ਦਿਹਾਤੀ ਮਜ਼ਦੂਰ, ਕਾਰਖਾਨਿਆਂ ਦੇ ਮਜ਼ਦੂਰ, ਮੁਲਾਜ਼ਮ, ਨੌਜਵਾਨ, ਵਿਦਿਆਰਥੀ ਤੇ ਔਰਤਾਂ ਦੀਆਂ ਜੱਥੇਬੰਦੀਆਂ ਵੀ ਵੱਡੇ ਪੱਧਰ ’ਤੇ ਸ਼ਮੂਲੀਅਤ ਕਰਨਗੀਆਂ। ਉਨ੍ਹਾਂ ਕਿਹਾ ਕਿ ਇਸ ਦੀ ਤਿਆਰੀ ਲਈ 10 ਜਨਵਰੀ ਨੂੰ ਸਾਰੀਆਂ ਜੱਥੇਬੰਦੀਆਂ ਦੀਆਂ ਸਾਂਝੀਆਂ ਮੀਟਿੰਗਾਂ ਕਰਕੇ ਰੋਸ ਪ੍ਰਦਰਸ਼ਨਾਂ ਦੀ ਤਿਆਰੀ ਹੋਰ ਤੇਜ਼ ਕਰ ਦਿੱਤੀ ਜਾਵੇਗੀ। ਸੂਬਾ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਮੰਗ ਕੀਤੀ ਕਿ ਪਿਛਲੇ ਅੰਦੋਲਨ ਦੌਰਾਨ ਕਿਸਾਨਾਂ ਦੀਆਂ ਮੰਨੀਆਂ ਮੰਗਾਂ ਨੂੰ ਸਰਕਾਰ ਲਾਗੂ ਕਰੇ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਭਰੇ ਲਹਿਜੇ ’ਚ ਕਿਹਾ ਕਿ ਜੇ ਕੇਂਦਰ ਤੇ ਸੂਬਾ ਸਰਕਾਰ ਨੇ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਉਹ ਆਪਣੇ ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ ਮਜਬੂਰ ਹੋਣਗੇ।