ਪੰਜਾਬੀ ਜਾਗਰਣ ਕੇਂਦਰ, ਜਲੰਧਰ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 26 ਜਨਵਰੀ ਨੂੰ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ 73ਵੇਂ ਗਣਤੰਤਰ ਦਿਵਸ ਸਮਾਗਮ ਮੌਕੇ ਕੌਮੀ ਝੰਡਾ ਲਹਿਰਾਉਣਗੇ। ਕੋਵਿਡ ਕੇਸਾਂ ਵਿਚ ਵਾਧੇ ਤੇ ਸਿਹਤ ਵਿਭਾਗ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੇ ਮੱਦੇਨਜ਼ਰ ਪੂਰੇ ਸਮਾਗਮ ਨੂੰ ਦੇਸ਼ ਭਗਤੀ ਦੇ ਜਜ਼ਬੇ ਨਾਲ ਕੋਵਿਡ-19 ਪੋ੍ਟੋਕੋਲ ਦੀ ਸਖ਼ਤੀ ਨਾਲ ਪਾਲਣਾ ਕਰਦੇ ਹੋਏ ਮਨਾਇਆ ਜਾਵੇਗਾ ਤੇ ਇਸ ਵਾਰ ਇਕੱਠ ਵੀ ਸੀਮਤ ਰਹੇਗਾ। ਵਧੀਕ ਡਿਪਟੀ ਕਮਿਸ਼ਨਰ (ਜ) ਅਮਰਜੀਤ ਬੈਂਸ ਨੇ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਮਾਗਮ ਵਾਲੀ ਥਾਂ ਦਾ ਦੌਰਾ ਕਰਦਿਆਂ ਕਿਹਾ ਕਿ ਸਾਰੇ ਕੋਵਿਡ ਸੁਰੱਖਿਆ ਪੋ੍ਟੋਕੋਲ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇਗੀ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ ਸਮੁੱਚੇ ਲੋੜੀਂਦੇ ਪ੍ਰਬੰਧਾਂ ਨੂੰ ਪਹਿਲਾਂ ਹੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਸ ਵਾਰ ਸਮਾਗਮ ਲੋਕਾਂ ਦੀ ਸੀਮਤ ਸ਼ਮੂਲੀਅਤ ਨਾਲ ਮਨਾਇਆ ਜਾ ਰਿਹਾ ਹੈ। ਬਸ਼ਰਤੇ ਕਿ ਉਨ੍ਹਾਂ ਵੱਲੋਂ ਕੋਵਿਡ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲਗਵਾਈਆਂ ਜਾ ਚੁੱਕੀਆਂ ਹੋਣ। ਉਨ੍ਹਾਂ ਅੱਗੇ ਦੱਸਿਆ ਕਿ ਸਮਾਗਮ ਦੌਰਾਨ ਕੋਈ ਸੱਭਿਆਚਾਰਕ ਤੇ ਪੀਟੀ ਸ਼ੋਅ ਨਹੀਂ ਹੋਵੇਗਾ ਤੇ ਮੁੱਖ ਮਹਿਮਾਨ ਰਾਸ਼ਟਰੀ ਝੰਡਾ ਲਹਿਰਾਉਣਗੇ, ਆਪਣਾ ਭਾਸ਼ਣ ਦੇਣਗੇ ਤੇ ਮਾਰਚ ਪਾਸਟ ਤੋਂ ਸਲਾਮੀ ਲੈਣਗੇ।