ਵੈਬ ਡੈਸਕ, ਜਲੰਧਰ : ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ, ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ 74ਵੇਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ ਮੌਕੇ ਪੰਜਾਬ ਪੁਲਿਸ ਦੇ ਪੀਪੀਐੱਸ ਅਧਿਕਾਰੀ ਕਮਾਂਡੈਂਟ ਆਰਟੀਸੀ ਪੀਏਪੀ ਜਲੰਧਰ ਮਨਦੀਪ ਸਿੰਘ ਨੂੰ ਵਿਲੱਖਣ ਸੇਵਾਵਾਂ ਬਦਲੇ ਪੁਲਿਸ ਮੈਡਲ (ਪੀਐਮਐਮਐਸ) ਨਾਲ ਸਨਮਾਨਿਤ ਕਰਨ ਦਾ ਐਲਾਨ ਕੀਤਾ ਹੈ।

ਇਸ ਤੋਂ ਇਲਾਵਾ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਪ੍ਰੋਵੀਜ਼ਨਿੰਗ ਐਂਡ ਮਾਡਰਨਾਈਜ਼ੇਸ਼ਨ ਜੀ ਨਾਗੇਸ਼ਵਰ ਰਾਓ, ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਬਾਰਡਰ ਰੇਂਜ ਅੰਮ੍ਰਿਤਸਰ ਮੋਹਨੀਸ਼ ਚਾਵਲਾ ਅਤੇ ਸੀਨੀਅਰ ਪੁਲਿਸ ਸੁਪਰਡੰਟ ਆਫ਼ ਪੁਲਿਸ (ਐਸਐਸਪੀ) ਸ੍ਰੀ ਮੁਕਤਸਰ ਸਾਹਿਬ ਓਪਿੰਦਰਜੀਤ ਸਿੰਘ ਘੁੰਮਣ ਸਮੇਤ ਤਿੰਨ ਆਈ.ਪੀ.ਐਸ. ਅਫ਼ਸਰਾਂ ਨੂੰ ਵਿਲੱਖਣ ਸੇਵਾਵਾਂ ਬਦਲੇ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੰਦਿਆਂ ਇਨ੍ਹਾਂ ਅਧਿਕਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਅਤੇ ਸਮੁੱਚੀ ਪੰਜਾਬ ਪੁਲਿਸ ਫੋਰਸ ਦਾ ਮਨੋਬਲ ਵਧਾਉਣ ਲਈ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਮਾਨਤਾ ਪੁਲਿਸ ਫੋਰਸ ਨੂੰ ਵਧੇਰੇ ਲਗਨ ਅਤੇ ਤਨਦੇਹੀ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ, ਜਿਸ ਦੀ ਵੱਖ-ਵੱਖ ਸੁਰੱਖਿਆ ਚੁਣੌਤੀਆਂ ਵਾਲੇ ਸਰਹੱਦੀ ਸੂਬੇ ਵਿੱਚ ਬਹੁਤ ਲੋੜ ਹੈ।

Posted By: Jagjit Singh