ਸਾਬਕਾ MP ਸੰਤੋਖ ਸਿੰਘ ਚੌਧਰੀ ਦੀ ਤੀਜੀ ਬਰਸੀ ਮੌਕੇ ਸਿਆਸੀ ਦਿੱਗਜਾਂ ਨੇ ਦਿੱਤੀ ਸ਼ਰਧਾਂਜਲੀ, ਸ਼ਰਧਾ ਦੇ ਫੁੱਲ ਕੀਤੇ ਭੇਟ
ਜਲੰਧਰ ਦੇ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਪੰਜਾਬ ਦੇ ਸਾਬਕਾ ਮੰਤਰੀ ਸਵ. ਸੰਤੋਖ ਸਿੰਘ ਚੌਧਰੀ ਦੀ ਤੀਜੀ ਬਰਸੀ ਅੱਜ ਫਿਲੌਰ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਪ੍ਰਗਤੀ ਨਿਵਾਸ’ ਵਿਖੇ ਪੂਰੀ ਸ਼ਰਧਾ ਭਾਵਨਾ ਨਾਲ ਮਨਾਈ ਗਈ। ਇਸ ਮੌਕੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਸੀਨੀਅਰ ਆਗੂਆਂ, ਧਾਰਮਿਕ ਜਥੇਬੰਦੀਆਂ ਅਤੇ ਇਲਾਕਾ ਨਿਵਾਸੀਆਂ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
Publish Date: Wed, 14 Jan 2026 04:01 PM (IST)
Updated Date: Wed, 14 Jan 2026 04:04 PM (IST)

ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ: ਜਲੰਧਰ ਦੇ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਪੰਜਾਬ ਦੇ ਸਾਬਕਾ ਮੰਤਰੀ ਸਵ. ਸੰਤੋਖ ਸਿੰਘ ਚੌਧਰੀ ਦੀ ਤੀਜੀ ਬਰਸੀ ਅੱਜ ਫਿਲੌਰ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਪ੍ਰਗਤੀ ਨਿਵਾਸ’ ਵਿਖੇ ਪੂਰੀ ਸ਼ਰਧਾ ਭਾਵਨਾ ਨਾਲ ਮਨਾਈ ਗਈ। ਇਸ ਮੌਕੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਸੀਨੀਅਰ ਆਗੂਆਂ, ਧਾਰਮਿਕ ਜਥੇਬੰਦੀਆਂ ਅਤੇ ਇਲਾਕਾ ਨਿਵਾਸੀਆਂ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਗੁਰਬਾਣੀ ਦੇ ਕੀਰਤਨ ਨਾਲ ਹੋਈ ਸਮਾਗਮ ਦੀ ਸ਼ੁਰੂਆਤ
ਬਰਸੀ ਸਮਾਗਮ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਤੋਂ ਬਾਅਦ ਰਾਗੀ ਜਥਿਆਂ ਨੇ ਵੈਰਾਗਮਈ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਸਮਾਗਮ ਦੌਰਾਨ ਮਾਤਾ ਕਰਮਜੀਤ ਕੌਰ ਅਤੇ ਹਲਕਾ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਆਈਆਂ ਸਖ਼ਸ਼ੀਅਤਾਂ ਦਾ ਸਵਾਗਤ ਕੀਤਾ।
ਸਿਆਸੀ ਆਗੂਆਂ ਨੇ ਸਾਂਝੀਆਂ ਕੀਤੀਆਂ ਯਾਦਾਂ
ਸਮਾਗਮ ਵਿੱਚ ਪਹੁੰਚੇ ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਸਵ. ਚੌਧਰੀ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਇੱਕ ਨਿਮਰ ਅਤੇ ਮਿਲਣਸਾਰ ਸ਼ਖ਼ਸੀਅਤ ਦੇ ਮਾਲਕ ਸਨ। ਉਨ੍ਹਾਂ ਕਿਹਾ ਕਿ ਚੌਧਰੀ ਪਰਿਵਾਰ ਅਤੇ ਕਾਂਗਰਸ ਪਾਰਟੀ ਲਈ ਉਨ੍ਹਾਂ ਦਾ ਘਾਟਾ ਕਦੇ ਪੂਰਾ ਨਹੀਂ ਹੋ ਸਕਦਾ।
ਪ੍ਰਮੁੱਖ ਸ਼ਖ਼ਸ਼ੀਅਤਾਂ ਦੀ ਰਹੀ ਮੌਜੂਦਗੀ
ਇਸ ਮੌਕੇ ਹੋਰਨਾਂ ਤੋਂ ਇਲਾਵਾ ਨਵਜੋਤ ਸਿੰਘ ਦਾਹੀਆ, ਜਰਨੈਲ ਨੰਗਲ (ਪ੍ਰਧਾਨ ਲੋਕ ਇਨਸਾਫ਼ ਮੰਚ), ਬਾਬਾ ਸੁਖਵਿੰਦਰ ਸਿੰਘ (ਗੁਰਦੁਆਰਾ ਸਿੰਘਾਂ ਸ਼ਹੀਦਾਂ), ਮੱਖਣ ਸਿੰਘ ਖਹਿਰਾ ਅਤੇ ਦਾਰਾ ਸਿੰਘ ਗੁਰਾਇਆ ਸਮੇਤ ਕਈ ਸੀਨੀਅਰ ਕਾਂਗਰਸੀ ਆਗੂਆਂ ਨੇ ਵੀ ਹਾਜ਼ਰੀ ਭਰੀ।
ਸਮਾਗਮ ਦੌਰਾਨ ਦਵਿੰਦਰ ਸਿੰਘ ਲਸਾੜਾ, ਲਖਵਿੰਦਰ ਸਿੰਘ ਮੋਤੀਪੁਰ, ਜਸਵਿੰਦਰ ਸਿੰਘ ਜੱਸੀ, ਅਤੇ ਪ੍ਰਿਤਪਾਲ ਸਿੰਘ ਔਜਲਾ ਸਮੇਤ ਇਲਾਕੇ ਦੇ ਪੰਚਾਂ-ਸਰਪੰਚਾਂ ਅਤੇ ਵਰਕਰਾਂ ਨੇ ਸਵ. ਸੰਤੋਖ ਸਿੰਘ ਚੌਧਰੀ ਵੱਲੋਂ ਕੀਤੇ ਲੋਕ ਭਲਾਈ ਦੇ ਕਾਰਜਾਂ ਨੂੰ ਯਾਦ ਕੀਤਾ।