ਰਾਕੇਸ਼ ਗਾਂਧੀ, ਜਲੰਧਰ

ਥਾਣਾ ਨੰ. ਤਿੰਨ ਦੀ ਪੁਲਿਸ ਨੇ ਮੁਖ਼ਬਰ ਖ਼ਾਸ ਦੀ ਸੂਚਨਾ 'ਤੇ ਉਸ ਵੇਲੇ ਮੋਟਰਸਾਈਕਲ ਚੋਰ ਨੂੰ ਕਾਬੂ ਕਰ ਕੇ ਉਸ ਕੋਲੋਂ ਚੋਰੀ ਦਾ ਮੋਟਰਸਾਈਕਲ ਬਰਾਮਦ ਕਰ ਲਿਆ ਜਦ ਉਹ ਇਸ ਨੂੰ ਵੇਚਣ ਲਈ ਗਾਹਕ ਦੀ ਉਡੀਕ 'ਚ ਖੜ੍ਹਾ ਸੀ। ਗਿ੍ਫ਼ਤਾਰੀ ਤੋਂ ਬਾਅਦ ਉਸ ਦੀ ਨਿਸ਼ਾਨਦੇਹੀ 'ਤੇ ਪੁਲਿਸ ਨੇ ਚੋਰੀ ਦਾ ਇਕ ਹੋਰ ਮੋਟਰਸਾਈਕਲ ਵੀ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਗੁਰਪ੍ਰਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਥਾਣਾ ਤਿੰਨ ਦੇ ਮੁਖੀ ਸਬ ਇੰਸਪੈਕਟਰ ਮੁਕੇਸ਼ ਕੁਮਾਰ ਦੀ ਅਗਵਾਈ ਹੇਠ ਏਐੱਸਆਈ ਹਰਦਿਆਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਸਿੰਘ ਚੌਕ 'ਚ ਨਾਕੇਬੰਦੀ ਕੀਤੀ ਹੋਈ ਸੀ ਕਿ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਸੂਚਨਾ ਦਿੱਤੀ ਕਿ ਇਕ ਸ਼ੱਕੀ ਨੌਜਵਾਨ ਜਿਸ ਕੋਲ ਮੋਟਰਸਾਈਕਲ ਹੈ, ਪ੍ਰਤਾਪ ਬਾਗ ਦੇ ਪਿੱਛੇ ਪੈਂਦੇ ਇਕ ਮੰਦਰ ਕੋਲ ਖੜ੍ਹਾ ਹੈ। ਜਿਸ 'ਤੇ ਪੁਲਿਸ ਪਾਰਟੀ ਨੇ ਤੁਰੰਤ ਕਾਰਵਾਈ ਕਰਦੇ ਹੋਏ ਉਕਤ ਥਾਂ 'ਤੇ ਛਾਪੇਮਾਰੀ ਕੀਤੀ ਅਤੇ ਉਸ ਨੌਜਵਾਨ ਨੂੰ ਜਦ ਮੋਟਰਸਾਈਕਲ ਦੇ ਕਾਗਜ਼ਾਤ ਦਿਖਾਉਣ ਲਈ ਕਿਹਾ ਤਾਂ ਉਹ ਘਬਰਾ ਗਿਆ। ਜਦ ਉਸ ਕੋਲੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਉਸ ਨੇ ਮੰਨਿਆ ਕਿ ਇਹ ਮੋਟਰਸਾਈਕਲ ਚੋਰੀ ਦਾ ਹੈ। ਉਕਤ ਨੌਜਵਾਨ ਜਿਸ ਦੀ ਪਛਾਣ ਰਾਹੁਲ ਤੇਜੀ ਵਾਸੀ ਅਲੀ ਮੁਹੱਲਾ ਕਪੂਰਥਲਾ ਦੇ ਰੂਪ ਵਿਚ ਹੋਈ ਹੈ, ਨੂੰ ਗਿ੍ਫ਼ਤਾਰ ਕਰ ਕੇ ਉਸਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਅਤੇ ਉਸ ਕੋਲੋਂ ਕੀਤੀ ਗਈ ਪੁੱਛਗਿੱਛ ਤੋਂ ਬਾਅਦ ਉਸਦੀ ਨਿਸ਼ਾਨਦੇਹੀ 'ਤੇ ਇਕ ਹੋਰ ਮੋਟਰਸਾਈਕਲ ਜੋ ਉਸ ਨੇ ਕਿਸੇ ਉਜਾੜ ਥਾਂ 'ਤੇ ਲੁਕੋਇਆ ਹੋਇਆ ਸੀ, ਵੀ ਬਰਾਮਦ ਕਰ ਲਿਆ। ਮੁਲਜ਼ਮ ਕੋਲੋਂ ਪੁੱਛਗਿੱਛ ਲਈ ਪੁਲਿਸ ਰਿਮਾਂਡ ਲਿਆ ਜਾਵੇਗਾ।