- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
‘ਆਪ’ ਦੇ ਵਧ ਰਹੇ ਗ੍ਰਾਫ਼ ਤੋਂ ਬੁਖਲਾਏ ਵਿਰੋਧੀ : ਪਾਲਾ ਜਲਾਲਪੁਰੀਆ

---2027 ‘ਚ ਮੁੜ ‘ਆਪ’ ਸਰਕਾਰ ਬਣਨ ਦਾ ਕੀਤਾ ਦਾਅਵਾ
ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ: ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਦੇ ਇੰਚਾਰਜ ਬਲਵੀਰ ਸਿੰਘ ‘ਪਾਲਾ ਜਲਾਲਪੁਰੀਆ’ ਵੱਲੋਂ ਪੱਤਰਕਾਰਾਂ ਨਾਲ ਵਿਸ਼ੇਸ਼ ਮਿਲਣੀ ਕੀਤੀ ਗਈ। ਇਸ ਦੌਰਾਨ ਉਨ੍ਹਾਂ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦਿਆਂ ਵਿਰੋਧੀ ਪਾਰਟੀਆਂ ਉੱਤੇ ਤਿੱਖੇ ਹਮਲੇ ਕੀਤੇ ਅਤੇ ਦਾਅਵਾ ਕੀਤਾ ਕਿ ਸੂਬੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕ ਭਲਾਈ ਕਾਰਜਾਂ ਦੇ ਦਮ ‘ਤੇ 2027 ਵਿੱਚ ਮੁੜ ਸੱਤਾ ਵਿੱਚ ਆਵੇਗੀ। ਗੱਲਬਾਤ ਕਰਦਿਆਂ ਪਾਲਾ ਜਲਾਲਪੁਰੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੀ ਪਹਿਲੀ ਅਜਿਹੀ ਸਰਕਾਰ ਹੈ, ਜਿਸ ਨੇ ਆਪਣੇ ਕਾਰਜਕਾਲ ਦੇ ਸਾਢੇ ਚਾਰ ਸਾਲਾਂ ਦੌਰਾਨ ਜਨਤਾ ਨਾਲ ਕੀਤੇ ਲਗਭਗ ਸਾਰੇ ਅਹਿਮ ਵਾਅਦੇ ਜ਼ਮੀਨੀ ਪੱਧਰ ‘ਤੇ ਪੂਰੇ ਕਰ ਦਿੱਤੇ ਹਨ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਔਰਤਾਂ ਨੂੰ 1000 ਤੋਂ 1500 ਰੁਪਏ ਪ੍ਰਤੀ ਮਹੀਨਾ ਦੇਣ ਦੀ ਯੋਜਨਾ ਨਾਲ ਸਮਾਜ ਦੇ ਹਰ ਵਰਗ ਵਿਚ ਪਾਰਟੀ ਦਾ ਗ੍ਰਾਫ਼ ਬਹੁਤ ਤੇਜ਼ੀ ਨਾਲ ਉੱਪਰ ਗਿਆ ਹੈ। ਜਲਾਲਪੁਰੀਆ ਨੇ ਦੱਸਿਆ ਕਿ ਪਾਰਟੀ ਨੂੰ ਮਜ਼ਬੂਤ ਕਰਨ ਲਈ ਪਿੰਡ-ਪਿੰਡ ਲਗਾਤਾਰ ਦੌਰੇ ਕੀਤੇ ਜਾ ਰਹੇ ਹਨ। ਲੋਕ ਸਰਕਾਰ ਦੀਆਂ ਨੀਤੀਆਂ ਅਤੇ ਲੋਕ-ਪੱਖੀ ਫ਼ੈਸਲਿਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿਚ ਆਪ ਮੁਹਾਰੇ ‘ਆਪ’ ਪਰਿਵਾਰ ਵਿਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੇ ਸਮੇਂ ਵਿਚ ਪਾਰਟੀ ਦਾ ਅਧਾਰ ਹੋਰ ਵੀ ਵੱਧ ਮਜ਼ਬੂਤ ਹੋਵੇਗਾ। ਵਿਰੋਧੀਆਂ ਉੱਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸੀ ਆਗੂਆਂ ਵੱਲੋਂ ਹਲਕੇ ਵਿਚ ਹਾਰ ਦੇ ਡਰੋਂ ਡਰਾਵੇ ਅਤੇ ਦਬਾਉਣ ਦੀ ਘਟੀਆ ਰਾਜਨੀਤੀ ਕੀਤੀ ਜਾ ਰਹੀ ਹੈ ਅਤੇ ‘ਆਪ’ ਵਿਚ ਸ਼ਾਮਲ ਹੋ ਰਹੇ ਲੋਕਾਂ ਨੂੰ ਡਰਾਇਆ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਦਾ ਕੋਈ ਵੀ ਵਰਕਰ ਜਾਂ ਆਗੂ ਵਿਰੋਧੀਆਂ ਦੇ ਇਨ੍ਹਾਂ ਹੱਥਕੰਡਿਆਂ ਤੋਂ ਡਰਨ ਵਾਲਾ ਨਹੀਂ ਹੈ।
ਸ਼ਾਹਕੋਟ ਦੇ ਵਿਕਾਸ ਬਾਰੇ ਗੱਲ ਕਰਦਿਆਂ ਪਾਲਾ ਜਲਾਲਪੁਰੀਆ ਨੇ ਭਰੋਸਾ ਦਿੱਤਾ ਕਿ ਸ਼ਹਿਰ ਦੀਆਂ ਸਮੱਸਿਆਵਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਜਲਦ ਤੋਂ ਜਲਦ ਇਨ੍ਹਾਂ ਦਾ ਪੱਕਾ ਹੱਲ ਕੱਢਿਆ ਜਾਵੇਗਾ ਤਾਂ ਜੋ ਇਲਾਕਾ ਨਿਵਾਸੀਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਅੱਜ ਪੰਜਾਬ ਵਿਚ ਪੂਰੀ ਤਰ੍ਹਾਂ ਮਜ਼ਬੂਤ ਹੈ ਅਤੇ ਸਾਲ 2027 ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਦੁਬਾਰਾ ‘ਆਪ’ ਦੀ ਸਰਕਾਰ ਬਣੇਗੀ। ਇਸ ਮੌਕੇ ਹਲਕਾ ਸਿੱਖਿਆ ਕੋਆਰਡੀਨੇਟਰ ਜਤਿੰਦਰਪਾਲ ਬੱਲਾ, ਪਰਮਿੰਦਰ ਸਿੰਘ ਪੀਏ, ਸੋਨਾ ਮਸੀਹ ਆਦਿ ਹਾਜ਼ਰ ਸਨ।