ਬਿਜਲੀ ਦੇ ਅਣਐਲਾਨੇ ਕੱਟਾਂ ਖ਼ਿਲਾਫ਼ ਜਥੇਬੰਦੀਆਂ ਵੱਲੋਂ ਪੁਤਲਾ ਸਾੜਨ ਦੀ ਚਿਤਾਵਨੀ
ਬਿਜਲੀ ਦੇ ਅਣ ਐਲਾਨੇ ਕੱਟਾਂ ਖ਼ਿਲਾਫ਼ ਜੱਥੇਬੰਦੀਆਂ ਵੱਲੋਂ ਪੁਤਲਾ ਸਾੜਨ ਦੀ ਚੇਤਾਵਨੀ
Publish Date: Sun, 26 Apr 2026 07:02 PM (IST)
Updated Date: Sun, 26 Apr 2026 07:04 PM (IST)

ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ ਫਿਲੌਰ : ਪੰਜਾਬ ’ਚ ਵੱਧ ਰਹੇ ਬਿਜਲੀ ਦੇ ਅਣਐਲਾਨੇ ਕੱਟਾਂ ਨੂੰ ਲੈ ਕੇ ਕਿਸਾਨ ਤੇ ਸਮਾਜਿਕ ਜਥੇਬੰਦੀਆਂ ’ਚ ਰੋਸ ਪਾਇਆ ਜਾ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ (ਦੋਆਬਾ) ਜ਼ਿਲ੍ਹਾ ਜਲੰਧਰ ਦੇ ਆਗੂਆਂ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਨਾਰਾਜ਼ਗੀ ਜਤਾਈ ਹੈ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਢੇਸੀ, ਸੀਨੀਅਰ ਮੀਤ ਪ੍ਰਧਾਨ ਸੁਰਿੰਦਰਪਾਲ ਸਿੰਘ ਢੇਸੀ, ਜਰਨਲ ਸਕੱਤਰ ਤਰਸੇਮ ਸਿੰਘ ਢਿੱਲੋਂ, ਬਲਵਿੰਦਰ ਸਿੰਘ ਖਹਿਰਾ ਤੇ ਸਰਕਲ ਪ੍ਰਧਾਨ ਰਣਜੀਤ ਸਿੰਘ ਖੇਲਾ ਗੁਰਾਇਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਬਿਜਲੀ ਸਰਪਲਸ ਦੱਸਿਆ ਗਿਆ ਸੀ, ਪਰ ਹਕੀਕਤ ’ਚ ਲੋਕਾਂ ਨੂੰ ਦਿਨ-ਰਾਤ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਗੂਆਂ ਨੇ ਕਿਹਾ ਕਿ ਵਧਦੇ ਤਾਪਮਾਨ ਨਾਲ ਗਰਮੀ ਦਾ ਕਹਿਰ ਤੇਜ਼ ਹੋ ਰਿਹਾ ਹੈ, ਜਿਸ ਨਾਲ ਬਜ਼ੁਰਗਾਂ ਤੇ ਬੱਚਿਆਂ ਨੂੰ ਖਾਸ ਤੌਰ ’ਤੇ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਸਰਕਾਰ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ’ਚ ਅਸਫਲ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਬਿਜਲੀ ਦੇ ਅਣਐਲਾਨੇ ਕੱਟ ਤੁਰੰਤ ਬੰਦ ਨਾ ਕੀਤੇ ਗਏ ਤਾਂ ਜਥੇਬੰਦੀਆਂ ਲੋਕਾਂ ਦੇ ਸਾਥ ਨਾਲ ਤਿੱਖਾ ਸੰਘਰਸ਼ ਸ਼ੁਰੂ ਕਰਨਗੀਆਂ। ਇਸ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਵੱਲੋਂ ਗੁਰਾਇਆ ਪੁਲ ਹੇਠਾਂ ਪੰਜਾਬ ਸਰਕਾਰ ਤੇ ਬਿਜਲੀ ਮੰਤਰੀ ਦਾ ਪੁਤਲਾ ਸਾੜਿਆ ਜਾਵੇਗਾ।