- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੋਕ ਮਿਲਣੀ ਦੌਰਾਨ ਪਾਲਾ ਜਲਾਲਪੁਰ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਬਲਵੀਰ ਸਿੰਘ ਪਾਲਾ ਜਲਾਲਪੁਰ ਵੱਲੋਂ ਪਿੰਡ ਰੂਪੇਵਾਲ, ਨਿਮਾਜੀਪੁਰ ਅਤੇ ਖਾਨਪੁਰ ਰਾਜਪੂਤਾਂ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਤਹਿਤ ਪਿੰਡ ਵਾਸੀਆਂ ਨਾਲ ਰਾਬਤਾ ਕਾਇਮ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਪਿੰਡਾਂ ਦੇ ਲੋਕਾਂ ਨਾਲ ਮੁਲਾਕਾਤ ਕਰਕੇ ਮੁਸ਼ਕਿਲਾਂ, ਬੁਨਿਆਦੀ ਸਹੂਲਤਾਂ ਤੇ ਵਿਕਾਸ ਸਬੰਧੀ ਦਰਪੇਸ਼ ਮਸਲਿਆਂ ਨੂੰ ਬੜੀ ਗੰਭੀਰਤਾ ਨਾਲ ਸੁਣਿਆ। ਇਸ ਮੌਕੇ ਇਕੱਤਰ ਪਿੰਡ ਵਾਸੀਆਂ ਅਤੇ ਮੋਹਤਬਰਾਂ ਨਾਲ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕਰਦਿਆਂ ਪਾਲਾ ਜਲਾਲਪੁਰ ਨੇ ਪਿੰਡਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਤੇ ਅਧੂਰੇ ਪਏ ਵਿਕਾਸ ਕੰਮਾਂ ਨੂੰ ਜਲਦ ਪੂਰਾ ਕਰਵਾਉਣ ਲਈ ਚਰਚਾ ਕੀਤੀ। ਜਲਾਲਪੁਰ ਨੇ ਕਿਹਾ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕਰਨਾ ਤੇ ਸਮਾਜ ਦੇ ਹਰ ਵਰਗ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣਾ ਸਾਡੀ ਪਹਿਲੀ ਤਰਜੀਹ ਹੈ। ਹਲਕੇ ਦਾ ਸਰਬਪੱਖੀ ਵਿਕਾਸ ਬਿਨਾਂ ਕਿਸੇ ਪੱਖਪਾਤ ਤੋਂ ਕਰਵਾਇਆ ਜਾਵੇਗਾ ਤੇ ਆਮ ਲੋਕਾਂ ਦੀ ਆਵਾਜ਼ ਨੂੰ ਪ੍ਰਸ਼ਾਸਨ ਤੱਕ ਪਹੁੰਚਾ ਕੇ ਹਰ ਮੁਸ਼ਕਲ ਦਾ ਸਮੇਂ ਸਿਰ ਹੱਲ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਵਿਕਾਸ ਕਾਰਜਾਂ ਵਿਚ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਪਿੰਡ ਵਾਸੀਆਂ ਨੇ ਪਾਲਾ ਜਲਾਲਪੁਰ ਵੱਲੋਂ ਪਿੰਡਾਂ ਵਿਚ ਖ਼ੁਦ ਪਹੁੰਚ ਕੇ ਸਮੱਸਿਆਵਾਂ ਸੁਣਨ ਦੇ ਉਪਰਾਲੇ ਦੀ ਸ਼ਲਾਘਾ ਕੀਤੀ।