ਪੰਜਾਬੀ ਜਾਗਰਣ ਪ੍ਰਤੀਨਿਧ, ਜਲੰਧਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਮੈਂਬਰ ਤੇ ਕਾਂਗਰਸੀ ਆਗੂ ਪਰਮਜੀਤ ਸਿੰਘ ਰਾਏਪੁਰ ਨੇ ਨਗਰ ਨਿਗਮ ਦੀ ਜੁਆਇੰਟ ਕਮਿਸ਼ਨਰ ਗੁਰਵਿੰਦਰ ਕੌਰ ਰੰਧਾਵਾ ਨੂੰ ਸ਼ਿਕਾਇਤ ਦੇ ਕੇ ਦੋਸ਼ ਲਾਇਆ ਹੈ ਕਿ ਕੂਲ ਰੋਡ 'ਤੇ ਸਥਿਤ ਉਨ੍ਹਾਂ ਦੀ 12 ਮਰਲਾ ਜ਼ਮੀਨ 'ਤੇ ਕੁਝ ਲੋਕਾਂ ਨੇ ਕਬਜ਼ਾ ਕਰ ਕੇ ਨਾਜਾਇਜ਼ ਉਸਾਰੀ ਸ਼ੁਰੂ ਕਰ ਦਿੱਤੀ ਹੈ ਜਿਸ ਨੂੰ ਰੋਕਣ ਲਈ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਸ਼ਿਕਾਇਤ 'ਚ ਦੋਸ਼ ਲਾਇਆ ਹੈ ਕਿ ਉਨ੍ਹਾਂ ਦੀ 31 ਮਰਲਾ ਜ਼ਮੀਨ 'ਤੇ ਪਹਿਲਾਂ ਹੀ ਇਕ ਸਿਆਸੀ ਆਗੂ ਨੇ ਕਬਜ਼ਾ ਕੀਤਾ ਹੋਇਆ ਸੀ ਪਰ ਹੁਣ ਇਸ ਦੇ ਨਾਲ ਹੀ ਲੱਗਦੀ ਉਨ੍ਹਾਂ ਦੀ 12 ਮਰਲੇ ਜ਼ਮੀਨ 'ਤੇ ਵੀ ਕਬਜ਼ਾ ਕਰ ਲਿਆ ਹੈ। ਉਨ੍ਹਾਂ ਨੇ ਜੁਆਇੰਟ ਕਮਿਸ਼ਨਰ ਨੂੰ ਅਪੀਲ ਕੀਤੀ ਹੈ ਕਿ ਨਾਜਾਇਜ਼ ਕਬਜ਼ਾ ਤੇ ਉਸਾਰੀ ਨੂੰ ਰੋਕਿਆ ਜਾਵੇ। ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਦੀ ਜ਼ਮੀਨ 'ਤੇ ਕਬਜ਼ਾ ਕਰਨ ਵਾਲੇ ਉਕਤ ਮਾਮਲੇ ਨੂੰ ਲੈ ਕੇ ਅਦਾਲਤ 'ਚ ਚਲੇ ਗਏ ਹਨ। ਕਬਜ਼ਾਧਾਰੀ ਕੋਲ ਜ਼ਮੀਨ ਨਾਲ ਸੰਬਧਿਤ ਕੋਈ ਰਿਕਾਰਡ ਨਹੀਂ ਹੈ ਪਰ ਉਹ ਜ਼ਮੀਨ 'ਤੇ ਕਬਜ਼ਾ ਕਰ ਕੇ ਕਮਰਿਆਂ ਦੀ ਉਸਾਰੀ ਕਰ ਚੁੱਕੇ ਹਨ। ਜਦਕਿ ਉਨ੍ਹਾਂ ਕੋਲ ਜ਼ਮੀਨ ਦੇ ਸਾਰੇ ਦਸਤਾਵੇਜ ਮੌਜੂਦ ਹਨ ਪਰ ਸ਼ਿਕਾਇਤ ਕਰਨ ਦੇ ਬਾਵਜੂਦ ਪੁਲਿਸ ਪ੍ਰਸ਼ਾਸਨ ਕੋਈ ਕਾਰਵਾਈ ਨਹੀਂ ਕਰ ਰਿਹਾ ਹੈ।