ਧੀਆਂ ਨੂੰ ਪੁੱਤਰਾਂ ਦੇ ਬਰਾਬਰ ਦਾ ਦਰਜਾ ਦੇਣ ਮਾਪੇ : ਡਾ. ਗਰਗ
ਧੀਆ ਨੂੰ ਪੁੱਤਰਾਂ ਦੇ ਬਰਾਬਰ ਦਾ ਦਰਜਾ ਦੇਣ ਮਾਪੇ-ਡਾ. ਰਾਜੇਸ਼ ਗਰਗ
Publish Date: Tue, 13 Jan 2026 06:19 PM (IST)
Updated Date: Tue, 13 Jan 2026 06:21 PM (IST)

-ਸ਼ਹੀਦ ਬਾਬੂ ਲਾਭ ਸਿੰਘ ਯਾਦਗਾਰੀ ਨਰਸਿੰਗ ਸਕੂਲ ਵਿਖੇ ਮਨਾਈ ‘ਧੀਆਂ ਦੀ ਲੋਹੜੀ’ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ-ਸਿਹਤ ਵਿਭਾਗ ਵੱਲੋਂ ਮੰਗਲਵਾਰ ਨੂੰ ਸ਼ਹੀਦ ਬਾਬੂ ਲਾਭ ਸਿੰਘ ਯਾਦਗਾਰੀ ਨਰਸਿੰਗ ਸਕੂਲ ਵਿਖੇ ‘ਧੀਆਂ ਦੀ ਲੋਹੜੀ’ ਮਨਾਈ ਗਈ। ਇਸ ਸ਼ੁਭ ਮੌਕੇ ਸਿਵਲ ਸਰਜਨ ਡਾ. ਰਾਜੇਸ਼ ਗਰਗ, ਮੈਡੀਕਲ ਸੁਪਰਡੈਂਟ ਈਐਸਆਈ ਹਸਪਤਾਲ ਡਾ. ਜਯੋਤੀ ਸ਼ਰਮਾ, ਪ੍ਰਿੰਸੀਪਲ ਨਰਸਿੰਗ ਸਕੂਲ ਸੁਨੀਤਾ ਕੁਮਾਰੀ ਵੱਲੋਂ ਨਵਜੰਮੀਆਂ ਬੱਚੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਲੋਹੜੀ ਦੀ ਵਧਾਈ ਦਿੰਦੇ ਹੋਏ ਤੋਹਫੇ ਦਿੱਤੇ ਗਏ। ਇਸ ਦੌਰਾਨ ਨਰਸਿੰਗ ਵਿਦਿਆਰਥਣਾਂ ਵੱਲੋਂ ਲੋਹੜੀ ਦੀਆਂ ਬੋਲੀਆਂ ਤੇ ਗਿੱਧੇ ਦੀ ਪੇਸ਼ਕਾਰੀ ਦਿੱਤੀ। ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਸਭ ਨੂੰ ਲੋਹੜੀ ਦੀ ਵਧਾਈ ਦਿੰਦੇ ਹੋਏ ਧੀ ਨੂੰ ਵੀ ਪੁੱਤਰ ਦੇ ਬਰਾਬਰ ਦਰਜਾ ਦੇਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਸ ਲੋਹੜੀ ਦਾ ਮਕਸਦ ਕੁੜੀਆਂ ਨੂੰ ਮੁੰਡਿਆਂ ਦੇ ਬਰਾਬਰ ਦਾ ਦਰਜਾ ਦਿੱਤੇ ਜਾਣ ਦਾ ਸੰਦੇਸ਼ ਦੇਣਾ ਹੈ। ਸਮਾਜ ਵਿੱਚ ਲੜਕੇ-ਲੜਕੀ ਦਾ ਭੇਦਭਾਵ ਖਤਮ ਕਰਕੇ ਦੋਵਾਂ ਨੂੰ ਅੱਗੇ ਵਧਣ ਦੇ ਬਰਾਬਰ ਮੌਕੇ ਦਿੱਤੇ ਜਾਣੇ ਚਾਹੀਦੇ ਹਨ। ਉਨ੍ਹਾਂ ਨੇ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਪ੍ਰਣ ਲੈਣਾ ਚਾਹੀਦਾ ਹੈ ਕਿ ਸਮਾਜ ਵਿੱਚ ਬੇਟੀਆਂ ਨਾਲ ਹੁੰਦੇ ਵਿਤਕਰੇ ਨੂੰ ਰੋਕੀਏੇ ਅਤੇ ਉਨ੍ਹਾਂ ਨੂੰ ਅੱਗੇ ਵਧਣ ਵਿੱਚ ਮਦਦ ਕਰੀਏ। ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਮਨ ਗੁਪਤਾ ਨੇ ਸਭ ਨੂੰ ਲੋਹੜੀ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਸਿਹਤ ਵਿਭਾਗ ਲੜਕੀ ਨੂੰ ਕੁੱਖ ਚ ਹੀ ਕਤਲ ਕਰਨ ਦੇ ਘਿਨਾਉਣੇ ਕੰਮ ਦੀ ਨਿੰਦਾ ਕਰਦਾ ਹੈ ਅਤੇ ਪੀਸੀ-ਪੀਐੱਨਡੀਟੀ ਐਕਟ ਦੀ ਪਾਲਣਾ ਕਰਨਾ ਯਕੀਨੀ ਬਣਾਉਂਦਾ ਹੈ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਲੜਕੀਆਂ ਪ੍ਰਤੀ ਸਕਾਰਾਤਮਕ ਸੋਚ ਰੱਖਣ ਦੀ ਲੋੜ ਹੈ ਅਤੇ ਅੱਜ ਲੜਕੀਆਂ ਕਿਸੇ ਵੀ ਖੇਤਰ ਵਿੱਚ ਮੁੰਡਿਆਂ ਨਾਲੋਂ ਘੱਟ ਨਹੀਂ ਹਨ। ਸਮਾਜਿਕ, ਰਾਜਨੀਤਿਕ, ਖੇਡਾਂ, ਕਲਾ, ਵਿਗਿਆਨ ਸਮੇਤ ਹਰ ਖੇਤਰ ਵਿੱਚ ਕੁੜੀਆਂ ਨੇ ਆਪਣੀ ਕਾਬਲੀਅਤ ਨਾਲ ਵੱਖਰੀ ਪਛਾਣ ਬਣਾਈ ਹੈ। ਡਾ. ਜਯੋਤੀ ਸ਼ਰਮਾ ਤੇ ਪ੍ਰਿੰਸੀਪਲ ਨਰਸਿੰਗ ਸਕੂਲ ਸੁਨੀਤਾ ਕੁਮਾਰੀ ਵੱਲੋਂ ਵੀ ਸਭ ਨੂੰ ਲੋਹੜੀ ਦੀ ਵਧਾਈ ਦਿੱਤੀ ਗਈ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਜੋਤੀ ਫੋਕੇਲਾ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਕੁਮਾਰ ਚੋਪੜਾ, ਸਹਾਇਕ ਸਿਹਤ ਅਫ਼ਸਰ ਡਾ. ਮੀਰਾ, ਡੀਐੱਮਸੀ ਡਾ. ਜਸਵਿੰਦਰ ਸਿੰਘ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਗੁਰਦੀਪ ਸਿੰਘ, ਡਿਪਟੀ ਮਾਸ ਮੀਡੀਆ ਅਫ਼ਸਰ ਅਸੀਮ ਸ਼ਰਮਾ ਅਤੇ ਸਿਹਤ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ।