- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
2027 ’ਚ ਪੰਜਾਬ ’ਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਪਰਗਟ ਸਿੰਘ ਨੇ ਕੈਂਟ ਹਲਕੇ ਦੇ ਵਰਕਰਾਂ ’ਚ ਭਰਿਆ ਜੋਸ਼

-ਸਰਕਾਰ ਬਣਾਉਣ ਲਈ ਹਰ ਵਰਕਰ ਜ਼ਿੰਮੇਵਾਰੀ ਪੂਰੀ ਨਿਸ਼ਠਾ ਤੇ ਮਿਹਨਤ ਨਾਲ ਨਿਭਾਏ
-ਵਰਕਰਾਂ ਨੇ ਕਿਹਾ-ਪਰਗਟ ਸਿੰਘ ਪੰਜਾਬ ਸੰਭਾਲਣ, ਕੈਂਟ ਹਲਕੇ ਦੀ ਜ਼ਿੰਮੇਵਾਰੀ ਅਸੀਂ ਸੰਭਾਲਾਂਗੇ
ਸੀਨੀਅਰ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨੇ ਅੱਜ ਆਪਣੇ ਵਿਧਾਨ ਸਭਾ ਹਲਕੇ ਜਲੰਧਰ ਕੈਂਟ ’ਚ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਰਕਰਾਂ ’ਚ ਜੋਸ਼ ਭਰਦਿਆਂ ਹੁਣ ਤੋਂ ਹੀ ਪੂਰੀ ਤਰ੍ਹਾਂ ਕਮਰ ਕੱਸਣ ਤੇ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਇਕਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਪੰਜਾਬ ’ਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਹਰੇਕ ਵਰਕਰ ਨੂੰ ਜ਼ਿੰਮੇਵਾਰੀ ਪੂਰੀ ਨਿਸ਼ਠਾ ਤੇ ਮਿਹਨਤ ਨਾਲ ਨਿਭਾਉਣੀ ਹੋਵੇਗੀ। ਮੀਟਿੰਗ ਦੌਰਾਨ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਨੇ ਪਰਗਟ ਸਿੰਘ ਨੂੰ ਭਰੋਸਾ ਦਿਵਾਇਆ ਕਿ ਪੰਜਾਬ ’ਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਉਹ ਦਿਨ-ਰਾਤ ਇਕ ਕਰ ਦੇਣਗੇ। ਵਰਕਰਾਂ ਨੇ ਉਨ੍ਹਾਂ ਦਾ ਹੌਸਲਾ ਵਧਾਉਂਦਿਆਂ ਕਿਹਾ ਕਿ ਉਹ ਪੂਰੇ ਪੰਜਾਬ ’ਚ ਕਾਂਗਰਸ ਨੂੰ ਮਜ਼ਬੂਤ ਕਰਨ ਤੇ ਸਰਕਾਰ ਬਣਾਉਣ ਲਈ ਕੰਮ ਕਰਨ, ਜਲੰਧਰ ਕੈਂਟ ਹਲਕੇ ਦੀ ਚਿੰਤਾ ਉਨ੍ਹਾਂ ’ਤੇ ਛੱਡ ਦੇਣ। ਹਲਕੇ ਦੇ ਸਾਰੇ ਅਹੁਦੇਦਾਰ ਤੇ ਵਰਕਰ ਇਕਜੁੱਟ ਹੋ ਕੇ ਸੰਗਠਨ ਨੂੰ ਮਜ਼ਬੂਤ ਕਰਨਗੇ। ਵਰਕਰਾਂ ਨੇ ਇਹ ਵੀ ਸੰਕਲਪ ਲਿਆ ਕਿ ਕਾਂਗਰਸ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ ਤੇ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੋੜਿਆ ਜਾਵੇਗਾ।
ਇਸ ਮੌਕੇ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਵਿਗੜੇ ਹਾਲਾਤ ’ਤੇ ਵੀ ਚਿੰਤਾ ਪ੍ਰਗਟਾਈ ਗਈ। ਮੀਟਿੰਗ ’ਚ ਕਿਹਾ ਗਿਆ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੇ ਕਾਰਜਪ੍ਰਣਾਲੀ ਤੋਂ ਨਿਰਾਸ਼ ਹਨ ਤੇ ਸੂਬੇ ਨੂੰ ਇੱਕ ਮਜ਼ਬੂਤ, ਜਵਾਬਦੇਹ ਤੇ ਲੋਕ-ਪੱਖੀ ਸਰਕਾਰ ਦੀ ਲੋੜ ਹੈ। ਵਰਕਰਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਲੋਕਾਂ ਦੇ ਸਹਿਯੋਗ ਤੇ ਕਾਂਗਰਸ ਦੀ ਏਕਤਾ ਨਾਲ 2027 ’ਚ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਬਣੇਗੀ।