ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ ਪਾਸ ਹੋਣਾ ਇਤਿਹਾਸਕ ਕਦਮ : ਸੀਚੇਵਾਲ
ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ ਪਾਸ ਹੋਣਾ ਇਤਿਹਾਸਕ ਕਦਮ : ਸੀਚੇਵਾਲ
Publish Date: Mon, 13 Apr 2026 08:17 PM (IST)
Updated Date: Mon, 13 Apr 2026 08:22 PM (IST)
ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ‘ਆਪ’ ਸਰਕਾਰ ਵੱਲੋਂ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026 ਵਿਧਾਨ ਸਭਾ ਵਿਚ ਪਾਸ ਕਰਕੇ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਵਾਲਿਆਂ ਖਿਲਾਫ਼ ਇਕ ਵੱਡਾ ਕਦਮ ਚੁੱਕਿਆ ਹੈ। ਬੇਅਦਬੀ ਕਰਨ ਵਾਲੇ ਤੇ ਇਸ ਦੀ ਸਾਜਿਸ਼ ਵਿਚ ਸ਼ਾਮਲ ਵਿਅਕਤੀਆਂ ਨੂੰ ਹੁਣ ਉਮਰ ਕੈਦ ਤੇ ਭਾਰੀ ਜੁਰਮਾਨੇ ਦੀ ਸਜ਼ਾ ਹੋਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬੈਕਫਿੰਕੋ ਪੰਜਾਬ ਦੇ ਵਾਈਸ ਚੇਅਰਮੈਨ ਅਤੇ ‘ਆਪ’ ਦੇ ਹਲਕਾ ਸੰਗਠਨ ਇੰਚਾਰਜ ਹਰਜਿੰਦਰ ਸਿੰਘ ਸੀਚੇਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਕੀਤਾ। ਗੱਲਬਾਤ ਕਰਦਿਆਂ ਵਾਈਸ ਚੇਅਰਮੈਨ ਸੀਚੇਵਾਲ ਨੇ ਕਿਹਾ ਕਿ ਮਾਨ ਸਰਕਾਰ ਨੇ ਕਾਨੂੰਨ ਵਿਚ ਸੋਧ ਕਰਕੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਬੇਅਦਬੀ ਕਰਨ ਵਾਲੇ ਜਾਂ ਇਸਦੀ ਸਾਜ਼ਿਸ਼ ਰਚਣ ਵਾਲੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਦੋਸ਼ੀਆਂ ਲਈ ਉਮਰ ਕੈਦ, 25 ਲੱਖ ਰੁਪਏ ਤੱਕ ਦਾ ਜੁਰਮਾਨਾ ਅਤੇ ਜਾਇਦਾਦ ਜ਼ਬਤ ਕਰਨ ਵਰਗੀਆਂ ਸਖ਼ਤ ਵਿਵਸਥਾਵਾਂ ਪੰਜਾਬ ਵਿਰੋਧੀ ਤਾਕਤਾਂ ਲਈ ਇਕ ਸਿੱਧੀ ਚਿਤਾਵਨੀ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿਚ ਭਾਈਚਾਰਕ ਸਾਂਝ, ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।