ਰਾਕੇਸ਼ ਗਾਂਧੀ, ਜਲੰਧਰ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਹਰੇਕ ਵਿਅਕਤੀ ਨੂੰ ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਮਾਸਕ ਪਾਉਣਾ ਲਾਜ਼ਮੀ ਕੀਤਾ ਹੋਇਆ ਹੈ ਪਰ ਫੇਰ ਵੀ ਲੋਕ ਇਨ੍ਹਾਂ ਹੁਕਮਾਂ ਦੀ ਪ੍ਰਵਾਹ ਨਹੀਂ ਕਰਦੇ ਤੇ ਬਿਨਾਂ ਮਾਸਕ ਪਾਏ ਹੀ ਘਰੋਂ ਬਾਹਰ ਨਿਕਲ ਜਾਂਦੇ ਹਨ ਜਿਸ ਕਾਰਨ ਪੁਲਿਸ ਨੂੰ ਰੋਜ਼ਾਨਾ ਹੀ ਇਨ੍ਹਾਂ ਖ਼ਿਲਾਫ਼ ਕਾਰਵਾਈ ਕਰਨੀ ਪੈਂਦੀ ਹੈ ਤੇ ਇਨ੍ਹਾਂ ਕੋਲੋਂ ਜੁਰਮਾਨਾ ਵਸੂਲਣਾ ਪੈ ਰਿਹਾ ਹੈ। ਕਮਿਸ਼ਨਰੇਟ ਪੁਲਿਸ ਜਲੰਧਰ ਵਲੋਂ ਮਾਸਕ ਨਾ ਪਾ ਕੇ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ 2496 ਲੋਕਾਂ ਪਾਸੋਂ ਹੁਣ ਤਕ 6.04 ਲੱਖ ਰੁਪਏ ਦਾ ਜੁਰਮਾਨਾ ਵਸੂਲਿਆ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਜਲੰਧਰ ਗੁਰਪ੍ਰਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਹੋਮ ਕੁਆਰੰਟੀਨ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ 'ਤੇ ਹੁਣ ਤਕ 3000 ਰੁਪਏ ਜੁਰਮਾਨਾ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਤਕ ਜਨਤਕ ਥਾਵਾਂ 'ਤੇ ਥੁੱਕਣ ਕਰ ਕੇ 256 ਲੋਕਾਂ ਨੂੰ 26000 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਸੋਮਵਾਰ ਨੂੰ ਕਮਿਸ਼ਨਰੇਟ ਪੁਲਿਸ ਵੱਲੋਂ 343 ਟਰੈਫਿਕ ਚਲਾਨ ਕਰ ਕੇ ਤਿੰਨ ਵਾਹਨਾਂ ਨੂੰ ਜ਼ਬਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ 112 ਵਿਅਕਤੀਆਂ ਨੂੰ ਮਾਸਕ ਨਾ ਪਹਿਨਣ 'ਤੇ 50900 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਇਸ ਮੁਹਿੰਮ ਨੂੰ ਆਉਣ ਵਾਲੇ ਦਿਨਾਂ ਵਿਚ ਵੀ ਜਾਰੀ ਰੱਖਿਆ ਜਾਵੇਗਾ ਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ 23 ਮਾਰਚ ਤੋਂ ਲੈ ਕੇ ਹੁਣ ਤਕ 27841 ਟਰੈਫਿਕ ਚਲਾਨ ਕਰ ਕੇ 1863 ਵਾਹਨਾਂ ਨੂੰ ਜ਼ਬਤ ਕੀਤਾ ਗਿਆ ਹੈ ਅਤੇ 987 ਮਾਮਲੇ ਦਰਜ ਕਰ ਕੇ 1228 ਲੋਕਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕੋਵਿਡ-19 ਮਹਾਮਾਰੀ ਨੂੰ ਫ਼ੈਲਣ ਤੋਂ ਰੋਕਣ ਲਈ ਮਹੱਤਵਪੂਰਨ ਭੂਮਿਕਾ ਨਿਭਾਉਣੀ ਹੋਵੇਗੀ।

ਉਨ੍ਹਾਂ ਕਿਹਾ ਕਿ ਇਹ ਲੋਕਾਂ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ ਕਿ ਸਰਕਾਰ ਵੱਲੋਂ ਕੋਵਿਡ-19 ਮਹਾਮਾਰੀ ਨੂੰ ਫ਼ੈਲਣ ਤੋਂ ਰੋਕਣ ਲਈ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।