- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨੰਗਲ ਬੇਟ ਤੋਂ ਆਲੋਵਾਲ ਜਾਣ ਵਾਲੀ ਸੜਕ ’ਤੇ ਗੰਦਾ ਪਾਣੀ ਖੜ੍ਹਨ ਕਾਰਨ ਲੋਕ ਪ੍ਰੇਸ਼ਾਨ

-ਹਾਲਤ ਖਸਤਾ ਸੜਕ ਨੇ ਧਾਰਿਆ ਝੀਲ ਦਾ ਰੂਪ
-ਵਿਦਿਆਰਥੀਆਂ ਤੇ ਸੰਗਤਾਂ ਲਈ ਵਧੀ ਪਰੇਸ਼ਾਨੀ
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ :
ਨੰਗਲ ਬੇਟ ਤੋਂ ਆਲੋਵਾਲ ਅਤੇ ਭੋਲੇਵਾਲ ਨੂੰ ਜਾਣ ਵਾਲੀ ਸੜਕ ’ਤੇ ਪਾਣੀ ਭਾਰਨ ਕਾਰਨ ਸੜਕ ਨੇ ਝੀਲ ਦਾ ਰੂਪ ਧਾਰਨ ਕਰ ਲਿਆ ਹੈ। ਸੜਕ ਦੀ ਖਸਤਾ ਹਾਲਤ ਕਾਰਨ ਰਾਹਗੀਰਾਂ, ਵਿਦਿਆਰਥੀਆਂ ਤੇ ਧਾਰਮਿਕ ਅਸਥਾਨਾਂ ’ਤੇ ਜਾਣ ਵਾਲੀਆਂ ਸੰਗਤਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਲਾਕਾ ਵਾਸੀਆਂ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਇਸ ਸੜਕ ਕਾਰਨ ਕਰੀਬ ਤਿੰਨ ਕਿੱਲੋਮੀਟਰ ਦਾ ਵਾਧੂ ਰਸਤਾ ਤੈਅ ਕਰਨਾ ਪੈਂਦਾ ਹੈ। ਇਸ ਤੋਂ ਇਲਾਵਾ ਸੜਕ ’ਤੇ ਦੋ ਧਾਰਮਿਕ ਅਸਥਾਨ ਵੀ ਸਥਿਤ ਹਨ, ਸੰਗਤਾਂ ਨੂੰ ਆਉਣ-ਜਾਣ ’ਚ ਦਿੱਕਤਾਂ ਆ ਰਹੀਆਂ ਹਨ। ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸ੍ਰੀਮਾਨ ਸੰਤ ਬਾਬਾ ਜਰਨੈਲ ਸਿੰਘ ਦੇ ਮੁੱਖ ਸੇਵਾਦਾਰ ਬਾਬਾ ਸੁਖਵਿੰਦਰ ਸਿੰਘ, ਸੀਨੀਅਰ ਕਾਂਗਰਸੀ ਆਗੂ ਰਜਿੰਦਰ ਸੰਧੂ ਅਤੇ ਬਾਬਾ ਗੁਰਚਰਨ ਸਿੰਘ ਨੇ ਦੱਸਿਆ ਕਿ ਇਸ ਸੜਕ ਦੀ ਹਾਲਤ ਪਿਛਲੇ ਕਰੀਬ 20 ਸਾਲਾਂ ਤੋਂ ਮਾੜੀ ਬਣੀ ਹੋਈ ਹੈ ਪਰ ਕਿਸੇ ਵੀ ਸਬੰਧਤ ਵਿਭਾਗ ਜਾਂ ਅਧਿਕਾਰੀ ਵੱਲੋਂ ਧਿਆਨ ਨਹੀਂ ਦਿੱਤਾ ਗਿਆ। ਸੜਕ ’ਤੇ ਖੜ੍ਹਾ ਪਾਣੀ ਕਿਸਾਨਾਂ ਦੇ ਖੇਤਾਂ ਵਿੱਚ ਵੀ ਦਾਖਲ ਹੋ ਰਿਹਾ ਹੈ, ਜਿਸ ਕਾਰਨ ਫ਼ਸਲਾਂ ਦਾ ਨੁਕਸਾਨ ਹੋ ਰਿਹਾ ਹੈ। ਕਈ ਵਾਰ ਇਲਾਕੇ ਵਿੱਚ ਰਿਸ਼ਤਾ ਕਰਨ ਆਏ ਲੋਕ ਵੀ ਸੜਕ ਦੀ ਮਾੜੀ ਹਾਲਤ ਦੇਖ ਕੇ ਵਾਪਸ ਮੁੜ ਜਾਂਦੇ ਹਨ।
ਇਲਾਕਾ ਵਾਸੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੜਕਾਂ ਦੇ ਨਿਰਮਾਣ ਤੇ ਵਿਕਾਸ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਇਸ ਸੜਕ ਦੀ ਹਾਲਤ ਇਨ੍ਹਾਂ ਦਾਅਵਿਆਂ ਦੀ ਹਕੀਕਤ ਬਿਆਨ ਕਰ ਰਹੀ ਹੈ। ਉਨ੍ਹਾਂ ਪੰਜਾਬ ਸਰਕਾਰ, ਸਬੰਧਤ ਵਿਭਾਗ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਇਸ ਸੜਕ ਦੀ ਤੁਰੰਤ ਮੁਰੰਮਤ ਕਰਵਾ ਕੇ ਨਵੀਂ ਸੜਕ ਬਣਾਈ ਜਾਵੇ। ਇਸ ਮੌਕੇ ਦਾਰਾ ਸਿੰਘ, ਹਰਜੀਤ ਸਿੰਘ, ਅਮਰੀਕ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।