ਅਣਐਲਾਨੇ ਕੱਟਾਂ ਤੋਂ ਲੋਕ ਪਰੇਸ਼ਾਨ, ਝੋਨੇ ਸਮੇਤ ਕਾਰੋਬਾਰ ਪ੍ਰਭਾਵਿਤ ਬਿਜਲੀ ਦੇ ਅਣਐਲਾਨੇ ਕੱਟਾਂ ਤੋਂ ਲੋਕ ਪ੍ਰੇਸ਼ਾਨ, ਝੋਨੇ ਸਮੇਤ ਕਾਰੋਬਾਰ ਪ੍ਰਭਾਵਿਤ
Publish Date: Mon, 14 Sep 2026 06:40 PM (IST)
Updated Date: Mon, 14 Sep 2026 06:41 PM (IST)
-ਮਾਨ ਸਰਕਾਰ ਹਰ ਫਰੰਟ ’ਤੇ ਫੇਲ੍ਹ : ਢੇਸੀ ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਪੰਜਾਬ ਦੇ ਹੋਰਨਾਂ ਇਲਾਕਿਆਂ ਦੇ ਨਾਲ-ਨਾਲ ਫਿਲੌਰ ਸ਼ਹਿਰ ਤੇ ਆਸ-ਪਾਸ ਦੇ ਪਿੰਡਾਂ ’ਚ ਪਿਛਲੇ ਕਈ ਦਿਨਾਂ ਤੋਂ ਲੱਗ ਰਹੇ ਲੰਬੇ ਅਣਐਲਾਨੇ ਬਿਜਲੀ ਕੱਟਾਂ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਿਜਲੀ ਦੀ ਨਿਰਵਿਘਨ ਸਪਲਾਈ ਨਾ ਮਿਲਣ ਕਾਰਨ ਜਿੱਥੇ ਝੋਨੇ ਦੀ ਫਸਲ ਪ੍ਰਭਾਵਿਤ ਹੋ ਰਹੀ ਹੈ, ਉੱਥੇ ਦੁਕਾਨਦਾਰਾਂ ਤੇ ਇੰਡਸਟਰੀ ਨਾਲ ਜੁੜੇ ਕਾਰੋਬਾਰੀਆਂ ਨੂੰ ਵੀ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ। ਬਿਜਲੀ ਦੇ ਅਣਐਲਾਨੇ ਕੱਟਾਂ ਦੀ ਸਖ਼ਤ ਨਿਖੇਧੀ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਦੁਆਬਾ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਢੇਸੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਫਸਲ ਲਈ ਨਿਰੰਤਰ ਬਿਜਲੀ ਸਪਲਾਈ ਦੇਣ ਦੇ ਕੀਤੇ ਜਾ ਰਹੇ ਦਾਅਵਿਆਂ ਦੀ ਜ਼ਮੀਨੀ ਹਕੀਕਤ ਨਾਲ ਕੋਈ ਮੇਲ ਨਹੀਂ ਹੈ। ਉਨ੍ਹਾਂ ਕਿਹਾ ਕਿ ਲੰਬੇ ਬਿਜਲੀ ਕੱਟਾਂ ਕਾਰਨ ਕਿਸਾਨਾਂ ਦੀਆਂ ਫਸਲਾਂ ਪ੍ਰਭਾਵਿਤ ਹੋਣ ਦੇ ਨਾਲ-ਨਾਲ ਦੁਕਾਨਦਾਰਾਂ ਅਤੇ ਇੰਡਸਟਰੀ ਮਾਲਕਾਂ ਦੇ ਕਾਰੋਬਾਰ ਵੀ ਠੱਪ ਹੋ ਰਹੇ ਹਨ। ਢੇਸੀ ਨੇ ਦੋਸ਼ ਲਗਾਇਆ ਕਿ ਬਿਜਲੀ ਸਪਲਾਈ ਦੇ ਮਾਮਲੇ ਵਿੱਚ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰ੍ਹੀ ਨਹੀਂ ਉਤਰ ਰਹੀ। ਉਨ੍ਹਾਂ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਦੀ ਲੋੜ ਹੈ, ਪਰ ਅਣਐਲਾਨੇ ਕੱਟਾਂ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ। ਇਸ ਮੌਕੇ ਜ਼ਿਲ੍ਹਾ ਜਲੰਧਰ ਦੇ ਜਨਰਲ ਸਕੱਤਰ ਤਰਸੇਮ ਸਿੰਘ ਢਿੱਲੋਂ, ਸੀਨੀਅਰ ਮੀਤ ਪ੍ਰਧਾਨ ਸੁਰਿੰਦਰ ਪਾਲ ਸਿੰਘ ਢੇਸੀ, ਗੁਰਾਇਆ ਦੇ ਸਲਾਹਕਾਰ ਰਣਜੀਤ ਸਿੰਘ ਖੇਲਾ, ਬਲਾਕ ਪ੍ਰਧਾਨ ਫਿਲੌਰ ਬਲਵਿੰਦਰ ਸਿੰਘ ਖਹਿਰਾ, ਸਰਕਲ ਪ੍ਰਧਾਨ ਮਠੱਡਾ ਕਲਾਂ ਹਰਿਮੰਦਰ ਸਿੰਘ ਮਠੱਡਾ, ਗੁਰਦੇਵ ਸਿੰਘ ਦੇਬੀ ਕੰਗ ਤੇਹਿੰਗ, ਕੁਲਦੀਪ ਸਿੰਘ ਜੌਹਲ ਤੇ ਗੁਰਨਾਮ ਸਿੰਘ ਮਠੱਡਾ ਸਮੇਤ ਯੂਨੀਅਨ ਦੇ ਹੋਰ ਅਹੁਦੇਦਾਰ ਤੇ ਆਗੂ ਹਾਜ਼ਰ ਸਨ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਬਿਜਲੀ ਦੀ ਸਪਲਾਈ ਜਲਦ ਨਿਰੰਤਰ ਤੇ ਨਿਰਵਿਘਨ ਨਾ ਕੀਤੀ ਗਈ ਤਾਂ ਭਾਰਤੀ ਕਿਸਾਨ ਯੂਨੀਅਨ ਦੁਆਬਾ ਵੱਲੋਂ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸੰਘਰਸ਼ ਲਈ ਪੈਦਾ ਹੋਣ ਵਾਲੀ ਸਥਿਤੀ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।