- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ 'ਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਫੇਲ੍ਹ, ਲੋਕ ਬਦਲਾਅ ਲਈ ਤਿਆਰ - ਹਰਜਾਪ ਸਿੰਘ ਸੰਘਾ

ਲਵਦੀਪ ਬੈਂਸ, ਪੰਜਾਬੀ ਜਾਗਰਣ, ਪਤਾਰਾ/ਜਲੰਧਰ ਕੈਂਟ : ਸ਼੍ਰੋਮਣੀ ਅਕਾਲੀ ਦਲ ਤੋਂ ਸੂਬਾ ਜਰਨਲ ਸਕੱਤਰ ਤੇ ਹਲਕਾ ਜਲੰਧਰ ਕੈਂਟ ਦੇ ਇੰਚਾਰਜ ਹਰਜਾਪ ਸਿੰਘ ਸੰਘਾ ਨੇ ਪੰਜਾਬ ਦੇ ਮੌਜੂਦਾ ਹਾਲਾਤ 'ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਆਪ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਨਾਲ ਡਗਮਗਾ ਚੁੱਕੀ ਹੈ ਅਤੇ ਸੂਬਾ ਸਰਕਾਰ ਹਰ ਫਰੰਟ 'ਤੇ ਨਾਕਾਮ ਸਾਬਤ ਹੋਈ ਹੈ। ਪੰਜਾਬ ਦੇ ਦਿਹਾਤੀ ਇਲਾਕਿਆਂ ਵਿੱਚ ਦਿਨ-ਦਿਹਾੜੇ ਹੋ ਰਹੀਆਂ ਅਪਰਾਧਿਕ ਵਾਰਦਾਤਾਂ ਨੇ ਆਮ ਜਨਤਾ ਅੰਦਰ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਕੋਲ ਸੂਬੇ ਨੂੰ ਸੰਭਾਲਣ ਲਈ ਕੋਈ ਠੋਸ ਨੀਤੀ ਨਹੀਂ ਹੈ ਅਤੇ ਪ੍ਰਸ਼ਾਸਨਿਕ ਢਿੱਲ ਕਾਰਨ ਗੈਂਗਸਟਰ ਅਤੇ ਨਸ਼ਾ ਤਸਕਰ ਬੇਖ਼ੌਫ਼ ਹੋ ਕੇ ਘੁੰਮ ਰਹੇ ਹਨ। ਸੰਘਾ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਡੀਆਂ ਵਿੱਚ ਫਸਲਾਂ ਦੀ ਖ਼ਰੀਦ ਤੇ ਚੁਕਾਈ ਦੇ ਮਾੜੇ ਪ੍ਰਬੰਧਾਂ ਨੇ ਪੇਂਡੂ ਆਰਥਿਕਤਾ ਨੂੰ ਭਾਰੀ ਸੱਟ ਮਾਰੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਹੁਣ ਇਸ ਝੂਠੀਆਂ ਗਾਰੰਟੀਆਂ ਵਾਲੀ ਸਰਕਾਰ ਤੋਂ ਅੱਕ ਚੁੱਕੇ ਹਨ ਅਤੇ ਪੰਜਾਬੀ ਸੂਬੇ ਦੀ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਵੱਲੋਂ ਸਵ. ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਬੀਤੇ ਕਾਰਜਕਾਲ ਦੌਰਾਨ ਕੀਤੇ ਗਏ ਵਿਕਾਸ ਕਾਰਜਾਂ, ਅਕਾਲੀ ਦਲ ਦੀਆਂ ਲੋਕ-ਪੱਖੀ ਤੇ ਸੂਬਾ ਪੱਖੀ ਨੀਤੀਆਂ ਤੇ ਵਿਕਾਸ ਮਾਡਲ ਨੂੰ ਯਾਦ ਕਰ ਰਹੇ ਹਨ। ਉਨ੍ਹਾਂ ਵਰਕਰਾਂ ਨੂੰ ਲਾਮਬੰਦ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਅੰਦਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਬਾਦਲ ਦੀ ਸਰਕਾਰ ਹੀ ਇੱਕ ਮਜ਼ਬੂਤ ਅਤੇ ਸੁਰੱਖਿਅਤ ਬਦਲ ਵਜੋਂ ਉੱਭਰੇਗੀ।