ਖੇਤੀਬਾੜੀ ਉਤਪਾਦਾਂ ’ਤੇ ਦਰਾਮਦ ਡਿਊਟੀ ਲਾਈ ਜਾਵੇ : ਮਸ਼ਿਆਣਾ
ਕਿਸਾਨੀ ਮੰਗਾਂ ਨੂੰ ਲੈ ਕੇ ਰਾਸ਼ਟਰਪਤੀ ਤੇ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਸੌਂਪੇ
Publish Date: Thu, 02 Apr 2026 09:09 PM (IST)
Updated Date: Thu, 02 Apr 2026 09:13 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਸੰਯੁਕਤ ਮੋਰਚਾ (ਗੈਰ ਰਾਜਨੀਤਿਕ) ਭਾਰਤ ਵੱਲੋਂ ਦਿੱਤੇ ਗਏ ਪ੍ਰੋਗਰਾਮ ਅਨੁਸਾਰ ਜਲੰਧਰ ’ਚ ਡਿਪਟੀ ਕਮਿਸ਼ਨਰ ਰਾਹੀਂ ਰਾਸ਼ਟਰਪਤੀ ਭਾਰਤ ਤੇ ਮੁੱਖ ਮੰਤਰੀ ਪੰਜਾਬ ਦੇ ਨਾਮ ਮੰਗ ਪੱਤਰ ਸੌਂਪੇ ਗਏ। ਇਸ ਦੌਰਾਨ ਕਿਸਾਨੀ ਨਾਲ ਜੁੜੀਆਂ ਅਹਿਮ ਮੰਗਾਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਮਸਿਆਣਾ ਨੇ ਕਿਹਾ ਕਿ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ’ਚੋਂ ਖੇਤੀਬਾੜੀ, ਡੇਅਰੀ ਤੇ ਪੋਲਟਰੀ ਖੇਤਰ ਨੂੰ ਬਾਹਰ ਰੱਖਿਆ ਜਾਵੇ ਤੇ ਖੇਤੀਬਾੜੀ ਉਤਪਾਦਾਂ ’ਤੇ ਦਰਾਮਦ ਡਿਊਟੀ ਲਾਈ ਜਾਵੇ, ਨਹੀਂ ਤਾਂ ਕਿਸਾਨੀ ਨੂੰ ਭਾਰੀ ਨੁਕਸਾਨ ਝੱਲਣਾ ਪਵੇਗਾ। ਉਨ੍ਹਾਂ ਕਿਹਾ ਕਿ ਜੇ ਮੁਕਤ ਵਪਾਰ ਸਮਝੌਤਾ ਲਾਗੂ ਹੋਇਆ ਤਾਂ ਖੇਤੀਬਾੜੀ, ਡੇਅਰੀ ਤੇ ਪੋਲਟਰੀ ਖੇਤਰ ਬੁਰੀ ਤਰ੍ਹਾਂ ਪ੍ਰਭਾਵਿਤ ਹੋਣਗੇ। ਇਸ ਤੋਂ ਇਲਾਵਾ ਬੇਮੌਸਮੀ ਬਰਸਾਤ, ਗੜੇਮਾਰੀ ਤੇ ਤੇਜ਼ ਹਵਾਵਾਂ ਕਾਰਨ ਫਸਲਾਂ ਨੂੰ ਹੋਏ ਨੁਕਸਾਨ ਦਾ ਤੁਰੰਤ ਮੁਆਵਜ਼ਾ ਦੇਣ ਦੀ ਵੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਐਲਾਨ ਅਨੁਸਾਰ ਕਿਸਾਨਾਂ ਦੇ ਖਾਤਿਆਂ ’ਚ ਤੁਰੰਤ ਮੁਆਵਜ਼ਾ ਜਾਰੀ ਕਰੇ ਤਾਂ ਜੋ ਉਹ ਆਰਥਿਕ ਸੰਕਟ ਤੋਂ ਬਚ ਸਕਣ। ਇਸ ਮੌਕੇ ਜ਼ਿਲ੍ਹਾ ਸਕੱਤਰ ਗੁਰਵਿੰਦਰ ਸਿੰਘ ਬਜੂਹਾ, ਬਲਾਕ ਪ੍ਰਧਾਨ ਹਰਨੇਕ ਸਿੰਘ, ਸੁਖਬੀਰ ਸਿੰਘ, ਤਵਿੰਦਰ ਸਿੰਘ ਹੈਪੀ, ਕਸ਼ਮੀਰਾ ਸਿੰਘ, ਪ੍ਰਿਤਪਾਲ ਸਿੰਘ, ਕੁਲਦੀਪ ਸਿੰਘ ਸਮਰਾ, ਬੂਟਾ ਸਿੰਘ ਸਰਪੰਚ, ਸਤਨਾਮ ਸਿੰਘ, ਕੁਲਜੀਤ ਸਿੰਘ ਚੱਕ ਖੁਰਦ ਤੇ ਹੋਰ ਯੂਨੀਅਨ ਮੈਂਬਰ ਮੌਜੂਦ ਸਨ।