5 ਤਸਕਰ ਗ੍ਰਿਫ਼ਤਾਰ, ਹਥਿਆਰ ਤੇ ਨਸ਼ੀਲਾ ਸਾਮਾਨ ਬਰਾਮਦ
ਫਿਲੌਰ ਪੁਲਿਸ ਦੀ ਵੱਡੀ ਕਾਰਵਾਈ, 5 ਤਸਕਰ ਗ੍ਰਿਫ਼ਤਾਰ, ਹਥਿਆਰ ਤੇ ਨਸ਼ੀਲਾ ਸਮਾਨ ਬਰਾਮਦ
Publish Date: Fri, 08 May 2026 08:36 PM (IST)
Updated Date: Sat, 09 May 2026 04:15 AM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਜਲੰਧਰ ਦਿਹਾਤੀ ਪੁਲਿਸ ਨੇ ਨਸ਼ਾ ਤਸਕਰੀ ਤੇ ਗੈਰ-ਕਾਨੂੰਨੀ ਹਥਿਆਰਾਂ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਵੱਡੀ ਸਫਲਤਾ ਹਾਸਲ ਕਰਦਿਆਂ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਇਕ ਪਿਸਤੌਲ, 2 ਮੈਗਜ਼ੀਨ, 6 ਜ਼ਿੰਦਾ ਕਾਰਤੂਸ, 10 ਕਿੱਲੋ 780 ਗ੍ਰਾਮ ਭੁੱਕੀ ਤੇ ਇਕ ਵਾਹਨ ਬਰਾਮਦ ਕੀਤਾ ਹੈ। ਐੱਸਐੱਸਪੀ ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ ਦੇ ਦਿਸ਼ਾ-ਨਿਰਦੇਸ਼ਾਂ ਹੇਠ ਫਿਲੌਰ ਪੁਲਿਸ ਸਟੇਸ਼ਨ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਮੁਲਜ਼ਮਾਂ ਨੂੰ ਕਾਬੂ ਕੀਤਾ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਕਾਫ਼ੀ ਸਮੇਂ ਤੋਂ ਨਸ਼ਾ ਤਸਕਰੀ ਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ’ਚ ਸ਼ਾਮਲ ਸਨ। ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਫਿਲੌਰ ਥਾਣੇ ’ਚ ਐੱਨਡੀਪੀਐੱਸ ਐਕਟ ਤੇ ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁੱਢਲੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਇਹ ਗਿਰੋਹ ਇਲਾਕੇ ’ਚ ਨਸ਼ਾ ਸਪਲਾਈ ਨੈੱਟਵਰਕ ਚਲਾ ਰਿਹਾ ਸੀ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਕੁਝ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਥਾਣਿਆਂ ’ਚ ਅਪਰਾਧਿਕ ਮਾਮਲੇ ਦਰਜ ਹਨ। ਹੁਣ ਪੁਲਿਸ ਉਨ੍ਹਾਂ ਦੇ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਭਾਲ ’ਚ ਜੁਟੀ ਹੋਈ ਹੈ।