- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫਿਲੌਰ–ਨੂਰਮਹਿਲ ਰੋਡ ਅੱਡਾ ਚੌਂਕ ਨੇੜੇ ਸੜਕ ਵਿੱਚ ਵੱਡੇ-ਵੱਡੇ ਟੋਏ, ਰਾਹਗੀਰ ਤੇ ਵਾਹਨ ਚਾਲਕ ਹੋ ਰਹੇ ਹਨ ਪ੍ਰੇਸ਼ਾਨ

ਨਵਦੀਪ ਸਿੰਘ ਨਵੀ, ਪੰਜਾਬੀ ਜਾਗਰਣ, ਫਿਲੌਰ :
ਫਿਲੌਰ–ਨੂਰਮਹਿਲ ਰੋਡ ’ਤੇ ਅੱਡਾ ਚੌਕ ਨੇੜੇ ਸੜਕ ਦੀ ਹਾਲਤ ਬੇਹੱਦ ਖ਼ਰਾਬ ਹੋ ਚੁੱਕੀ ਹੈ। ਸੜਕ ਵਿੱਚ ਪਏ ਵੱਡੇ-ਵੱਡੇ ਟੋਇਆਂ ਕਾਰਨ ਰਾਹਗੀਰਾਂ ਅਤੇ ਵਾਹਨ ਚਾਲਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਖ਼ਰਾਬ ਸੜਕ ਕਾਰਨ ਕਈ ਵਾਰ ਹਾਦਸੇ ਵੀ ਵਾਪਰ ਚੁੱਕੇ ਹਨ, ਪਰ ਇਸ ਦੇ ਬਾਵਜੂਦ ਸੰਬੰਧਤ ਵਿਭਾਗ ਵੱਲੋਂ ਸੜਕ ਦੀ ਮੁਰੰਮਤ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ।
ਇਲਾਕਾ ਵਾਸੀਆਂ ਨੇ ਦੱਸਿਆ ਕਿ ਸੜਕ ਕਿਨਾਰੇ ਪਾਈਪ ਲਾਈਨ ਪਾਉਣ ਲਈ ਦੋ ਮਹੀਨੇ ਤੋਂ ਵੱਧ ਸਮਾਂ ਪਹਿਲਾਂ ਖੁਦਾਈ ਕੀਤੀ ਗਈ ਸੀ। ਪਾਈਪ ਲਾਈਨ ਦਾ ਕੰਮ ਮੁਕੰਮਲ ਹੋਣ ਦੇ ਬਾਵਜੂਦ ਖੁਦਾਈ ਵਾਲੇ ਹਿੱਸੇ ਦੀ ਸੜਕ ਨੂੰ ਮੁੜ ਠੀਕ ਨਹੀਂ ਕੀਤਾ ਗਿਆ। ਇਸ ਕਾਰਨ ਸੜਕ ਦੀ ਹਾਲਤ ਦਿਨੋਂ-ਦਿਨ ਹੋਰ ਖ਼ਰਾਬ ਹੁੰਦੀ ਜਾ ਰਹੀ ਹੈ। ਖ਼ਰਾਬ ਸੜਕ ਅਤੇ ਵੱਡੇ-ਵੱਡੇ ਟੋਇਆਂ ਕਾਰਨ ਅਕਸਰ ਲੰਬਾ ਜਾਮ ਲੱਗ ਜਾਂਦਾ ਹੈ। ਟੋਇਆਂ ਤੋਂ ਬਚ ਕੇ ਲੰਘਣ ਦੀ ਕੋਸ਼ਿਸ਼ ਵਿੱਚ ਵਾਹਨਾਂ ਦੀ ਰਫ਼ਤਾਰ ਹੌਲੀ ਹੋ ਜਾਂਦੀ ਹੈ, ਜਿਸ ਕਾਰਨ ਅੱਡਾ ਚੌਕ ਨੇੜੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਜਾਂਦੀਆਂ ਹਨ। ਕਈ ਵਾਰ ਜਾਮ ਲੰਬੇ ਸਮੇਂ ਤੱਕ ਨਹੀਂ ਖੁੱਲ੍ਹਦਾ, ਜਿਸ ਕਾਰਨ ਰਾਹਗੀਰਾਂ ਦਾ ਕੀਮਤੀ ਸਮਾਂ ਬਰਬਾਦ ਹੁੰਦਾ ਹੈ। ਮੀਂਹ ਪੈਣ ਸਮੇਂ ਟੋਇਆਂ ਵਿੱਚ ਪਾਣੀ ਭਰ ਜਾਣ ਕਾਰਨ ਹਾਲਾਤ ਹੋਰ ਵੀ ਗੰਭੀਰ ਹੋ ਜਾਂਦੇ ਹਨ। ਪਾਣੀ ਨਾਲ ਭਰੇ ਟੋਏ ਦਿਖਾਈ ਨਾ ਦੇਣ ਕਾਰਨ ਵਾਹਨ ਚਾਲਕਾਂ ਲਈ ਹਾਦਸੇ ਦਾ ਖ਼ਤਰਾ ਬਣਿਆ ਰਹਿੰਦਾ ਹੈ। ਇਹ ਸੜਕ ਇਤਿਹਾਸਕ ਗੁਰਦੁਆਰਾ ਮੌ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਵੀ ਜਾਂਦੀ ਹੈ, ਜਿੱਥੇ ਦੂਰ-ਦੁਰਾਡੇ ਤੋਂ ਸੰਗਤ ਮੱਥਾ ਟੇਕਣ ਲਈ ਪਹੁੰਚਦੀ ਹੈ। ਇਸ ਤੋਂ ਇਲਾਵਾ ਇਹ ਮਾਰਗ ਨਕੋਦਰ ਦੇ ਪ੍ਰਸਿੱਧ ਧਾਰਮਿਕ ਦਰਬਾਰਾਂ ਅਤੇ ਸ੍ਰੀ ਗੁਰੂ ਰਵਿਦਾਸ ਮੰਦਰ ਵੱਲ ਜਾਣ ਵਾਲਾ ਮਹੱਤਵਪੂਰਨ ਰਸਤਾ ਵੀ ਹੈ। ਇਸ ਕਾਰਨ ਇਸ ਸੜਕ ’ਤੇ ਹਰ ਰੋਜ਼ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਅਤੇ ਆਮ ਲੋਕਾਂ ਦੀ ਆਵਾਜਾਈ ਰਹਿੰਦੀ ਹੈ। ਇਹ ਸੜਕ ਕਈ ਪਿੰਡਾਂ ਨੂੰ ਆਪਸ ਵਿੱਚ ਜੋੜਨ ਵਾਲਾ ਇੱਕ ਮੁੱਖ ਮਾਰਗ ਹੈ, ਜਿਸ ਕਾਰਨ ਇਸ ’ਤੇ ਹਮੇਸ਼ਾ ਆਵਾਜਾਈ ਦਾ ਦਬਾਅ ਬਣਿਆ ਰਹਿੰਦਾ ਹੈ। ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀ ਇਸ ਸੜਕ ਰਾਹੀਂ ਸਕੂਲ ਪਹੁੰਚਦੇ ਹਨ। ਸੜਕ ’ਚ ਪਏ ਡੂੰਘੇ ਟੋਇਆਂ ਅਤੇ ਤੇਜ਼ ਆਵਾਜਾਈ ਕਾਰਨ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਮਾਪਿਆਂ ਵਿੱਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਉਹ ਕਈ ਵਾਰ ਸੰਬੰਧਤ ਵਿਭਾਗ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸੜਕ ਦੀ ਮੁਰੰਮਤ ਕਰਵਾਉਣ ਲਈ ਜਾਣੂ ਕਰਵਾ ਚੁੱਕੇ ਹਨ, ਪਰ ਅਜੇ ਤੱਕ ਸਮੱਸਿਆ ਦਾ ਕੋਈ ਹੱਲ ਨਹੀਂ ਕੀਤਾ ਗਿਆ। ਲੋਕਾਂ ਨੇ ਪੰਜਾਬ ਸਰਕਾਰ ਅਤੇ ਸੰਬੰਧਤ ਵਿਭਾਗ ਤੋਂ ਮੰਗ ਕੀਤੀ ਹੈ ਕਿ ਅੱਡਾ ਚੌਂਕ ਨੇੜੇ ਸੜਕ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ ਅਤੇ ਵੱਡੇ-ਵੱਡੇ ਟੋਇਆਂ ਨੂੰ ਭਰ ਕੇ ਸੜਕ ਨੂੰ ਆਵਾਜਾਈ ਯੋਗ ਬਣਾਇਆ ਜਾਵੇ।