ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ਦੀ ਪਲੈਟੀਨਮ ਜੁਬਲੀ ਸ਼ੁਰੂ
ਲਾਇਲਪੁਰ ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ਦੀ ਪਲੈਟੀਨਮ ਜੁਬਲੀ ਸ਼ੁਰੂ
Publish Date: Thu, 19 Mar 2026 07:02 PM (IST)
Updated Date: Thu, 19 Mar 2026 07:04 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਲਾਇਲਪੁਰ ਖ਼ਾਲਸਾ ਕਾਲਜ ਦੇ ਪੋਸਟ-ਗ੍ਰੈਜੂਏਟ ਪੰਜਾਬੀ ਵਿਭਾਗ ਦੇ 75 ਸਾਲ ਪੂਰੇ ਹੋਣ ਮੌਕੇ 19-20 ਮਾਰਚ 2026 ਨੂੰ ਪਲੈਟੀਨਮ ਜੁਬਲੀ ਸਮਾਗਮ ਸ਼ੁਰੂ ਹੋ ਗਿਆ। ਇਸ ਮੌਕੇ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਨਾਲ ਸਬੰਧਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ। ਨਾਲ ਹੀ ਵਿਰਾਸਤੀ ਪਿੰਡ ਤੇ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ, ਜਿਸ ’ਚ ਕਰੀਬ 12 ਪ੍ਰਕਾਸ਼ਕਾਂ ਨੇ ਹਿੱਸਾ ਲਿਆ। ਜ਼ਿਕਰਯੋਗ ਹੈ ਕਿ ਇਸ ਵਿਭਾਗ ’ਚ 1950 ’ਚ ਐੱਮਏ ਪੰਜਾਬੀ ਦੀ ਸ਼ੁਰੂਆਤ ਹੋਈ ਸੀ ਤੇ ਇਸ ਨੇ ਭਾਸ਼ਾ ਤੇ ਸਾਹਿਤ ਦੇ ਖੇਤਰ ’ਚ ਕਈ ਪ੍ਰਸਿੱਧ ਹਸਤੀਆਂ ਨੂੰ ਪਛਾਣ ਦਿਵਾਈ। ਪ੍ਰੋਗਰਾਮ ਦੇ ਪਹਿਲੇ ਦਿਨ ਅੰਤਰ-ਕਾਲਜ ਪ੍ਰਸ਼ਨੋਤਰੀ, ਪੋਸਟਰ ਮੇਕਿੰਗ ਤੇ ਕਾਵਿ-ਉਚਾਰਨ ਮੁਕਾਬਲੇ ਕਰਵਾਏ ਗਏ। ਇਸ ਤੋਂ ਇਲਾਵਾ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ ਕਵੀ ਦਰਬਾਰ ਵੀ ਕਰਵਾਇਆ। ਸਮਾਗਮ ’ਚ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਤੇ ਪ੍ਰਸਿੱਧ ਕਵੀ ਸਵਰਨਜੀਤ ਸਵੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਦਕਿ ਪ੍ਰਸਿੱਧ ਕਹਾਣੀਕਾਰ ਡਾ. ਵਰਿਆਮ ਸੰਧੂ ਤੇ ਦਰਸ਼ਨ ਬੁੱਟਰ ਨੇ ਕਵੀ ਦਰਬਾਰ ਦੀ ਪ੍ਰਧਾਨਗੀ ਕੀਤੀ। ਕਾਲਜ ਦੇ ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬੀ ਵਿਭਾਗ ਨੇ ਵਿਸ਼ਵ ਪੱਧਰ ’ਤੇ ਆਪਣੀ ਵੱਖਰੀ ਪਛਾਣ ਬਣਾਈ ਹੈ। ਸਵਰਨਜੀਤ ਸਵੀ ਨੇ ਕਿਹਾ ਕਿ ਵਿਭਾਗ ਦੀਆਂ ਪ੍ਰਾਪਤੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਵਿੱਚ ਮਹੱਤਵਪੂਰਨ ਸਥਾਨ ਰੱਖਦੀਆਂ ਹਨ। ਡਾ. ਵਰਿਆਮ ਸੰਧੂ ਨੇ ਵਿਦਿਆਰਥੀਆਂ ਨੂੰ ਸਾਹਿਤਕ ਤੇ ਕਲਾ ਖੇਤਰ ’ਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰਸਿੱਧ ਕਵਿਤਰੀ ਪਰਮਜੀਤ ਕੌਰ ਦਿਓਲ, ਡਾ. ਕੁਲਵੰਤ ਸਿੰਘ ਔਜਲਾ, ਡਾ. ਗੋਪਾਲ ਸਿੰਘ ਬੁੱਟਰ ਸਮੇਤ ਕਈ ਵਿਦਵਾਨ ਹਾਜ਼ਰ ਰਹੇ। ਵੱਖ-ਵੱਖ ਮੁਕਾਬਲਿਆਂ ’ਚ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕੀਤਾ। ਪੋਸਟਰ ਮੇਕਿੰਗ ’ਚ ਨੰਦਨੀ ਨੇ ਪਹਿਲਾ, ਨਵਲੀਨ ਕੌਰ ਨੇ ਦੂਜਾ ਤੇ ਮਹਿਮਾ ਨੇ ਤੀਜਾ ਸਥਾਨ ਹਾਸਲ ਕੀਤਾ। ਕਾਵਿ-ਉਚਾਰਨ ’ਚ ਗੁਰਲੀਨ ਚਾਨਾ ਪਹਿਲੇ, ਤੁਸ਼ਾਰ ਚੱਡਾ ਦੂਜੇ ਤੇ ਕਮਲਜੀਤ ਕੌਰ ਤੀਜੇ ਸਥਾਨ ’ਤੇ ਰਹੇ। ਪ੍ਰਸ਼ਨੋਤਰੀ ਮੁਕਾਬਲੇ ’ਚ ਲਾਇਲਪੁਰ ਖ਼ਾਲਸਾ ਕਾਲਜ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਗਵਰਨਮੈਂਟ ਆਰਟਸ ਐਂਡ ਸਪੋਰਟਸ ਕਾਲਜ ਜਲੰਧਰ ਤੇ ਲਾਇਲਪੁਰ ਖ਼ਾਲਸਾ ਕਾਲਜ (ਲੜਕੀਆਂ) ਦੀਆਂ ਟੀਮਾਂ ਦੂਜੇ ਤੇ ਤੀਜੇ ਸਥਾਨ ’ਤੇ ਰਹੀਆਂ। ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ। ਅੰਤ ’ਚ ਪੰਜਾਬੀ ਵਿਭਾਗ ਦੇ ਮੁਖੀ ਡਾ. ਹਰਜਿੰਦਰ ਸਿੰਘ ਸੇਖੋਂ ਨੇ ਸਮੂਹ ਮਹਿਮਾਨਾਂ, ਅਧਿਆਪਕਾਂ ਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਸਮਾਗਮ ’ਚ ਸਾਬਕਾ ਪ੍ਰੋਫੈਸਰ, ਅਧਿਆਪਕ ਤੇ ਵੱਡੀ ਗਿਣਤੀ ’ਚ ਵਿਦਿਆਰਥੀ ਹਾਜ਼ਰ ਸਨ।