- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬੀ ਲੋਕਰਾਜ ਪਾਰਟੀ ਦੀ ਅਹਿਮ ਮੀਟਿੰਗ ਪ੍ਰਧਾਨ ਕਿਰਨ ਬੀਰ ਸਿੰਘ ਕੰਗ ਦੀ ਪ੍ਰਧਾਨਗੀ ਹੇਠ ਹੋਈ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਪੰਜਾਬੀ ਲੋਕਰਾਜ ਪਾਰਟੀ (ਪੀਐੱਲਪੀ) ਦੀ ਇਕ ਅਹਿਮ ਮੀਟਿੰਗ ਪਾਰਟੀ ਦੇ ਪ੍ਰਧਾਨ ਕਿਰਨ ਬੀਰ ਸਿੰਘ ਕੰਗ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਪੰਜਾਬ ਦੇ ਮੌਜੂਦਾ ਮੁੱਦਿਆਂ, ਪਾਰਟੀ ਦੀ ਜਥੇਬੰਦਕ ਮਜ਼ਬੂਤੀ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਰਣਨੀਤੀ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਚੋਣ ਰਣਨੀਤੀ ਤੇ ਅਗਾਮੀ ਪ੍ਰੋਗਰਾਮਾਂ ਦੀ ਰੂਪ-ਰੇਖਾ ਤਿਆਰ ਕੀਤੀ ਗਈ। ਇਸ ਮੌਕੇ ਪਾਰਟੀ ਪ੍ਰਧਾਨ ਕਿਰਨ ਬੀਰ ਸਿੰਘ ਕੰਗ ਨੇ ਦੱਸਿਆ ਕਿ ਉਹ ਲੰਮੇ ਸਮੇਂ ਤੋਂ ਪੰਜਾਬ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ’ਚ ਜਾ ਕੇ ਜ਼ਮੀਨੀ ਪੱਧਰ ਦੀ ਸਥਿਤੀ ਦਾ ਨਿਰੀਖਣ ਕਰ ਰਹੇ ਹਨ। ਇਸ ਦੌਰਾਨ ਆਮ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ, ਮੁਸ਼ਕਲਾਂ ਤੇ ਜ਼ਮੀਨੀ ਪੱਧਰ ਦੇ ਮੁੱਦਿਆਂ ਨੂੰ ਸੁਣਿਆ ਤੇ ਸਮਝਿਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਤਿਆਰ ਕੀਤੇ ਜਾ ਰਹੇ ਮੈਨੀਫੈਸਟੋ ’ਚ ਪੰਜਾਬ ਦੇ ਹਰ ਵਰਗ ਦੀਆਂ ਲੋੜਾਂ ਤੇ ਸਹੂਲਤਾਂ ਨੂੰ ਵਿਸ਼ੇਸ਼ ਤੌਰ ’ਤੇ ਧਿਆਨ ’ਚ ਰੱਖਿਆ ਜਾ ਰਿਹਾ ਹੈ। ਪੰਜਾਬ ’ਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਵੀ ਅਹਿਮ ਚਰਚਾ ਕੀਤੀ ਗਈ। ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ, ਨਸ਼ਾ ਤਸਕਰੀ ਨੂੰ ਰੋਕਣ ਤੇ ਨਸ਼ਾ-ਪੀੜਤਾਂ ਦੇ ਮੁੜ ਵਸੇਬੇ ਲਈ ਲੋੜੀਂਦੇ ਕਦਮਾਂ ਸਬੰਧੀ ਵਿਚਾਰ ਕੀਤਾ ਗਿਆ। ਇਸ ਮੌਕੇ ਪਾਰਟੀ ਦੇ ਸਕੱਤਰ ਜਸਪ੍ਰੀਤ ਸਿੰਘ ਦਹੀਆ, ਵਾਈਸ ਪ੍ਰਧਾਨ ਐਡਵੋਕੇਟ ਪਰਮਿੰਦਰ ਸਿੰਘ ਸੰਧੂ, ਡਾ. ਜਗਤਾਰ ਸਿੰਘ ਭੰਗੂ, ਡਾ. ਸਿਮਰਤ ਸੰਧੂ, ਹਰਮਿੰਦਰ ਸਿੰਘ ਲਾਲੀ, ਗਗਨਦੀਪ ਸਿੰਘ, ਸੰਦੀਪ ਸਿੰਘ, ਐਡਵੋਕੇਟ ਬਖ਼ਸ਼ਿੰਦਰਪਾਲ ਸਿੰਘ ਢੀਂਡਸਾ, ਦਵਿੰਦਰਪਾਲ ਸਿੰਘ ਰੰਧਾਵਾ, ਅਮਨਦੀਪ ਸਿੰਘ ਸੈਣੀ, ਯਦੁਵਿੰਦਰ ਸਿੰਘ ਪੰਨੂ ਤੇ ਮੋਹਿੰਦਰ ਸਿੰਘ ਸੇਖੋਂ ਆਦਿ ਹਾਜ਼ਰ ਸਨ।