ਮੁੱਖ ਮੰਤਰੀ ਨੂੰ ਕਾਲੇ ਝੰਡੇ ਦਿਖਾਉਣ ਜਾ ਰਹੀਆਂ ਆਸ਼ਾ ਵਰਕਰਾਂ ਪੁਲਿਸ ਵੱਲੋਂ ਗ੍ਰਿਫ਼ਤਾਰ
ਮੁੱਖ ਮੰਤਰੀ ਨੂੰ ਕਾਲੇ ਝੰਡੇ ਦਿਖਾਉਣ ਜਾ ਰਹੀਆਂ ਆਸ਼ਾ ਵਰਕਰਾਂ ਪੁਲਿਸ ਵੱਲੋਂ ਗ੍ਰਿਫ਼ਤਾਰ
Publish Date: Thu, 07 May 2026 09:25 PM (IST)
Updated Date: Thu, 07 May 2026 09:26 PM (IST)

ਵਰਿੰਦਰ ਲਵਲੀ, ਪੰਜਾਬੀ ਜਾਗਰਣ, ਕਰਤਾਰਪੁਰ : ਕਈ ਮਹੀਨਿਆਂ ਤੋਂ ਰੋਕੀਆਂ ਤਨਖਾਹਾਂ ਤੇ ਹੋਰ ਮੰਗਾਂ ਦੇ ਹੱਲ ਲਈ ਸੰਘਰਸ਼ ਕਰ ਰਹੀਆਂ ਆਸ਼ਾ ਵਰਕਰਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਕਰਤਾਰਪੁਰ ਫੇਰੀ ਦੌਰਾਨ ਕਾਲੇ ਝੰਡੇ ਦਿਖਾਉਣ ਤੋਂ ਪਹਿਲਾਂ ਹੀ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ। ਡੈਮੋਕ੍ਰੇਟਿਕ ਆਸ਼ਾ ਵਰਕਰਜ਼ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਜਨਰਲ ਸਕੱਤਰ ਅੰਮ੍ਰਿਤਪਾਲ ਕੌਰ ਨੂਸੀ, ਸਥਾਨਕ ਆਗੂ ਸੰਦੀਪ ਕੌਰ ਤੇ ਹੋਰ ਵਰਕਰਾਂ ਨੂੰ ਜੀਟੀ ਰੋਡ ਨੇੜੇ ਲੱਗੇ ਪੰਡਾਲ ਤੋਂ ਪੁਲਿਸ ਨੇ ਹਿਰਾਸਤ ’ਚ ਲੈ ਕੇ ਭੋਗਪੁਰ ਥਾਣੇ ਵਿਚ ਬੰਦ ਕਰ ਦਿੱਤਾ। ਇਸ ਕਾਰਵਾਈ ਦੇ ਵਿਰੋਧ ’ਚ ਆਸ਼ਾ ਵਰਕਰਾਂ ਨੇ ਨਾਅਰੇਬਾਜ਼ੀ ਕਰਦਿਆਂ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ। ਇਸ ਮੌਕੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਹਰਿੰਦਰ ਦੁਸਾਂਝ, ਮਾਸਟਰ ਕੁਲਵਿੰਦਰ ਸਿੰਘ ਜੋਸ਼ਨ, ਮਨਦੀਪ ਕੌਰ ਬਿਲਗਾ ਤੇ ਗੁਰਜੀਤ ਕੌਰ ਸ਼ਾਹਕੋਟ ਨੇ ਗ੍ਰਿਫ਼ਤਾਰੀਆਂ ਦੀ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪੁਲਿਸ ਦਬਾਅ ਰਾਹੀਂ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਆਗੂਆਂ ਨੇ ਕਿਹਾ ਕਿ ਆਸ਼ਾ ਵਰਕਰਾਂ ਨੂੰ ਸਿਰਫ਼ 2500 ਰੁਪਏ ਪ੍ਰਤੀ ਮਹੀਨਾ ਮਾਣਭੱਤਾ ਮਿਲਦਾ ਹੈ, ਜੋ ਪਿਛਲੇ ਚਾਰ ਮਹੀਨਿਆਂ ਤੋਂ ਰੋਕਿਆ ਹੋਇਆ ਹੈ। ਉਨ੍ਹਾਂ ਮੰਗ ਕੀਤੀ ਕਿ ਬਕਾਇਆ ਤਨਖਾਹਾਂ ਤੁਰੰਤ ਜਾਰੀ ਕੀਤੀਆਂ ਜਾਣ, ਆਸ਼ਾ ਵਰਕਰਾਂ ਤੇ ਹੋਰ ਕੱਚੇ ਕਾਮਿਆਂ ਨੂੰ ਪੱਕਾ ਕੀਤਾ ਜਾਵੇ, ਘੱਟੋ-ਘੱਟ ਉਜਰਤ ਕਾਨੂੰਨ ਲਾਗੂ ਕੀਤਾ ਜਾਵੇ ਤੇ 30 ਹਜ਼ਾਰ ਰੁਪਏ ਮਹੀਨਾ ਤਨਖਾਹ ਦੇ ਨਾਲ 8 ਘੰਟੇ ਦਾ ਕੰਮ ਸਮਾਂ ਨਿਰਧਾਰਤ ਕੀਤਾ ਜਾਵੇ। ਯੂਨੀਅਨ ਆਗੂਆਂ ਨੇ ਐਲਾਨ ਕੀਤਾ ਕਿ ਮੰਗਾਂ ਦੇ ਹੱਲ ਤੱਕ ਸੰਘਰਸ਼ ਜਾਰੀ ਰਹੇਗਾ।