‘ਆਪ੍ਰੇਸ਼ਨ ਪ੍ਰਹਾਰ’ ਤਹਿਤ ਵੱਖ-ਵੱਖ ਇਲਾਕਿਆਂ ’ਚੋਂ ਕਈ ਮੁਲਜ਼ਮ ਕਾਬੂ
ਪੁਲਿਸ ਨੇ ਆਪ੍ਰੇਸ਼ਨ ਪ੍ਰਹਾਰ ਦੇ ਹਿੱਸੇ ਵਜੋਂ ਵੱਖ-ਵੱਖ ਇਲਾਕਿਆਂ ’ਚੋਂ ਕਈ ਮੁਲਜ਼ਮ ਕਾਬੂ
Publish Date: Wed, 21 Jan 2026 08:25 PM (IST)
Updated Date: Wed, 21 Jan 2026 08:27 PM (IST)

ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਸਰਕਾਰ ਵੱਲੋਂ ਗੈਂਗਸਟਰਾਂ ਵਿਰੁੱਧ ਸ਼ੁਰੂ ਕੀਤੇ ਗਏ ਆਪ੍ਰੇਸ਼ਨ ਪ੍ਰਹਾਰ ਦੇ ਹਿੱਸੇ ਵਜੋਂ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਬੁੱਧਵਾਰ ਦੁਪਹਿਰ ਨੂੰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਰਹਿਣ ਵਾਲੇ ਗੈਂਗਸਟਰਾਂ ਦੀ ਸੂਚੀ ਤਿਆਰ ਕੀਤੀ ਅਤੇ ਉਨ੍ਹਾਂ ਦੇ ਘਰਾਂ 'ਤੇ ਛਾਪੇਮਾਰੀ ਕੀਤੀ। ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਡੀਸੀਪੀ ਰੈਂਕ ਦੇ ਅਧਿਕਾਰੀਆਂ ਨਾਲ ਮਿਲ ਕੇ ਗੜ੍ਹੇ |ਚ ਛਾਪਾ ਮਾਰਿਆ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਆਪ੍ਰੇਸ਼ਨ ਪ੍ਰਹਾਰ ਦੇ ਹਿੱਸੇ ਵਜੋਂ ਉਨ੍ਹਾਂ ਦੀਆਂ ਟੀਮਾਂ ਨੇ ਪਿਛਲੇ ਦਿਨ 50 ਗੈਂਗਸਟਰਾਂ ਨੂੰ ਘੇਰ ਲਿਆ ਸੀ, ਜਿਨ੍ਹਾਂ ਵਿੱਚੋਂ 15 ਵਿਰੁੱਧ ਕਾਰਵਾਈ ਕੀਤੀ ਤੇ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਨੇ ਗੜ੍ਹੇ ਵਿੱਚ ਇੱਕ ਹੋਰ ਕਾਰਵਾਈ ਕਰਨ ਲਈ 200 ਪੁਲਿਸ ਮੁਲਾਜ਼ਮਾਂ ਦੀਆਂ ਟੀਮਾਂ ਬਣਾਈਆਂ, ਜਿਨ੍ਹਾਂ ਵਿੱਚ ਚਾਰ ਏਡੀਸੀਪੀ ਰੈਂਕ ਦੇ ਅਧਿਕਾਰੀ ਅਤੇ ਇੱਕ ਏਸੀਪੀ ਸ਼ਾਮਲ ਸਨ। ਟੀਮਾਂ ਨੇ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ। ਉਨਾ ਦੱਸਿਆ ਕਿ ਕਈ ਵਿਅਕਤੀਆਂ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਉਨ੍ਹਾਂ ਵਿਰੁੱਧ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੱਲ੍ਹ ਇਕ ਪ੍ਰੈੱਸ ਕਾਨਫਰੰਸ ਦੌਰਾਨ ਡੀਜੀਪੀ ਗੌਰਵ ਯਾਦਵ ਨੇ ਨਸ਼ਾ ਵਿਰੋਧੀ ਮੁਹਿੰਮ ਦੇ ਸਫਲ ਯਤਨਾਂ ਤੋਂ ਬਾਅਦ ਗੈਂਗਸਟਰਾਂ ਵਿਰੁੱਧ ਪੁਲਿਸ ਦੀ ਚੱਲ ਰਹੀ ਮੁਹਿੰਮ ਬਾਰੇ ਜਾਣਕਾਰੀ ਦਿੱਤੀ ਸੀ। ਇਸ ਮੁਹਿੰਮ ਦਾ ਟੀਚਾ ਪੰਜਾਬ ਵਿੱਚ ਗੈਂਗਸਟਰਵਾਦ ਦਾ ਖਾਤਮਾ ਕਰਨਾ ਹੈ। ਉਨ੍ਹਾਂ ਨੇ ਗੈਂਗਸਟਰਾਂ ਵਿਰੁੱਧ ਇੱਕ ਹੈਲਪਲਾਈਨ ਵੀ ਸ਼ੁਰੂ ਕੀਤੀ ਅਤੇ 9394 693 946 ਨੰਬਰ ਜਾਰੀ ਕੀਤਾ, ਜਿੱਥੇ ਕੋਈ ਵੀ ਗੈਂਗਸਟਰਾਂ ਜਾਂ ਉਨ੍ਹਾਂ ਦੇ ਗੁੰਡਿਆਂ ਨਾਲ ਸਬੰਧਤ ਜਾਣਕਾਰੀ ਪ੍ਰਦਾਨ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਦੇ ਲੋਕਾਂ ਨੇ ਨਸ਼ਿਆਂ ਵਿਰੁੱਧ ਸਰਕਾਰ ਤੇ ਪੁਲਿਸ ਦਾ ਸਮਰਥਨ ਕੀਤਾ ਹੈ, ਉਸੇ ਤਰ੍ਹਾਂ ਉਨ੍ਹਾਂ ਨੂੰ ਹੁਣ ਗੈਂਗਸਟਰਵਾਦ ਵਿਰੁੱਧ ਵੀ ਸਰਕਾਰ ਅਤੇ ਪੁਲਿਸ ਦਾ ਸਹਿਯੋਗ ਕਰਨਾ ਚਾਹੀਦਾ ਹੈ ਤਾਂ ਜੋ ਇਸ ਨੂੰ ਖਤਮ ਕੀਤਾ ਜਾ ਸਕੇ।