- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਵਿਭਾਗ ਨਸ਼ਿਆਂ ਦੇ ਖਾਤਮੇ ਲਈ ਦ੍ਰਿੜ ਵਚਨਬੱਧ : ਏ.ਡੀ.ਸੀ.ਪੀ. ਮਾਧਵੀ ਸ਼ਰਮਾ

ਬੂਟਾ ਪਿੰਡ ’ਚ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਕਰਵਾਇਆ ਸਮਾਗਮ
ਕਰਾਈਮ ਰਿਪੋਰਟਰ, ਪੰਜਾਬੀ ਜਾਗਰਣ, ਜਲੰਧਰ
ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ਼ਹਿਰ ਦੇ ਵਾਰਡ ਨੰਬਰ 35, ਬੂਟਾ ਪਿੰਡ ਵਿਖੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਏ.ਡੀ.ਸੀ.ਪੀ.ਸਿਟੀ-1 ਮਾਧਵੀ ਸ਼ਰਮਾ ਅਤੇ ਜ਼ਿਲ੍ਹਾ ਕੋਆਰਡੀਨੇਟਰ ਸ਼ੈਂਕੀ ਭਗਤ ਦੀ ਅਗਵਾਈ ਵਿੱਚ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਲੋਕਾਂ ਨਾਲ ਗੱਲਬਾਤ ਕਰਦਿਆਂ ਏ.ਡੀ.ਸੀ.ਪੀ.ਸਿਟੀ-1 ਮਾਧਵੀ ਸ਼ਰਮਾ ਨੇ ਦੱਸਿਆ ਕਿ ਪੁਲਿਸ ਵਿਭਾਗ ਨਸ਼ਿਆਂ ਦੇ ਖਾਤਮੇ ਲਈ ਦ੍ਰਿੜ ਵਚਨਬੱਧ ਹੈ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਸ ਅਲਾਮਤ ਨੂੰ ਜੜ੍ਹੋਂ ਖਤਮ ਕਰਨ ਲਈ ਲਗਾਤਾਰ ਸੰਜੀਦਾ ਯਤਨ ਕੀਤੇ ਜਾ ਰਹੇ ਹਨ। ਏ.ਡੀ.ਸੀ.ਪੀ. ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਕੋਈ ਵੀ ਮੁਹਿੰਮ ਲੋਕਾਂ ਦੇ ਸਰਗਰਮ ਸਹਿਯੋਗ ਤੋਂ ਬਿਨਾਂ ਸਫ਼ਲ ਨਹੀਂ ਹੋ ਸਕਦੀ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਵਿੱਚ ਪੂਰਨ ਸਹਿਯੋਗ ਦੇਣ ਲਈ ਅੱਗੇ ਆਉਣ। ਉਨ੍ਹਾਂ ਕਿਹਾ ਕਿ ਨਸ਼ਿਆਂ ਸਬੰਧੀ ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਕੋਆਰਡੀਨੇਟਰ ਸ਼ੈਂਕੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਫੈਸਲਾਕੁੰਨ ਲੜਾਈ ਲੜੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸੂਬੇ ਅੰਦਰ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਅਨੇਕਾਂ ਹੀ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕਰਨ। ਸੈਮੀਨਾਰ ਦੌਰਾਨ ਹਾਜ਼ਰ ਲੋਕਾਂ ਨੇ ਪੰਜਾਬ ਸਰਕਾਰ, ਪ੍ਰਸ਼ਾਸਨ ਤੇ ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਦੇ ਖਾਤਮੇ ਲਈ ਕੀਤੇ ਜਾ ਰਹੇ ਠੋਸ ਉਪਰਾਲਿਆਂ ਦੀ ਸ਼ਲਾਘਾ ਕੀਤੀ।