ਰਾਕੇਸ਼ ਗਾਂਧੀ, ਜਲੰਧਰ

ਥਾਣਾ ਬਸਤੀ ਬਾਵਾ ਖੇਲ ਦੀ ਹੱਦ ਵਿਚ ਪੈਂਦੇ ਸ਼ਿਵਾ ਜੀ ਨਗਰ ਬਸਤੀ ਦਾਨਿਸ਼ਮੰਦਾਂ ਦੇ ਰਹਿਣ ਵਾਲੇ ਨੌਜਵਾਨ ਜੋ ਕਿ ਪਿਛਲੇ ਕਈ ਦਿਨਾਂ ਤੋਂ ਘਰੇਲੂ ਕਲੇਸ਼ ਕਾਰਨ ਆਪਣੇ ਘਰ ਨਹੀਂ ਗਿਆ ਸੀ, ਨੇ ਮਧੂਬਨ ਕਲੋਨੀ ਦੇ ਪਾਰਕ ਵਿਚ ਦਰੱਖਤ ਨਾਲ ਫਾਹਾ ਲਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਹੀ ਸੀ ਕਿ ਥਾਣਾ ਬਸਤੀ ਬਾਵਾ ਖੇਲ ਦੀ ਪਿੁਲਸ ਮੌਕੇ 'ਤੇ ਪਹੁੰਚ ਗਈ ਅਤੇ ਉਸ ਦੀ ਜਾਨ ਬਚਾ ਲਈ। ਇਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਹਸਪਤਾਲ ਪਹੁੰਚਾਇਆ ਅਤੇ ਉਸ ਦਾ ਇਲਾਜ ਕਰਵਾਇਆ।

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਬਸਤੀ ਬਾਵਾ ਖੇਲ ਦੇ ਮੁਖੀ ਸਬ ਇੰਸਪੈਕਟਰ ਅਸ਼ਵਨੀ ਨੰਦਾ ਨੇ ਦੱਸਿਆ ਕਿ ਸੋਮਵਾਰ ਤਕਰੀਬਨ ਇੱਕ ਵਜੇ ਦੇ ਕਰੀਬ ਏਐੱਸਆਈ ਰੂਪ ਲਾਲ ਇਲਾਕੇ ਵਿੱਚ ਗਸ਼ਤ ਕਰ ਰਹੇ ਸਨ ਕਿ ਇਕ ਵਿਅਕਤੀ ਨੇ ਉਨ੍ਹਾਂ ਨੂੰ ਸੂਚਨਾ ਦਿੱਤੀ ਕਿ ਮਧੂਬਨ ਕਾਲੋਨੀ ਰਾਜ ਨਗਰ ਵਿਚ ਸਥਿਤ ਪਾਰਕ ਵਿਚ ਇਕ ਵਿਅਕਤੀ ਦਰੱਖਤ ਨਾਲ ਫਾਹਾ ਲੈਣ ਦੀ ਤਿਆਰੀ ਕਰ ਰਿਹਾ ਹੈ। ਏਐੱਸਆਈ ਪੁਲਿਸ ਪਾਰਟੀ ਸਮੇਤ ਉਕਤ ਥਾਂ 'ਤੇ ਪਹੁੰਚ ਗਿਆ ਅਤੇ ਫਾਹਾ ਲੈਣ ਤੋਂ ਪਹਿਲਾਂ ਹੀ ਉਸ ਵਿਅਕਤੀ ਨੂੰ ਹੇਠਾਂ ਲਾਹ ਲਿਆ। ਇਸ ਦੌਰਾਨ ਉਹ ਵਿਅਕਤੀ ਬੇਹੋਸ਼ੀ ਦੀ ਹਾਲਤ ਵਿੱਚ ਪਹੁੰਚ ਗਿਆ ਜਿਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਜਿਥੇ ਉਸ ਦਾ ਇਲਾਜ ਕਰਵਾਉਣ ਤੋਂ ਬਾਅਦ ਉਸ ਨੂੰ ਛੁੱਟੀ ਦੇ ਦਿੱਤੀ ਗਈ।

ਥਾਣਾ ਮੁਖੀ ਨੇ ਦੱਸਿਆ ਕਿ ਉਕਤ ਵਿਅਕਤੀ ਦੀ ਪਹਿਚਾਣ ਸੁਰਜੀਤ ਸਿੰਘ ਵਾਸੀ ਸ਼ਿਵਾਜੀ ਨਗਰ ਬਸਤੀ ਦਾਨਿਸ਼ਮੰਦਾਂ ਦੇ ਰੂਪ ਵਿਚ ਹੋਈ ਹੈ ਜੋ ਕਿ ਇਕ ਫੈਕਟਰੀ ਵਿਚ ਕੰਮ ਕਰਦਾ ਹੈ। ਸੁਰਜੀਤ ਦਾ ਆਪਣੇ ਘਰ ਵਾਲਿਆਂ ਨਾਲ ਵਿਵਾਦ ਚਲ ਰਿਹਾ ਹੈ ਜਿਸ ਕਾਰਨ ਉਹ ਪਿਛਲੇ ਕਈ ਦਿਨਾਂ ਤੋਂ ਆਪਣੇ ਘਰ ਨਹੀਂ ਗਿਆ। ਉਨ੍ਹਾਂ ਦੱਸਿਆ ਕਿ ਇਸ ਗੱਲ ਦਾ ਹਾਲੇ ਤਕ ਪਤਾ ਨਹੀਂ ਲੱਗ ਸਕਿਆ ਕਿ ਉਸ ਦਾ ਘਰ ਵਾਲਿਆਂ ਨਾਲ ਕੀ ਵਿਵਾਦ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਸੁਰਜੀਤ ਦੇ ਪਰਿਵਾਰ ਵਾਲਿਆਂ ਨੂੰ ਥਾਣੇ ਬੁਲਾਇਆ ਹੈ ਜਿਨ੍ਹਾਂ ਕੋਲੋਂ ਸਾਰੀ ਗੱਲਬਾਤ ਦੀ ਜਾਣਕਾਰੀ ਲਈ ਜਾਵੇਗੀ।