ਜਤਿੰਦਰ ਪੰਮੀ, ਜਲੰਧਰ : ਪੰਜਾਬ ਪੁਲਿਸ ਵੱਲੋਂ ਵਿਭਾਗ ਦੇ ਸ਼ਹੀਦ ਹੋਏ ਅਧਿਕਾਰੀਆਂ ਤੇ ਮੁਲਾਜ਼ਮਾਂ ਦਿਆਂ ਵਾਰਸਾਂ ਦੀ ਭਲਾਈ ਲਈ ਵਧੀਆ ਨੀਤੀ ਬਣਾਈ ਜਾਵੇਗੀ, ਜੋ ਕਿ ਵਿਚਾਰ ਅਧੀਨ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਪੁਲਿਸ ਦੇ ਮੁਖੀ ਦਿਨਕਰ ਗੁਪਤਾ ਨੇ ਸੋਮਵਾਰ ਨੂੰ ਪੀਏਪੀ ਵਿਚ ਪੁਲਿਸ ਦੇ ਸ਼ਹੀਦ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਸ਼ਰਧਾਂਜਲੀ ਭੇਟ ਕਰਨ ਉਪਰੰਤ ਸੂਬਾ ਪੱਧਰੀ ਪੁਲਿਸ ਯਾਦਗਾਰੀ ਦਿਵਸ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।

ਪੰਜਾਬ ਪੁਲਿਸ ਦੇ ਸ਼ਹੀਦਾਂ ਦੇ ਵਾਰਸਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਡੀਜੀਪੀ ਗੁਪਤਾ ਨੇ ਕਿਹਾ ਕਿ ਅਜਿਹੇ ਪਰਿਵਾਰਾਂ ਦੀ ਭਲਾਈ ਤੇ ਖੁਸ਼ਹਾਲੀ ਲਈ ਨਵੀਂ ਨੀਤੀ ਵਿਚਾਰ ਅਧੀਨ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੂੰ ਵਿਸ਼ਵ ਦੀ ਸਭ ਤੋਂ ਵਧੀਆ ਪੁਲਿਸ ਫੋਰਸ ਹੋਣ ਦਾ ਮਾਣ ਪ੍ਰਰਾਪਤ ਹੈ। ਪੰਜਾਬ ਪੁਲਿਸ ਵੱਲੋਂ ਵਿਭਾਗ ਦੇ ਸ਼ਹੀਦ ਹੋਏ ਅਧਿਕਾਰੀਆਂ ਤੇ ਮੁਲਾਜ਼ਮਾਂ ਦੇ ਵਾਰਸਾਂ ਦੀ ਭਲਾਈ ਲਈ ਵਿਸ਼ਵ ਦੀ ਸਭ ਤੋਂ ਵਧੀਆ ਨੀਤੀ ਬਣਾਈ ਜਾਵੇਗੀ ਤਾਂ ਕਿ ਉਨ੍ਹਾਂ ਨੂੰ ਜ਼ਿੰਦਗੀ ਵਿਚ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਦੱਸਿਆ ਕਿ ਸੰਨ 1981 ਤੋਂ 2019 ਤਕ 2719 ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਵੱਲੋਂ ਦੇਸ਼ ਦੀ ਏਕਤਾ-ਅਖੰਡਤਾ ਤੇ ਪ੍ਰਭੂਸੱਤਾ ਦੀ ਰਾਖੀ ਲਈ ਆਪਣੀਆਂ ਕੀਮਤੀ ਜਾਨਾਂ ਵਾਰੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੇ ਇਨ੍ਹਾਂ ਬਹਾਦਰ ਸ਼ਹੀਦਾਂ ਵੱਲੋਂ ਦੇਸ਼ ਦੀ ਰਾਖੀ ਲਈ ਦਿੱਤਾ ਗਿਆ ਬਲੀਦਾਨ ਨੌਜਵਾਨ ਪੁਲਿਸ ਅਧਿਕਾਰੀਆਂ ਤੇ ਕਰਮੀਆਂ ਨੂੰ ਆਪਣੀ ਡਿਊਟੀ ਪੂਰੀ ਲਗਨ ਨਾਲ ਕਰਨ ਲਈ ਪ੍ਰਰੇਰਦਾ ਰਹੇਗਾ।

ਉਨ੍ਹਾਂ ਕਿਹਾ ਕਿ ਪੰਜ ਦਰਿਆਵਾਂ ਦੀ ਧਰਤੀ ਤੋਂ ਜਿਸ ਤਰ੍ਹਾਂ ਪੰਜਾਬ ਪੁਲਿਸ ਵੱਲੋਂ ਅੱਤਵਾਦ ਦਾ ਖਾਤਮਾ ਕੀਤਾ ਗਿਆ ਹੈ, ਇਸ ਦੇ ਬਰਾਬਰ ਵਿਸ਼ਵ ਭਰ 'ਚ ਕੋਈ ਉਦਾਹਰਨ ਨਹੀਂ ਮਿਲਦੀ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਜੀਪੀ ਗੁਪਤਾ ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ ਦੇ ਮਾਣ ਦਾ ਪ੍ਰਤੀਕ ਹੈ ਅਤੇ ਕਿਸੇ ਨੂੰ ਵੀ ਇਸ ਨੂੰ ਘੱਟ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਪੰਜਾਬ ਪੁਲਿਸ ਵੱਲੋਂ ਨਿਭਾਈ ਜਾ ਰਹੀ ਡਿਊਟੀ 'ਚ ਅੜਿੱਕਾ ਡਾਹੁਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੇ ਮੁਲਾਜ਼ਮ ਦੇ ਡਿਊਟੀ ਦੌਰਾਨ ਕਿਸੇ ਵੱਲੋਂ ਦੁਰਵਿਹਾਰ ਅਤੇ ਹਿੰਸਾ ਕਰਨ ਨੂੰ ਕਿਸੇ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਕ ਹੋਰ ਸਵਾਲ ਦੇ ਜਵਾਬ 'ਚ ਪੁਲਿਸ ਮੁਖੀ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਮੌੜ ਬੰਬ ਧਮਾਕਾ ਮਾਮਲੇ 'ਚ ਜਾਂਚ ਪਹਿਲਾਂ ਹੀ ਕਾਫ਼ੀ ਅੱਗੇ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਇਸ ਕੇਸ ਨਾਲ ਸਬੰਧਤ ਭਗੌੜੇ ਦੋਸ਼ੀਆਂ ਨੂੰ ਫੜਨ ਲਈ ਪਹਿਲਾਂ ਹੀ ਇੰਟੈਲੀਜੈਂਸ ਏਜੰਸੀਆਂ ਨਾਲ ਰਾਬਤਾ ਕਾਇਮ ਕੀਤਾ ਜਾ ਚੁੱਕਾ ਹੈ। ਇਸ ਮੌਕੇ ਡੀਜੀਪੀ ਪ੍ਰਮੋਦ ਕੁਮਾਰ, ਏਡੀਜੀਪੀ ਕੁਲਦੀਪ ਸਿੰਘ, ਗੌਰਵ ਯਾਦਵ, ਸੰਜੀਵ ਕਾਲੜਾ, ਗੁਰਪ੍ਰਰੀਤ ਦਿਓ, ਵਰਿੰਦਰ ਕੁਮਾਰ, ਅਰਪਿਤ ਸ਼ੁਕਲਾ, ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਗੁਰਪ੍ਰਰੀਤ ਸਿੰਘ ਭੁੱਲਰ, ਆਈਜੀਪੀ ਰਾਮ ਸਿੰਘ, ਅਮਰ ਸਿੰਘ ਚਾਹਲ, ਐੱਮਐੱਫ ਫਾਰੂਕੀ ਅਤੇ ਜਸਕਰਨ ਸਿੰਘ, ਡੀਆਈਜੀ ਐੱਸਕੇ ਕਾਲੀਆ, ਐੱਸਐੱਸਪੀ ਦਿਹਾਤੀ ਜਲੰਧਰ ਨਵਜੋਤ ਸਿੰਘ ਮਾਹਲ ਅਤੇ ਹੋਰ ਵੀ ਹਾਜ਼ਰ ਸਨ।