ਫਿਲੌਰ 'ਚ ਨਸ਼ਿਆਂ ਵਿਰੁੱਧ ਮੁਹਿੰਮ ਫੇਲ੍ਹ, ਰਾਜਿੰਦਰ ਸੰਧੂ ਨੇ ‘ਆਪ’ ਸਰਕਾਰ ਨੂੰ ਘੇਰਿਆ; ਸ਼ਰੇਆਮ ਘੁੰਮ ਰਹੇ ਨਸ਼ੇ ਦੇ ਆਦੀ ਨੌਜਵਾਨ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਲੈ ਕੇ ਕਾਂਗਰਸੀ ਆਗੂ ਰਾਜਿੰਦਰ ਸੰਧੂ ਨੇ ਸਵਾਲ ਖੜ੍ਹੇ ਕਰਦਿਆਂ ਸਰਕਾਰ ਦੀ ਕਾਰਗੁਜ਼ਾਰੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹਲਕਾ ਫਿਲੌਰ ਵਿੱਚ ਨਸ਼ਿਆਂ ਦੀ ਸਮੱਸਿਆ ਅਜੇ ਵੀ ਗੰਭੀਰ ਬਣੀ ਹੋਈ ਹੈ ਅਤੇ ਨਸ਼ੇ ਦੇ ਆਦੀ ਨੌਜਵਾਨ ਸੜਕਾਂ ’ਤੇ ਸ਼ਰੇਆਮ ਘੁੰਮਦੇ ਨਜ਼ਰ ਆਉਂਦੇ ਹਨ।
Publish Date: Fri, 23 Oct 2026 04:10 PM (IST)
Updated Date: Fri, 23 Oct 2026 04:13 PM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਲੈ ਕੇ ਕਾਂਗਰਸੀ ਆਗੂ ਰਾਜਿੰਦਰ ਸੰਧੂ ਨੇ ਸਵਾਲ ਖੜ੍ਹੇ ਕਰਦਿਆਂ ਸਰਕਾਰ ਦੀ ਕਾਰਗੁਜ਼ਾਰੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹਲਕਾ ਫਿਲੌਰ ਵਿੱਚ ਨਸ਼ਿਆਂ ਦੀ ਸਮੱਸਿਆ ਅਜੇ ਵੀ ਗੰਭੀਰ ਬਣੀ ਹੋਈ ਹੈ ਅਤੇ ਨਸ਼ੇ ਦੇ ਆਦੀ ਨੌਜਵਾਨ ਸੜਕਾਂ ’ਤੇ ਸ਼ਰੇਆਮ ਘੁੰਮਦੇ ਨਜ਼ਰ ਆਉਂਦੇ ਹਨ।
ਰਾਜਿੰਦਰ ਸੰਧੂ ਨੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਮਾਨਸਾ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਮੌਤ ਦਾ ਮਾਮਲਾ ਬੇਹੱਦ ਗੰਭੀਰ ਹੈ। ਉਨ੍ਹਾਂ ਦੋਸ਼ ਲਾਇਆ ਕਿ ਝੋਟਾ ਦੇ ਪਰਿਵਾਰ ਨੂੰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਵਿੱਚ ਮੁਅੱਤਲ ਕੀਤੇ ਗਏ ਅਧਿਕਾਰੀਆਂ ਵਿਰੁੱਧ ਜਾਂਚ ਮਗਰੋਂ ਸਖ਼ਤ ਵਿਭਾਗੀ ਕਾਰਵਾਈ ਕੀਤੀ ਜਾਵੇ ਅਤੇ ਜੇਕਰ ਦੋਸ਼ ਸਾਬਤ ਹੁੰਦੇ ਹਨ ਤਾਂ ਉਨ੍ਹਾਂ ਨੂੰ ਨੌਕਰੀ ਤੋਂ ਬਰਖ਼ਾਸਤ ਕੀਤਾ ਜਾਵੇ।
ਕਾਂਗਰਸੀ ਆਗੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਅਤੇ ਇਸ ਸਬੰਧੀ ਮੀਟਿੰਗਾਂ ਵੀ ਕੀਤੀਆਂ ਜਾ ਰਹੀਆਂ ਹਨ, ਪਰ ਜ਼ਮੀਨੀ ਪੱਧਰ ’ਤੇ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਲੋਕਾਂ ਵਿੱਚ ਚਿੰਤਾ ਬਣੀ ਹੋਈ ਹੈ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਸਰਕਾਰ ਦੀ ਮੁਹਿੰਮ ਪ੍ਰਭਾਵਸ਼ਾਲੀ ਢੰਗ ਨਾਲ ਚੱਲ ਰਹੀ ਹੈ ਤਾਂ ਹਲਕਾ ਫਿਲੌਰ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਪੂਰੀ ਤਰ੍ਹਾਂ ਠੱਲ੍ਹ ਕਿਉਂ ਨਹੀਂ ਪੈ ਰਹੀ?
ਉਨ੍ਹਾਂ ਕਿਹਾ ਕਿ ਨਸ਼ਿਆਂ ਵਰਗੀ ਗੰਭੀਰ ਸਮਾਜਿਕ ਸਮੱਸਿਆ ਦਾ ਹੱਲ ਸਿਰਫ਼ ਮੀਟਿੰਗਾਂ ਅਤੇ ਬਿਆਨਾਂ ਨਾਲ ਨਹੀਂ ਹੋ ਸਕਦਾ, ਸਗੋਂ ਇਸ ਲਈ ਜ਼ਮੀਨੀ ਪੱਧਰ ’ਤੇ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਚੁੱਕਣੇ ਜ਼ਰੂਰੀ ਹਨ। ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੇ ਨਾਲ-ਨਾਲ ਨਸ਼ੇ ਦੀ ਲਪੇਟ ਵਿੱਚ ਆਏ ਨੌਜਵਾਨਾਂ ਦੇ ਇਲਾਜ ਅਤੇ ਮੁੜ ਵਸੇਬੇ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਰਾਜਿੰਦਰ ਸੰਧੂ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਸਰਕਾਰ ਅਤੇ ਸਮਾਜ ਦੋਵਾਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਕੇ ਇਸ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾਵੇ।
ਨਸ਼ਾ ਮੁਕਤ ਪੰਜਾਬ ਲਈ ਲੋਕ ਸਹਿਯੋਗ ਦੇਣ: ਹਰਜੋਤ ਕੌਰ ਲੋਹਟੀਆ ਇਸ ਸਬੰਧੀ ਜਦੋਂ ਹਲਕਾ ਫਿਲੌਰ ਦੀ ਇੰਚਾਰਜ ਹਰਜੋਤ ਕੌਰ ਲੋਹਟੀਆ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਾ ਤਸਕਰਾਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕਰ ਰਹੀ ਹੈ। ਉਨ੍ਹਾਂ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਹਿਯੋਗ ਦੇਣ, ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਨਸ਼ਿਆਂ ਵਰਗੀਆਂ ਮਾੜੀਆਂ ਅਲਾਮਤਾਂ ਤੋਂ ਬਚਾਉਣ ਲਈ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਨੌਜਵਾਨਾਂ ਨੂੰ ਖੇਡਾਂ, ਖੇਡ ਮੇਲਿਆਂ ਅਤੇ ਧਾਰਮਿਕ ਸਮਾਗਮਾਂ ਨਾਲ ਜੋੜ ਕੇ ਉਨ੍ਹਾਂ ਦੀ ਊਰਜਾ ਨੂੰ ਉਸਾਰੂ ਪਾਸੇ ਲਾਇਆ ਜਾ ਸਕਦਾ ਹੈ। ਉਨ੍ਹਾਂ ਉਮੀਦ ਜਤਾਈ ਕਿ ਸਾਂਝੇ ਯਤਨਾਂ ਨਾਲ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢ ਕੇ ਪੰਜਾਬ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ ਜਾ ਸਕਦਾ ਹੈ।