- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਵਿਵਾਦ ਦਰਮਿਆਨ ਡੇਰਾ ਬੱਲਾਂ ਟਰੱਸਟ ਦੇ ਸਾਬਕਾ ਜਨਰਲ ਸਕੱਤਰ ਸਤਪਾਲ ਵਿਰਦੀ ਨੇ ਡੇਰੇ ਅੰਦਰ ਕਿਸੇ ਵੀ ਤਰ੍ਹਾਂ ਦੀ ਧੜੇਬੰਦੀ ਜਾਂ ਸੰਤ ਨਿਰੰਜਨ ਦਾਸ ਜੀ ਨੂੰ ਸੰਗਤ ਨਾਲ ਨਾ ਮਿਲਣ ਦੇਣ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸੰਤ ਨਿਰੰਜਨ ਦਾਸ ਜੀ ਪੂਰੀ ਤਰ੍ਹਾਂ ਤੰਦਰੁਸਤ ਹਨ, ਨਿਯਮਿਤ ਤੌਰ ’ਤੇ ਸੰਗਤ ਨੂੰ ਮਿਲ ਰਹੇ ਹਨ ਅਤੇ ਡੇਰਾ ਪੂਰੀ ਤਰ੍ਹਾਂ ਗੈਰ-ਸਿਆਸੀ ਹੈ, ਜਿੱਥੇ ਹਰ ਪਾਰਟੀ ਦੇ ਆਗੂਆਂ ਦਾ ਸਤਿਕਾਰ ਕੀਤਾ ਜਾਂਦਾ ਹੈ।

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਜਲੰਧਰ : ਭਾਰਤੀ ਜਨਤਾ ਪਾਰਟੀ ਵੱਲੋਂ 18 ਨਵੰਬਰ ਤੋਂ 3 ਦਸੰਬਰ ਤੱਕ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਜਲੰਧਰ ਤੋਂ ਵਾਰਾਣਸੀ ਤੱਕ ਕੱਢੀ ਜਾਣ ਵਾਲੀ ‘ਸਮਰਸਤਾ ਯਾਤਰਾ’ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਰਿਪੋਰਟਾਂ ਮੁਤਾਬਕ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਇਸ ਯਾਤਰਾ ਦੀ ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ਤੋਂ ਸ਼ੁਰੂਆਤ ਕਰਨਾ ਚਾਹੁੰਦੇ ਹਨ ਪਰ ਡੇਰੇ ਨਾਲ ਜੁੜੇ ਸ਼ਰਧਾਲੂਆਂ ਦੀ ਵੱਡੀ ਗਿਣਤੀ ਇਸ ਪ੍ਰੋਗਰਾਮ ’ਤੇ ਇਤਰਾਜ਼ ਪ੍ਰਗਟਾ ਰਹੀ ਹੈ। ਸੂਤਰਾਂ ਮੁਤਾਬਕ ਜਿੱਥੇ ਇਕ ਧੜੇ ਨਾਲ ਸਬੰਧਤ ਸ਼ਰਧਾਲੂਆਂ ਦਾ ਕਹਿਣਾ ਹੈ ਕਿ ਧਾਰਮਿਕ ਡੇਰੇ ਨੂੰ ਸਿਆਸੀ ਗਤੀਵਿਧੀਆਂ ਤੋਂ ਦੂਰ ਰੱਖਿਆ ਜਾਣਾ ਚਾਹੀਦਾ ਹੈ ਅਤੇ ਇਸ ਯਾਤਰਾ ਦੀ ਸ਼ੁਰੂਆਤ ਬੂਟਾ ਮੰਡੀ ਸਥਿਤ ਗੁਰੂ ਰਵਿਦਾਸ ਧਾਮ ਜਾਂ ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਕੀਤੀ ਜਾਣੀ ਚਾਹੀਦੀ ਹੈ। ਦੂਜੇ ਪਾਸੇ, ਭਾਜਪਾ ਆਗੂਆਂ ਦਾ ਕਹਿਣਾ ਹੈ ਕਿ ਪਾਰਟੀ ਦਬਾਅ ਹੇਠ ਨਹੀਂ ਆਵੇਗੀ ਅਤੇ ਡੇਰਾ ਬੱਲਾਂ ਦੇ ਨੇੜਲੇ ਇਲਾਕੇ ਵਿੱਚ ਰੈਲੀ ਕਰਕੇ ਯਾਤਰਾ ਨੂੰ ਰਵਾਨਾ ਕੀਤਾ ਜਾ ਸਕਦਾ ਹੈ।
ਜ਼ਿਕਰਯੋਗ ਹੈ ਕਿ ਇਸ ਵਾਰ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ 20 ਫਰਵਰੀ 2027 ਨੂੰ ਮਨਾਇਆ ਜਾਣਾ ਹੈ ਅਤੇ ਇਸੇ ਦੌਰਾਨ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਵੀ ਹੋਣੀਆਂ ਹਨ। ਅਜਿਹੇ ਵਿੱਚ ਜਿੱਥੇ ਭਾਜਪਾ ਰਵਿਦਾਸੀਆ ਭਾਈਚਾਰੇ ਤੱਕ ਆਪਣੀ ਪਹੁੰਚ ਵਧਾਉਣ ਦੀ ਕੋਸ਼ਿਸ਼ ਵਿੱਚ ਹੈ, ਉੱਥੇ ਹੀ ਦੂਜੀਆਂ ਸਿਆਸੀ ਪਾਰਟੀਆਂ ਵੀ ਡੇਰੇ ਅੰਦਰ ਭਾਜਪਾ ਦੇ ਵਧਦੇ ਪ੍ਰਭਾਵ ਨੂੰ ਰੋਕਣ ਲਈ ਸਰਗਰਮ ਨਜ਼ਰ ਆ ਰਹੀਆਂ ਹਨ। ਸਿਆਸੀ ਗਲਿਆਰਿਆਂ ਵਿੱਚ ਇਹ ਚਰਚਾ ਹੈ ਕਿ ਭਾਜਪਾ ਦੀ 18 ਨਵੰਬਰ ਵਾਲੀ ਯਾਤਰਾ ਡੇਰਾ ਬੱਲਾਂ ਤੋਂ ਸ਼ੁਰੂ ਨਾ ਹੋਣ ਦੇਣ ਲਈ ਦਬਾਅ ਬਣਾਇਆ ਜਾ ਰਿਹਾ ਹੈ, ਜਿਸ ਕਾਰਨ ਪਾਰਟੀ ਯਾਤਰਾ ਸ਼ੁਰੂ ਕਰਨ ਵਾਲੀ ਥਾਂ ਵਿੱਚ ਤਬਦੀਲੀ ਬਾਰੇ ਵਿਚਾਰ ਕਰ ਸਕਦੀ ਹੈ।
650ਵੇਂ ਪ੍ਰਕਾਸ਼ ਪੁਰਬ ’ਤੇ ਸਿਆਸੀ ਪਾਰਟੀਆਂ ਦੀ ਨਜ਼ਰ
ਅਗਾਮੀ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਫਰਵਰੀ ਵਿਚ ਆਉਣ ਵਾਲੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ’ਤੇ ਮਨਾਉਣ ਲਈ ਭਾਜਪਾ ਅਤੇ ਪੰਜਾਬ ਸਰਕਾਰ ਦੋਵਾਂ ਵੱਲੋਂ ਵਿਸ਼ੇਸ਼ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਭਾਈਚਾਰੇ ਦੇ ਵੱਡੇ ਵੋਟ ਬੈਂਕ ਕਾਰਨ ਸਿਆਸੀ ਪਾਰਟੀਆਂ ਦਰਮਿਆਨ ਖਿੱਚੋਤਾਣ ਵੀ ਵਧ ਗਈ ਹੈ। ਜ਼ਿਕਰਯੋਗ ਹੈ ਕਿ ਪਿਛਲੇ ਕਰੀਬ ਇੱਕ ਸਾਲ ਦੌਰਾਨ ਭਾਜਪਾ ਅਤੇ ਡੇਰਾ ਸੱਚਖੰਡ ਬੱਲਾਂ ਵਿਚਕਾਰ ਨੇੜਤਾ ਕਾਫ਼ੀ ਵਧੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮੌਕੇ ਡੇਰਾ ਬੱਲਾਂ ਪਹੁੰਚੇ ਸਨ ਅਤੇ ਸੰਗਤ ਨੂੰ ਸੰਬੋਧਨ ਕੀਤਾ ਸੀ। ਇਸ ਤੋਂ ਇਲਾਵਾ ਕੇਂਦਰ ਸਰਕਾਰ ਵੱਲੋਂ ਆਦਮਪੁਰ ਹਵਾਈ ਅੱਡੇ ਦਾ ਨਾਮ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਮ ’ਤੇ ਰੱਖਿਆ ਗਿਆ ਅਤੇ ਡੇਰਾ ਮੁਖੀ ਸੰਤ ਨਿਰੰਜਨ ਦਾਸ ਜੀ ਮਹਾਰਾਜ ਨੂੰ ਉਨ੍ਹਾਂ ਦੀਆਂ ਸਮਾਜਿਕ ਸੇਵਾਵਾਂ ਬਦਲੇ ਪਦਮ ਸ੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।
ਕਰੀਬ ਤਿੰਨ ਮਹੀਨੇ ਪਹਿਲਾਂ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਦੇ ਨਵੀਨੀਕਰਨ ਦੇ ਉਦਘਾਟਨ ਲਈ ਪਹੁੰਚੇ ਸਨ ਤਾਂ ਉਸ ਮੌਕੇ ਵੀ ਸੰਤ ਨਿਰੰਜਨ ਦਾਸ ਜੀ ਮਹਾਰਾਜ ਸਟੇਸ਼ਨ ’ਤੇ ਮੌਜੂਦ ਰਹੇ ਸਨ ਅਤੇ ਪ੍ਰਧਾਨ ਮੰਤਰੀ ਨੇ ਵਾਰਾਣਸੀ ਲਈ ਵਿਸ਼ੇਸ਼ ਰੇਲਗੱਡੀ ਨੂੰ ਹਰੀ ਝੰਡੀ ਦਿਖਾਈ ਸੀ। ਪੰਜਾਬ ਦੇ ਦੁਆਬਾ ਖੇਤਰ ਸਮੇਤ ਪੂਰੇ ਸੂਬੇ ਵਿੱਚ ਰਵਿਦਾਸੀਆ ਭਾਈਚਾਰੇ ਦੇ ਸਿਆਸੀ ਪ੍ਰਭਾਵ ਕਾਰਨ ਪ੍ਰਧਾਨ ਮੰਤਰੀ ਅਤੇ ਡੇਰੇ ਦੀ ਇਸ ਨੇੜਤਾ ਨੇ ਵਿਰੋਧੀ ਪਾਰਟੀਆਂ ਦੀ ਚਿੰਤਾ ਵਧਾ ਦਿੱਤੀ ਹੈ।
ਡੇਰਾ ਟਰੱਸਟ ਤੇ ਭਾਜਪਾ ਆਗੂਆਂ ਦਾ ਪੱਖ
ਇਸ ਵਿਵਾਦ ਦਰਮਿਆਨ ਡੇਰਾ ਬੱਲਾਂ ਟਰੱਸਟ ਦੇ ਸਾਬਕਾ ਜਨਰਲ ਸਕੱਤਰ ਸਤਪਾਲ ਵਿਰਦੀ ਨੇ ਡੇਰੇ ਅੰਦਰ ਕਿਸੇ ਵੀ ਤਰ੍ਹਾਂ ਦੀ ਧੜੇਬੰਦੀ ਜਾਂ ਸੰਤ ਨਿਰੰਜਨ ਦਾਸ ਜੀ ਨੂੰ ਸੰਗਤ ਨਾਲ ਨਾ ਮਿਲਣ ਦੇਣ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸੰਤ ਨਿਰੰਜਨ ਦਾਸ ਜੀ ਪੂਰੀ ਤਰ੍ਹਾਂ ਤੰਦਰੁਸਤ ਹਨ, ਨਿਯਮਿਤ ਤੌਰ ’ਤੇ ਸੰਗਤ ਨੂੰ ਮਿਲ ਰਹੇ ਹਨ ਅਤੇ ਡੇਰਾ ਪੂਰੀ ਤਰ੍ਹਾਂ ਗੈਰ-ਸਿਆਸੀ ਹੈ, ਜਿੱਥੇ ਹਰ ਪਾਰਟੀ ਦੇ ਆਗੂਆਂ ਦਾ ਸਤਿਕਾਰ ਕੀਤਾ ਜਾਂਦਾ ਹੈ।
ਦੂਜੇ ਪਾਸੇ, ਜ਼ਿਲ੍ਹਾ ਭਾਜਪਾ ਪ੍ਰਧਾਨ ਅਸ਼ੋਕ ਸਰੀਨ ਨੇ ਕਿਹਾ ਕਿ ਗੁਰੂ ਰਵਿਦਾਸ ਮਹਾਰਾਜ ਜੀ ਨੂੰ ਸਮਰਪਿਤ ‘ਸਮਰਸਤਾ ਯਾਤਰਾ’ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਯਾਤਰਾ ਸ਼ੁਰੂ ਕਰਨ ਵਾਲੀ ਥਾਂ ਦਾ ਅੰਤਿਮ ਫੈਸਲਾ ਜਲਦ ਹੀ ਲੈ ਲਿਆ ਜਾਵੇਗਾ। ‘ਆਪ’ ਸਰਕਾਰ ਵੱਲੋਂ ਦਬਾਅ ਬਣਾਉਣ ਦੇ ਸਵਾਲ ’ਤੇ ਸਰੀਨ ਨੇ ਕਿਹਾ ਕਿ ਭਾਜਪਾ ਨਾ ਕਦੇ ਡਰੀ ਹੈ ਅਤੇ ਨਾ ਹੀ ਡਰੇਗੀ। ਉਨ੍ਹਾਂ ਦੋਸ਼ ਲਾਇਆ ਕਿ ਵਿਰੋਧੀ ਪਾਰਟੀਆਂ ਭਾਜਪਾ ਦੇ ਵਧਦੇ ਆਧਾਰ ਤੋਂ ਘਬਰਾ ਗਈਆਂ ਹਨ, ਕਿਉਂਕਿ ਉਨ੍ਹਾਂ ਨੇ ਹੁਣ ਤੱਕ ਰਵਿਦਾਸੀਆ ਸਮਾਜ ਨੂੰ ਸਿਰਫ਼ ਵੋਟ ਬੈਂਕ ਵਜੋਂ ਵਰਤਿਆ ਹੈ, ਜਦਕਿ ਭਾਜਪਾ ਨੇ ਗੁਰੂ ਸਾਹਿਬ ਦੀ ਨਾਮ-ਲੇਵਾ ਸੰਗਤ ਦੀ ਭਲਾਈ ਲਈ ਠੋਸ ਕਦਮ ਚੁੱਕੇ ਹਨ।