7 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ 99 ਵਾਰਡਾਂ ਲਈ ਸ਼ਾਂਤਮਈ ਢੰਗ ਨਾਲ ਪੋਲਿੰਗ
ਜ਼ਿਲ੍ਹੇ ਦੀਆਂ 5 ਨਗਰ ਕੌਂਸਲਾਂ ਅਤੇ 2 ਨਗਰ ਪੰਚਾਇਤਾਂ ਦੇ 99 ਵਾਰਡਾਂ ਲਈ ਅੱਜ ਸ਼ਾਂਤੀਪੂਰਨ ਤਰੀਕੇ ਨਾਲ ਪੋਲਿੰਗ ਹੋਈ। ਵੋਟਿੰਗ ਲਈ ਕੁੱਲ 133 ਪੋਲਿੰਗ ਬੂਥ ਬਣਾਏ ਗਏ ਸਨ। ਸ਼ਾਂਤੀਪੂਰਵਕ ਵੋਟ ਪ੍ਰਕਿਰਿਆ ਨੇਪਰੇ ਚਾੜ੍ਹਨ ਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਲੰਧਰ ਵਰਜੀਤ ਵਾਲੀਆ ਨੇ ਚੋਣ ਅਮਲੇ ਦੀ ਸ਼ਲਾਘਾ ਕੀਤੀ।
Publish Date: Tue, 26 May 2026 09:18 PM (IST)
Updated Date: Tue, 26 May 2026 09:19 PM (IST)

ਚੰਦੀਪ ਭੱਲਾ, ਪੰਜਾਬੀ ਜਾਗਰਣ, ਜਲੰਧਰ : ਜ਼ਿਲ੍ਹੇ ਦੀਆਂ 5 ਨਗਰ ਕੌਂਸਲਾਂ ਅਤੇ 2 ਨਗਰ ਪੰਚਾਇਤਾਂ ਦੇ 99 ਵਾਰਡਾਂ ਲਈ ਅੱਜ ਸ਼ਾਂਤੀਪੂਰਨ ਤਰੀਕੇ ਨਾਲ ਪੋਲਿੰਗ ਹੋਈ। ਵੋਟਿੰਗ ਲਈ ਕੁੱਲ 133 ਪੋਲਿੰਗ ਬੂਥ ਬਣਾਏ ਗਏ ਸਨ। ਸ਼ਾਂਤੀਪੂਰਵਕ ਵੋਟ ਪ੍ਰਕਿਰਿਆ ਨੇਪਰੇ ਚਾੜ੍ਹਨ ਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਲੰਧਰ ਵਰਜੀਤ ਵਾਲੀਆ ਨੇ ਚੋਣ ਅਮਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਚੋਣ ਸਟਾਫ਼ ਵੱਲੋਂ ਮਿਹਨਤ ਅਤੇ ਤਨਦੇਹੀ ਨਾਲ ਨਿਭਾਈ ਡਿਊਟੀ ਸਦਕਾ ਜ਼ਿਲ੍ਹੇ ਵਿਚ ਪਾਰਦਰਸ਼ੀ ਅਤੇ ਨਿਰਪੱਖ ਪੋਲਿੰਗ ਮੁਕੰਮਲ ਹੋਈ। ਉਨ੍ਹਾਂ ਵੋਟਰਾਂ ਦਾ ਧੰਨਵਾਦ ਪ੍ਰਗਟਾਉਂਦਿਆਂ ਕਿਹਾ ਕਿ ਜ਼ਿਲ੍ਹੇ ਦੇ ਸੂਝਵਾਨ ਵੋਟਰਾਂ ਦੀ ਬਦੌਲਤ ਵੋਟ ਪ੍ਰਕਿਰਿਆ ਅਮਨ-ਅਮਾਨ ਨਾਲ ਸਿਰੇ ਚੜ੍ਹੀ ਹੈ। ਵਾਲੀਆ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ 29 ਮਈ ਨੂੰ ਹੋਵੇਗੀ, ਜਿਸ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 5 ਨਗਰ ਕੌਂਸਲਾਂ ਅਤੇ 2 ਨਗਰ ਪੰਚਾਇਤਾਂ ਦੇ 99 ਵਾਰਡਾਂ ਲਈ 341 ਉਮੀਦਵਾਰ ਚੋਣਾਂ ਲੜ ਰਹੇ ਹਨ। ਨਗਰ ਕੌਂਸਲ ਆਦਮਪੁਰ ਦੇ 13 ਵਾਰਡਾਂ ਲਈ 44, ਨਗਰ ਕੌਂਸਲ ਕਰਤਾਰਪੁਰ ਦੇ 15 ਵਾਰਡਾਂ ਲਈ 50, ਨਕੋਦਰ ਦੇ 17 ਵਾਰਡਾਂ ਲਈ 55, ਨੂਰਮਹਿਲ ਦੇ 13 ਵਾਰਡਾਂ ਲਈ 41, ਫਿਲੌਰ ਦੇ 15 ਵਾਰਡਾਂ ਲਈ 57, ਨਗਰ ਪੰਚਾਇਤ ਮਹਿਤਪੁਰ ਤੇ ਲੋਹੀਆਂ ਖਾਸ ਦੇ 13-13 ਵਾਰਡਾਂ ਲਈ 47-47 ਉਮੀਦਵਾਰਾਂ ਲਈ ਅੱਜ ਵੋਟਾਂ ਪਈਆਂ ਹਨ।