- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੂਨ ਵਰਲਡ ਸਕੂਲ ਵਿਖੇ ਸ਼ਰਧਾ-ਭਾਵਨਾ ਨਾਲ ਮਨਾਇਆ ਪ੍ਰਕਾਸ਼ ਪੁਰਬ

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ: ਦੂਨ ਵਰਲਡ ਸਕੂਲ ਮਲਸੀਆਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਮੌਕੇ ਸਕੂਲ ’ਚ ਵਿਸ਼ੇਸ਼ ਸਭਾ ਦੌਰਾਨ ਵਿਦਿਆਰਥੀਆਂ ਨੇ ਸ਼ਬਦ ਕੀਰਤਨ, ਕਵਿਤਾਵਾਂ ਅਤੇ ਧਾਰਮਿਕ ਪੇਸ਼ਕਾਰੀਆਂ ਰਾਹੀਂ ਗੁਰੂ ਸਾਹਿਬ ਦੇ ਜੀਵਨ, ਸਿੱਖਿਆਵਾਂ ਅਤੇ ਸਰਬੱਤ ਦੇ ਭਲੇ ਦੇ ਸੰਦੇਸ਼ ‘ਤੇ ਚਾਨਣਾ ਪਾਇਆ। ਵਿਦਿਆਰਥੀਆਂ ਵੱਲੋਂ ਸਕੂਲ ’ਚ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਬੱਚਿਆਂ ਨੇ ਨਾਮ ਸਿਮਰਨ ਕੀਤਾ ਤੇ ਗੁਰਬਾਣੀ ਦੇ ਪਵਿੱਤਰ ਸੰਦੇਸ਼ ਦਾ ਗੁਣਗਾਨ ਕੀਤਾ। ਇਸ ਉਪਰਾਲੇ ਰਾਹੀਂ ਵਿਦਿਆਰਥੀਆਂ ਨੂੰ ਸਿੱਖ ਧਰਮ ਦੀਆਂ ਪਰੰਪਰਾਵਾਂ, ਗੁਰਮਤਿ ਸਿਧਾਂਤਾਂ ਤੇ ਅਮੀਰ ਧਾਰਮਿਕ ਵਿਰਸੇ ਨਾਲ ਜੋੜਿਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਮਾਲੂਪੁਰ, ਮਹਿਮੂਵਾਲ ਤੋਂ ਸਜਾਇਆ ਨਗਰ ਕੀਰਤਨ ਵੀ ਸਕੂਲ ਵਿਖੇ ਪਹੁੰਚਿਆ। ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੇ ਸਵਾਗਤ ਕੀਤਾ ਤੇ ਰਸਭਿੰਨੇ ਸ਼ਬਦ ਕੀਰਤਨ ਦਾ ਆਨੰਦ ਮਾਣਦਿਆਂ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਸਮਾਗਮ ਦੌਰਾਨ ਬੱਚਿਆਂ ਨੂੰ ਜਾਤ-ਪਾਤ, ਊਚ-ਨੀਚ ਅਤੇ ਭੇਦਭਾਵ ਤੋਂ ਉੱਪਰ ਉੱਠ ਕੇ ਸਾਰਿਆਂ ਨਾਲ ਪਿਆਰ ਤੇ ਬਰਾਬਰੀ ਦਾ ਵਿਹਾਰ ਕਰਨ ਦੀ ਪ੍ਰੇਰਨਾ ਦਿੱਤੀ ਗਈ। ਐੱਮਡੀ ਜਸਵੰਤ ਸਿੰਘ ਦਾਨੀਆ ਨੇ ਸਮੂਹ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਮੂਹ ਧਰਮਾਂ ਦੇ ਸਾਂਝੇ ਰਹਿਬਰ ਹਨ। ਪ੍ਰਿੰਸੀਪਲ ਅਰਸ਼ਦੀਪ ਕੌਰ ਘੁੰਮਣ ਨੇ ਗੁਰੂ ਨਾਨਕ ਦੇਵ ਜੀ ਦੇ ਮਹਾਨ ਸਿਧਾਂਤ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਨੂੰ ਆਪਣੇ ਜੀਵਨ ਦਾ ਆਧਾਰ ਬਣਾਉਣ ਲਈ ਪ੍ਰੇਰਿਤ ਕੀਤਾ।