ਕੁਲਵਿੰਦਰ ਸਿੰਘ, ਜਲੰਧਰ : ਕੇਂਦਰ ਸਰਕਾਰ ਵਲੋਂ ਕਿਸਾਨਾਂ ਦੇ ਹਿੱਤਾਂ ਲਈ ਪਾਸ ਕੀਤੇ ਕਾਨੂੰਨ ਲਾਹੇਵੰਦ ਸਾਬਤ ਹੋਣਗੇ। ਇਸ ਗੱਲ ਦਾ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਨੇਤਾ ਅਵਿਨਾਸ ਰਾਏ ਖੰਨਾ ਨੇ ਜਲੰਧਰ ਵਿਖੇ ਕੀਤੀ ਪ੍ਰਰੈੱਸ ਕਾਨਫਰੰਸ ਦੌਰਾਨ ਕੀਤਾ। ਮੋਦੀ ਸਰਕਾਰ ਵਲੋਂ ਲਿਆਂਦੇ ਤਿੰਨ ਕਾਨੂੰਨਾਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਇਸ ਨਾਲ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਸਹੀ ਮੁੱਲ ਮਿਲੇਗਾ ਅਤੇ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ। ਉਨ੍ਹਾਂ ਇਸ ਮਾਮਲੇ ਨੂੰ ਸਪੱਸ਼ਟ ਕਰਦੇ ਹੋਏ ਕਿਹਾ ਕਿ ਕਾਂਗਰਸ ਅਤੇ ਹੋਰ ਪਾਰਟੀਆਂ ਦੇ ਨੇਤਾ ਗੁੰਮਰਾਹਕੁੰਨ ਤੇ ਗਲਤ ਬਿਆਨਬਾਜ਼ੀ ਕਰ ਰਹੇ ਹਨ। ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਕਾਨੂੰਨਾਂ ਵਿੱਚ ਕਿਸਾਨਾਂ ਦੀ ਫਸਲ ਦੇ ਘੱਟੋ ਘੱਟ ਸਮਰਥਨ ਮੁੱਲ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ ਅਤੇ ਨਾ ਹੀ ਕੀਤੀ ਜਾਵੇਗੀ ਉਨ੍ਹਾਂ ਕਿਹਾ ਕਿ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਆਉਣ ਤੋਂ ਬਾਅਦ ਡਾਕਟਰ ਮਨਮੋਹਨ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ 10 ਸਾਲ ਸੱਤਾ ਵਿੱਚ ਰਹੀ, ਪਰ ਕਾਂਗਰਸ ਨੇ ਇਸ ਨੂੰ ਲਾਗੂ ਨਹੀਂ ਕੀਤਾ। ਮੋਦੀ ਸਰਕਾਰ ਨੇ ਸਵਾਮੀਨਾਥਨ ਰਿਪੋਰਟ ਦੀ ਮਹੱਤਵਪੂਰਣ ਸਿਫਾਰਸ਼ ਨੂੰ ਲਾਗਤ ਮੁੱਲ ਨਾਲ ਜੋੜ ਕੇ ਲਾਗੂ ਕੀਤਾ ਹੈ ਉਨ੍ਹਾਂ ਕਿਹਾ ਕਿ ਕੇਂਦਰੀ ਖੇਤੀਬਾੜੀ ਮੰਤਰੀ ਨੇ ਹਾਲ ਹੀ ਵਿਚ ਹੋਈ ਪੰਜਾਬ ਵਰਚੁਅਲ ਰੈਲੀ ਵਿਚ ਬਹੁਤ ਜੋਰ ਸ਼ੋਰ ਨਾਲ ਐਲਾਨ ਕੀਤਾ ਹੈ ਕਿ ਐੱਮਐੱਸਪੀ ਸੀ, ਐੱਮਐੱਸਪੀ ਹੈ ਤੇ ਐੱਮਐੱਸਪੀ ਰਹੇਗੀ, ਕਿਸੇ ਨੂੰ ਇਸ ਦੀ ਚਿੰਤਾ ਨਹੀਂ ਕਰਨੀ ਚਾਹੀਦੀ। ਭਾਰਤੀ ਜਨਤਾ ਪਾਰਟੀ ਐੱਮਐੱਸਪੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੰਘੀ ਢਾਂਚੇ ਦੇ ਦੁਹਾਈ ਦੇਣ ਵਾਲੀ ਕਾਂਗਰਸ ਨੇ ਹੀ ਸਭ ਤੋਂ ਵੱਧ ਸੰਘੀ ਢਾਂਚੇ ਨੂੰ ਨੁਕਸਾਨ ਪਹੁੰਚਾਇਆ ਹੈ। ਕਾਂਗਰਸ 'ਤੇ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਜਿਸ ਨੇ ਦੇਸ਼ ਵਿਚ ਐਮਰਜੈਂਸੀ ਲਗਾਈ ਸੀ ਤੇ ਧਾਰਾ 356 ਦੀ ਦੁਰਵਰਤੋਂ ਕਰਕੇ ਸੂਬਾ ਸਰਕਾਰਾਂ ਨੂੰ ਬਰਖਾਸਤ ਕਰ ਦਿੱਤਾ ਸੀ ਅਤੇ ਅੱਜ ਕਾਂਗਰਸ ਨੂੰ ਸੰਘੀ ਢਾਂਚੇ ਦੀ ਗੱਲ ਕਰਨਾ ਸ਼ੋਭਾ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਸੂਬਾ ਸਰਕਾਰਾਂ ਦੇ ਟੈਕਸਾਂ ਦੀ ਹਿੱਸੇਦਾਰੀ ਵਧਾ ਕੇ 40 ਫ਼ੀਸਦੀ ਕਰ ਦਿੱਤੀ ਹੈ। ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਵਿਰੋਧ ਕਰਨ ਵਾਲੇ ਨੇਤਾਵਾਂ ਨੂੰ ਪਹਿਲਾਂ ਕੇਂਦਰ ਵਲੋਂ ਪਾਸ ਕੀਤੇ ਕਾਨੂੰਨਾਂ ਬਾਰੇ ਚੰਗੀ ਤਰਾਂ ਪੜ੍ਹ ਲੈਣਾ ਚਾਹੀਦਾ ਹੈ ਤੇ ਫਿਰ ਇਸ ਬਾਰੇ ਬਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਤਿੰਨ ਕਾਨੂੰਨਾਂ ਦੀਆਂ ਜ਼ਿਆਦਾਤਰ ਧਾਰਾਵਾਂ ਇਸ ਦੇ ਮੰਡੀ ਐਕਟ ਨੂੰ 2017 'ਚ ਸੋਧ ਕਰਕੇ ਸਰਕਾਰ ਪੰਜਾਬ 'ਚ ਪਹਿਲਾਂ ਤੋਂ ਹੀ ਲਾਗੂ ਕਰ ਚੁੱਕੀ ਹੈ, ਇਸ ਲਈ ਹੁਣ ਇਸ ਦਾ ਸਿਆਸੀਕਰਨ ਕਰਕੇ ਕਿਸਾਨਾਂ ਨੂੰ ਗੁੰਮਰਾਹ ਨਾ ਕੀਤਾ ਜਾਵੇ। ਉਨ੍ਹਾਂ ਮੁੱਖ ਮੰਤਰੀ ਅਮਰਿੰਦਰ ਸਿੰਘ ਸਮੇਤ ਸਾਰੇ ਨੇਤਾਵਾਂ ਨੂੰ ਰਾਜਨੀਤਿਕ ਮੰਤਵ ਤੋਂ ਉੱਪਰ ਉੱਠ ਕੇ ਇਨ੍ਹਾਂ ਕਾਨੂੰਨਾਂ ਦਾ ਸਮਰਥਨ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਜਲਦ ਹੀ ਕਿਸਾਨਾਂ ਨੂੰ ਇਸ ਬਾਰੇ ਜਾਗਰੂਕ ਕਰਨ ਲਈ ਇੱਕ ਮੁਹਿੰਮ ਸ਼ੁਰੂ ਕਰੇਗੀ ਤੇ ਪਾਰਟੀ ਵਰਕਰ ਪਿੰਡ-ਪਿੰਡ ਜਾਣਗੇ ਤੇ ਕਿਸਾਨਾਂ ਨੂੰ ਇਸ ਬਾਰੇ ਜਾਣਕਾਰੀ ਦੇਣਗੇ। ਇਸ ਮੌਕੇ ਕਰਨ ਪਾਲ ਸਿੰਘ ਗੋਲਡੀ, ਸੁਸ਼ੀਲ ਸ਼ਰਮਾ ਜ਼ਿਲ੍ਹਾ ਪ੍ਰਧਾਨ ਭਾਜਪਾ ਜਲੰਧਰ (ਸ਼ਹਿਰੀ), ਅਮਰਜੀਤ ਸਿੰਘ ਅਮਰੀ ਜਿਲ੍ਹਾ ਪ੍ਰਧਾਨ ਭਾਜਪਾ ਜਲੰਧਰ(ਉੱਤਰੀ), ਸੁਦਰਸ਼ਨ ਸੋਬਤੀ, ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਭਾਜਪਾ ਦੇ ਪ੍ਰਦੇਸ਼ ਮੀਤ ਪ੍ਰਧਾਨ ਰਾਕੇਸ਼ ਰਾਠੌਰ, ਕਿ੍ਸ਼ਨਦੇਵ ਭੰਡਾਰੀ, ਮਹਿੰਦਰ ਭਗਤ, ਵਿਨੋਦ ਸ਼ਰਮਾ ਸੂਬਾ ਸਕੱਤਰ ਅਨਿਲ ਸੱਚਰ, ਸੁਨੀਲ ਜੋਤੀ, ਜਵਾਹਰ ਖੁਰਾਣਾ, ਸਾਬਕਾ ਜਿਲ੍ਹਾ ਪ੍ਰਧਾਨ ਰਮਨ ਪੱਬੀ, ਰਾਜੂ ਮਾਗ, ਰਾਜੀਵ ਆਦਿ ਹਾਜ਼ਰ ਸਨ।