ਪੰਜਾਬੀ ਮਾਂ-ਬੋਲੀ ਨਾਲ ਜੁੜੇ ਨੌਜਵਾਨ ਪੀੜ੍ਹੀ : ਦਾਨੀਆ ਨਵੀਂ ਪੀੜ੍ਹੀ ਨੂੰ ਪੰਜਾਬੀ ਮਾਂ-ਬੋਲੀ ਨਾਲ ਜੋੜਨਾ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ- ਦਾਨੀਆ
Publish Date: Wed, 23 Sep 2026 08:34 PM (IST)
Updated Date: Wed, 23 Sep 2026 08:36 PM (IST)
ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਸ਼ਾਹਕੋਟ : ਮਲਸੀਆਂ-ਲੋਹੀਆਂ ਰੋਡ ’ਤੇ ਸਥਿਤ ਦੂਨ ਵਰਲਡ ਸਕੂਲ ਵਿਖੇ ਵਿਸ਼ਵ ਪੰਜਾਬੀ ਦਿਵਸ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਿੱਚ ਪੰਜਾਬੀ ਭਾਸ਼ਾ ਪ੍ਰਤੀ ਪਿਆਰ, ਸਤਿਕਾਰ ਅਤੇ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਗਤੀਵਿਧੀਆ ਤੇ ਵਿਸ਼ੇਸ਼ ਅਸੈਂਬਲੀ ਕਰਵਾਈ ਗਈ। ਜਿਸ ਰਾਹੀਂ ਵਿਦਿਆਰਥੀਆਂ ਨੂੰ ਆਪਣੀ ਮਾਂ-ਬੋਲੀ ਨਾਲ ਜੁੜਨ, ਇਸ ਦਾ ਮਾਣ ਕਰਨ ਅਤੇ ਪੰਜਾਬੀ ਭਾਸ਼ਾ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਮੈਨੇਜਿੰਗ ਡਾਇਰੈਕਟਰ ਜਸਵੰਤ ਸਿੰਘ ਦਾਨੀਆ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬੀ ਸਾਡੀ ਮਾਂ-ਬੋਲੀ, ਸਾਡੀ ਪਹਿਚਾਣ ਅਤੇ ਸਾਡੇ ਅਮੀਰ ਵਿਰਸੇ ਦੀ ਨਿਸ਼ਾਨੀ ਹੈ। ਨਵੀਂ ਪੀੜ੍ਹੀ ਨੂੰ ਆਪਣੀ ਮਾਂ-ਬੋਲੀ ਨਾਲ ਜੋੜਨਾ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਦਾ ਸਤਿਕਾਰ ਕਰਨ ਅਤੇ ਇਸ ਨੂੰ ਪੜ੍ਹਨ, ਲਿਖਣ ਤੇ ਬੋਲਣ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ‘ਮੇਰੀ ਪੰਜਾਬੀ—ਮੇਰਾ ਮਾਣ’ ਮੁਹਿੰਮ ਨਾਲ ਸਬੰਧਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ ਦੀ ਮਹੱਤਤਾ ਅਤੇ ਇਸ ਦੀ ਸੰਭਾਲ ਦਾ ਸੰਦੇਸ਼ ਦਿੰਦੇ ਹੋਏ ਸੁੰਦਰ ਅਤੇ ਰਚਨਾਤਮਕ ਪੋਸਟਰ ਤਿਆਰ ਕੀਤੇ। ਸਕੂਲ ਦੀ ਡਾਇਰੈਕਟਰ ਸੁਰਿੰਦਰਜੀਤ ਕੌਰ ਨੇ ਕਿਹਾ ਕਿ ਸਕੂਲ ਵਿੱਚ ਵਿਦਿਆਰਥੀਆਂ ਨੂੰ ਪੜ੍ਹਾਈ ਵਿੱਚ ਮਜ਼ਬੂਤ ਬਣਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਚੰਗੇ ਇਨਸਾਨ ਬਣਾਉਣ ਲਈ ਨੈਤਿਕ ਕਦਰਾਂ-ਕੀਮਤਾਂ ’ਤੇ ਵੀ ਵਿਸ਼ੇਸ਼ ਜ਼ੋਰ ਦਿੱਤਾ ਜਾਂਦਾ ਹੈ। ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਹੀ ਸਿੱਖਿਆ ਦਾ ਮੁੱਖ ਉਦੇਸ਼ ਹੈ, ਉਨ੍ਹਾਂ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਦਾ ਸਤਿਕਾਰ ਕਰਨ ਅਤੇ ਆਪਣੇ ਰੋਜ਼ਾਨਾ ਜੀਵਨ ਵਿੱਚ ਇਸ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ।