- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਵਿਧਾਨ ਦੀ ਰੱਖਿਆ ਕਰਨਾ ਹਰ ਨਾਗਰਿਕ ਦੀ ਜ਼ਿੰਮੇਵਾਰੀ: ਦੀਪਕ ਰਸੂਲਪੁਰ

--ਸੈਂਕੜੇ ਸਾਥੀਆਂ ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ’ਤੇ ਫੁੱਲ ਭੇਟ ਕਰਕੇ ਦਿੱਤੀ ਸ਼ਰਧਾਂਜਲੀ
ਨਵਦੀਪ ਸਿੰਘ ਪਟਵਾਲੀਆ, ਪੰਜਾਬੀ ਜਾਗਰਣ, ਫਿਲੌਰ : ਸੰਵਿਧਾਨ ਦਿਵਸ ਮੌਕੇ ਅੰਬੇਡਕਰ ਸੈਨਾ ਵੱਲੋਂ ਫਿਲੌਰ ਵਿਖੇ ਸਮਾਗਮ ਕਰਵਾਇਆ ਗਿਆ। ਸੈਨਾ ਦੇ ਪ੍ਰਧਾਨ ਦੀਪਕ ਰਸੂਲਪੁਰ ਦੀ ਅਗਵਾਈ ਹੇਠ ਸੈਂਕੜੇ ਸਾਥੀਆਂ ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ’ਤੇ ਫੁੱਲ ਭੇਟ ਕੀਤੇ। ਇਸ ਮੌਕੇ ਲੱਡੂ ਵੰਡ ਕੇ ਖੁਸ਼ੀ ਵੀ ਸਾਂਝੀ ਕੀਤੀ ਗਈ।
ਸਮਾਗਮ ਦੌਰਾਨ ਬੁਲਾਰਿਆਂ ਨੇ ਕਿਹਾ ਕਿ 26 ਨਵੰਬਰ 1949 ਨੂੰ ਭਾਰਤੀ ਸੰਵਿਧਾਨ ਅਪਣਾਇਆ ਗਿਆ ਸੀ, ਜੋ 26 ਜਨਵਰੀ 1950 ਨੂੰ ਲਾਗੂ ਹੋਇਆ। ਸੰਵਿਧਾਨ ਹਰ ਨਾਗਰਿਕ ਨੂੰ ਬਰਾਬਰੀ, ਆਜ਼ਾਦੀ ਅਤੇ ਨਿਆਂ ਦੇ ਅਧਿਕਾਰ ਪ੍ਰਦਾਨ ਕਰਦਾ ਹੈ। ਬਾਬਾ ਸਾਹਿਬ ਦਾ ਜੀਵਨ ਸੰਘਰਸ਼, ਸਿੱਖਿਆ ਪ੍ਰਤੀ ਸਮਰਪਣ ਅਤੇ ਸਮਾਜਿਕ ਬਰਾਬਰੀ ਲਈ ਉਨ੍ਹਾਂ ਦੀ ਲੜਾਈ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਸਰੋਤ ਹੈ। ਰਸੂਲਪੁਰ ਨੇ ਕਿਹਾ ਕਿ ਸੰਵਿਧਾਨ ਦੀ ਰੱਖਿਆ ਕਰਨਾ ਦੇਸ਼ ਦੇ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਨੌਜਵਾਨਾਂ ਨੂੰ ਬਾਬਾ ਸਾਹਿਬ ਦੀ ਵਿਚਾਰਧਾਰਾ ਅਤੇ ਸੰਵਿਧਾਨ ਵਿੱਚ ਦਰਜ ਅਧਿਕਾਰਾਂ ਬਾਰੇ ਜਾਗਰੂਕ ਹੋਣ ਦਾ ਸੱਦਾ ਦਿੱਤਾ। ਸਮਾਗਮ ਦੇ ਅੰਤ ਵਿੱਚ ਦੇਸ਼ ਵਾਸੀਆਂ ਨੂੰ ਸੰਵਿਧਾਨ ਦਿਵਸ ਦੀਆਂ ਵਧਾਈਆਂ ਦਿੱਤੀਆਂ ਗਈਆਂ ਤੇ ‘ਜੈ ਭੀਮ, ਜੈ ਭਾਰਤ’ ਦੇ ਨਾਅਰਿਆਂ ਨਾਲ ਬਾਬਾ ਸਾਹਿਬ ਨੂੰ ਯਾਦ ਕੀਤਾ ਗਿਆ।